ਗੁਰਦਾਸਪੁਰ

ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਮਨੁੱਖ ਸਿਹਤ, ਵਾਤਾਵਰਣ ਲਈ ਹਾਨੀਕਾਰਕ : ਡਿਪਟੀ ਕਮਿਸਨਰ

ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਮਨੁੱਖ ਸਿਹਤ, ਵਾਤਾਵਰਣ ਲਈ ਹਾਨੀਕਾਰਕ : ਡਿਪਟੀ ਕਮਿਸਨਰ
  • PublishedOctober 7, 2020

ਰਾਲੀ ਪ੍ਰਬੰਧਨ ਲਈ ਕਈ ਤਰਾਂ ਦੇ ਮਸ਼ੀਨਰੀ ਹੱਲ ਸੰਭਵ

ਬਟਾਲਾ, 7 ਅਕਤੂਬਰ ( ਮੰਨਨ ਸੈਣੀ   ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾੳੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ, ਵਾਤਾਵਰਣ  ਦੇ ਨਾਲ-ਨਾਲ ਮਿਤਰ ਕੀੜਿਆਂ ਲਈ ਵੀ ਬਹੁਤ ਹਾਨੀਕਾਰਕ ਹੈ, ਜਿਸ ਨੂੰ ਰੋਕਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਉਨਾਂ ਦੱਸਿਆ ਕਿ ਖੇਤੀ ਵਿਭਾਗ ਵਲੋਂ ਇਸ ਸਬੰਧੀ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਜਲਾਉਣ ਦੀ ਰੋਕਥਾਮ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਪਿੰਡਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ਜੋ ਕਿ ਐਸੇ ਮਾਮਲਿਆਂ ਦੀ ਰੋਕਥਾਮ ਵਿੱਚ ਅਹਿਮ ਭੂਮਿਕਾ  ਨਿਭਾਉਣਗੇ। ਉਨਾਂ ਦੱਸਿਆ ਕਿ ਇਨਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਸਿਰਫ ਸੁਪਰ ਐਸ.ਐਮ.ਐਸ ਸਿਸਟਮ ਵਾਲੀ ਕੰਬਾਇਨਾਂ ਨੂੰ ਹੀ ਚੱਲਣ ਦਿੱਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਭਲਾਈ ਵਿਭਾਗ ਵਲੋਂ ਪਿੰਡਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਬੇਲਰ ਮਸ਼ੀਨ ਬਹੁਤ ਕਾਰਗਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੇਲਰ ਮਸ਼ੀਨ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਰੋਕ ਕੇ ਨਾਲ ਇਕੱਠੀ ਕਰਕੇ ਚਲਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਗੰਢਾਂ ਨੂੰ ਪਾਵਰ ਪਲਾਂਟ ਦੇ ਪ੍ਰਯੋਗ ਵਿੱਚ ਲਿਆਂਦਾ ਜਾ ਸਕਦਾ ਹੈ ਜਾਂ ਕਿਸੇ ਗੱਤਾ ਫੈਕਟਰੀ ਵਿੱਚ ਇਸਦੀ ਖਪਤ ਹੋ ਸਕਦੀ ਹੈ। ਉਨਾਂ ਦੱਸਿਆ ਕਿ ਇਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ’ਤੇ ਨਕੇਲ ਕੱਸੀ ਜਾ ਸਕਦੀ ਹੈ, ਜਿਸ ਨਾਲ ਵਾਤਾਵਰਣ ਵਿੱਚ ਜਹਿਰੀਲੀਆਂ ਗੈਸਾਂ, ਧੂੰਆਂ ਆਦਿ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂਆਂ ਦੀ ਦਿੱਤੀ ਸਿਖਿਆਵਾਂ ਨੂੰ ਅਪਣਾ ਕੇ ਆਪਣੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਕੇ ਮਨੁੱਖੀ ਅਤੇ ਵਾਤਾਵਰਣ ਹਿਤੈਸ਼ੀ ਸੋਚ ਨੂੰ ਅਪਣਾਉਣਾ ਚਾਹੀਦਾ ਹੈ।

Written By
The Punjab Wire