ਬਟਾਲਾ, 9 ਅਕਤੂਬਰ ( ਮੰਨਨ ਸੈਣੀ ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਇਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ, ਐਕਸੀਅਨ ਭਾਟੀਆ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਦਵਿੰਦਰਪਾਲ ਸਿੰਘ, ਐੱਸ.ਡੀ.ਓ. ਸੀਵਰੇਜ ਬੋਰਡ ਗੁਰਜਿੰਦਰ ਸਿੰਘ, ਐੱਸ.ਡੀ.ਓ. ਕਲਸੀ, ਸੁਪਰਡੈਂਟ ਨਿਰਮਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬਟਾਲਾ ਸ਼ਹਿਰ ਵਿੱਚੋਂ ਲੰਘਦੇ ਹੰਸਲੀ ਨਾਲੇ ਉੱਪਰ ਬਣ ਰਹੇ ਪੁੱਲਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਦੋਵਾਂ ਪੁੱਲਾਂ ਨੂੰ ਮੁਕੰਮਲ ਕਰਨ ਲਈ ਕੰਮ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸਿਟੀ ਰੋਡ ਵਾਲਾ ਪੁੱਲ ਦੀਵਾਲੀ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸ਼ਹਿਰ ਵਿੱਚ ਪੈ ਰਹੇ ਸੀਵਰੇਜ ਦਾ ਜਾਇਜਾ ਵੀ ਲਿਆ ਅਤੇ ਵਿਸ਼ੇਸ਼ ਤੌਰ ‘ਤੇ ਅਨਾਰਕਲੀ ਰੋਡ ‘ਤੇ ਪਹੁੰਚ ਕੇ ਸੜਕ ਦੇ ਨਿਰਮਾਣ ਨੂੰ ਦੇਖਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਵਿਕਾਸ ਕਾਰਜ ਮੌਕੇ ‘ਤੇ ਹਾਜ਼ਰ ਰਹਿ ਕੇ ਕੰਮ ਕਰਵਾਉਣ ਅਤੇ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਭੰਡਾਰੀ ਗੇਟ ਦੇ ਬਾਹਰਵਾਰ ਕੂੜੇ ਦੇ ਨਿਪਟਾਰੇ ਲਈ ਬਣੀਆਂ ਕੰਪੋਸਟ ਪਿੱਟਾਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਬਟਾਲਾ ਸ਼ਹਿਰ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਿਆ ਕਰਨ ਤਾਂ ਜੋ ਗਿੱਲੇ ਕੂੜੇ ਨੂੰ ਕੰਪੋਸਟ ਅਤੇ ਸੁੱਕੇ ਕੂੜੇ ਨੂੰ ਰੀਸਾਈਕਲ ਕੀਤਾ ਜਾ ਸਕੇ।
ਬਟਾਲਾ ਫੇਰੀ ਦੌਰਾਨ ਉਨ੍ਹਾਂ ਸ੍ਰੀ ਬਾਵਾ ਲਾਲ ਜੀ ਚੈਰੀਟੇਬਲ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਇਸ ਹਸਪਤਾਲ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਦੇਖਿਆ। ਉਨ੍ਹਾਂ ਹਸਪਤਾਲ ਦੇ ਪ੍ਰਬੰਧਕਾਂ ਨੂੰ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਪੇਸ਼ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਵੱਧ ਤੋਂ ਵੱਧ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੀ ਜਾਗਰੂਕ ਵੀ ਕਰਨ। ਉਨ੍ਹਾਂ ਹਸਪਤਾਲ ਵਿੱਚ ਬਣੇ ਨਵੇਂ ਅਲਟਰਾਸਾਊਂਡ ਯੂਨਿਟ ਦਾ ਉਦਘਾਟਨ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਜਲਦ ਹੀ ਇਨ੍ਹਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਬਟਾਲਾ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਇਸਨੂੰ ਸਾਫ਼ ਰੱਖਣ ਲਈ ਸ਼ਹਿਰੀ ਵੀ ਆਪਣਾ ਯੋਗਦਾਨ ਪਾਉਣ।