CORONA ਗੁਰਦਾਸਪੁਰ ਪੰਜਾਬ

ਸਰਕਾਰੀ ਭਾਅ ’ਤੇ ਕੱਟ ਲਗਾਉਣ ਵਾਲੇ ਆੜ੍ਹਤੀਏ ਤੇ ਖਰੀਦ ਏਜੰਸੀ ਦੇ ਇੰਸਪੈਕਟਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡੀ.ਸੀ ਇਸ਼ਫ਼ਾਕ

ਸਰਕਾਰੀ ਭਾਅ ’ਤੇ ਕੱਟ ਲਗਾਉਣ ਵਾਲੇ ਆੜ੍ਹਤੀਏ ਤੇ ਖਰੀਦ ਏਜੰਸੀ ਦੇ ਇੰਸਪੈਕਟਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡੀ.ਸੀ ਇਸ਼ਫ਼ਾਕ
  • PublishedOctober 9, 2020

ਡਿਪਟੀ ਕਮਿਸ਼ਨਰ ਨੇ ਬਟਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ

ਬਟਾਲਾ, 9 ਅਕਤੂਬਰ ( ਮੰਨਨ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਬਟਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲੈਂਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਨਾਲ ਗੱਲ ਕਰਕੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇੱਕ ਕਿਸਾਨ ਵਲੋਂ ਜਦੋਂ ਡਿਪਟੀ ਕਮਿਸ਼ਨਰ ਨੂੰ ਇਹ ਸ਼ਿਕਾਇਤ ਕੀਤੀ ਗਈ ਕਿ ਆੜ੍ਹਤੀਆ ਤੇ ਖਰੀਦ ਏਜੰਸੀ ਦਾ ਇੰਸਪੈਕਟਰ ਉਸ ਨੂੰ ਨਿਰਧਾਰਤ ਰੇਟ ’ਤੇ ਕੱਟ ਲਗਾ ਕੇ ਘੱਟ ਕੀਮਤ ਦੇ ਰਹੇ ਹਨ ਤਾਂ ਉਨ੍ਹਾਂ ਇਸ ਦਾ ਸਖਤ ਨੋਟਿਸ਼ ਲੈਂਦਿਆਂ ਮਾਰਕਿਟ ਕਮੇਟੀ ਦੇ ਸਕੱਤਰ ਨੂੰ ਕਿਸਾਨ ਦੇ ਬਿਆਨ ਲੈ ਕੇ ਸਬੰਧਤ ਆੜ੍ਹਤੀਏ ਤੇ ਇੰਸਪੈਕਟਰ ਖਿਲਾਫ ਕਾਰਵਾਈ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀ ਕਾਲਾਬਜ਼ਾਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਕੋਈ ਖਰੀਦ ਏਜੰਸੀ ਦਾ ਇੰਸਪੈਕਟਰ ਜਾਂ ਆੜ੍ਹਤੀਆ ਉਨ੍ਹਾਂ ਦੀ ਫਸਲ ਸਰਕਾਰੀ ਰੇਟ ਤੋਂ ਘੱਟ ਖਰੀਦ ਦਾ ਹੈ ਤਾਂ ਇਸ ਦੀ ਸ਼ਿਕਾਇਤ ਮਾਰਕਿਟ ਕਮੇਟੀ ਦਫ਼ਤਰ ਜਾਂ ਉਨ੍ਹਾਂ ਨੂੰ ਕੀਤੀ ਜਾਵੇ। ਉਨ੍ਹਾਂ ਮੰਡੀ ਅਫ਼ਸਰ ਸਮੇਤ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਭਾਅ ਦਿੱਤਾ ਜਾਵੇ ਅਤੇ ਜੇਕਰ ਕੋਈ ਅਜਿਹੀ ਸ਼ਿਕਾਇਤ ਮਿਲੀ ਤਾਂ ਸਖਤ ਐਕਸ਼ਨ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਪੂਰੀ ਤਰ੍ਹਾਂ ਪੱਕਣ ’ਤੇ ਹੀ ਵਢਾਉਣ ਅਤੇ ਪੱਕਿਆ ਹੋਇਆ ਝੋਨਾ ਹੀ ਮੰਡੀ ਵਿੱਚ ਵੇਚਣ ਲਈ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਫਸਲ ਵੇਚਣ ਤੋਂ ਬਾਅਦ ਆੜ੍ਹਤੀਏ ਕੋਲੋਂ ਜੇ ਫਾਰਮ ਜਰੂਰ ਲਿਆ ਜਾਵੇ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

Written By
The Punjab Wire