ਪੰਜਾਬ ਪ੍ਰਾਪਤੀ ਸਰਵੇਖਣ, ਆਨ-ਲਾਈਨ ਬਿਹਤਰ ਪੜ੍ਹਾਈ ਲਈ ਕੀਤੇ ਉਪਰਾਲਿਆਂ ਅਤੇ ਸਹਾਇਕ ਸਮੱਗਰੀ ਬਾਰੇ ਕਰਵਾਇਆ ਜਾਵੇਗਾ ਮਾਪਿਆਂ ਨੂੰ ਜਾਣੂੰ
ਗੁਰਦਾਸਪੁਰ 31 ਅਕਤੂਬਰ । ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 2 ਅਤੇ 3 ਨਵੰਬਰ ਨੂੰ ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ ਪੜ੍ਹਦੇ 27.10 ਲੱਖ ਬੱਚਿਆਂ ਦੇ ਮਾਪਿਆਂ ਨਾਲ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਦੀਪ ਸਿੰਘ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਸੁਰਜੀਤਪਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਤੇ ਢਾਂਚਾਗਤ ਵਿਕਾਸ ਦੇ ਮੁਲਾਂਕਣ ਲਈ ਸਿੱਖਿਆ ਵਿਭਾਗ ਵੱਲੋਂ 11 ਨਵੰਬਰ ਤੋਂ ਪੰਜਾਬ ਪ੍ਰਾਪਤੀ ਸਰਵੇਖਣ (ਪੈਸ) ਸ਼ੁਰੂ ਹੋ ਰਿਹਾ ਹੈ।
ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਮਾਪਿਆਂ ਨੂੰ ਇਸ ਸਰਵੇਖਣ ਵਿੱਚ ਬੱਚਿਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨਾ ਇਸ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਮਕਸਦ ਹੋਵੇਗਾ। ਇਸਦੇ ਨਾਲ ਹੀ ਵਿਭਾਗ ਵੱਲੋਂ ਆਨ-ਲਾਈਨ ਭੇਜੀ ਗਈ ਸਹਾਇਕ ਸਮੱਗਰੀ ਦੀ ਵਰਤੋਂ ਕਰਕੇ ਵਿਦਿਆਰਥੀ ਪੈਸ ਦੀ ਵਧੀਆ ਤਿਆਰੀ ਕਰ ਸਕਣ ਅਤੇ ਪੜ੍ਹਾਈ ਨਾਲ ਸਬੰਧਿਤ ਹੋਰ ਪੱਖਾਂ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ।
ਜਿਲ੍ਹਾ ਸਿੱਖਿਆ ਅਫਸਰਾਂ ਨੇ ਜਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਹ ਮੌਕਾ ਹੈ ਕਿ ਸਮੂਹ ਅਧਿਆਪਕ ਅਤੇ ਸਕੂਲ ਮੁਖੀ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਇਹਨਾਂ ਨੂੰ ਉਤਸ਼ਾਹਿਤ ਅਤੇ ਜਾਗਰੂਕ ਕਰਕੇ ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਵੱਧ ਤੋਂ ਵੱਧ ਬੱਚਿਆਂ ਦੀ ਭਾਗੀਦਾਰੀ ਕਰਵਾਈ ਜਾ ਸਕਦੀ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਕ ਸਥਾਨਾਂ ਰਾਹੀਂ ਮੁਨਿਆਦੀ ਕਰਵਾਕੇ, ਸੋਸ਼ਲ਼ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਵਟਸਐਪ, ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰਕੇ, ਪੋਸਟਰ, ਆਡੀਓ-ਵੀਡੀਓ ਸੁਨੇਹੇ ਵਾਇਰਲ ਕਰਕੇ ਅਧਿਆਪਕ, ਸਕੂਲ ਮੁਖੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮਾਂ ਬੱਚਿਆਂ, ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਦੀ ਅਗਾਉਂ ਜਾਣਕਾਰੀ ਦੇਣ ਲਈ ਸੁਹਿਰਦ ਉਪਰਾਲੇ ਕਰਨ। ਉਹਨਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਸਮੇਂ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਇਸ ਸਬੰਧੀ ਨਿਰਦੇਸ਼ਕ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਮੂਹ ਸਿੱਖਿਆ ਅਧਿਕਾਰੀ, ਜ਼ਿਲ੍ਹਾ ਨੋਡਲ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ, ਡਾਇਟ ਪ੍ਰਿੰਸੀਪਲ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ ਅਤੇ ਸਕੂਲ ਮੁਖੀ ਆਪਣੇ ਅਧੀਨ ਪੈਂਦੇ ਸਕੂਲਾਂ ਦੇ ਅਧਿਆਪਕਾਂ ਨਾਲ ਮਾਪੇ-ਅਧਿਆਪਕ ਮਿਲਣੀ ਤੋਂ ਪਹਿਲਾਂ ਮੀਟਿੰਗਾਂ ਕਰਕੇ ਇਸ ਮਾਪੇ-ਅਧਿਆਪਕ ਮਿਲਣੀ ਦੇ ਉਦੇਸ਼ਾਂ ਦੀ ਪੂਰਤੀ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨਗੇ ਅਤੇ ਨਿਸ਼ਚਿਤ ਮਿਤੀ ਅਨੁਸਾਰ ਮਾਪੇ-ਅਧਿਆਪਕ ਮਿਲਣੀਆਂ ਵਿੱਚ ਰੈਂਡਮ ਪੱਧਰ ’ਤੇ ਭਾਗ ਵੀ ਲੈਣਗੇ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ਼ੁਰੇਸ਼ ਸੈਣੀ ਹਾਜ਼ਰ ਸਨ।