ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈਣ ਦੇ ਸਿਆਸੀ ਤੌਰ ’ਤੇ ਪ੍ਰੇਰਿਤ ਫੈਸਲੇ ਦੀ ਕੀਤੀ ਨਿਖੇਧੀ

ਕਿਹਾ ਕਿ ਮਜੀਠੀਆ ਦੀ ਸੁਰੱਖਿਆ ਇਸ ਕਰ ਕੇ ਵਾਪਸ ਲਈ ਗਈ ਕਿਉਂਕਿ ਅਕਾਲੀ ਦਲ ਕਿਸਾਨਾਂ ਨਾਲ ਡਟਿਆ ਤੇ ਪਾਰਟੀ ਨੇ ਕੇਂਦਰੀ ਖੇਤੀ ਕਾਨੂੰਨਾਂ ਅਤੇ ਪੰਜਾਬੀ ਨੂੰ ਜੰਮੂ ਕਸ਼ਮੀਰ ਵਿਚ ਸਰਕਾਰੀ ਭਾਸ਼ਾ ਦਾ ਦਰਜਾ ਨਾ ਦੇਣ ਦਾ ਵਿਰੋਧ ਕੀਤਾ

ਫੈਸਲਾ ਭਾਰਤੀ ਸਿਆਸਤ ਵਿਚ ਇਕ ਨਵੀਂ ਗਿਰਾਵਟ, ਅਕਾਲੀ ਦਲ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਡਰਨ ਵਾਲਾ ਨਹੀਂ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 20 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈਣ ਦੇ ਮਨਮਰਜ਼ੀਆਂ ਵਾਲੇ, ਤਾਨਾਸ਼ਾਹੀ ਤੇ ਸਿਆਸੀ ਤੋਂ ਪ੍ਰੇਰਿਤ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਇਸ ਕਰ ਕੇ ਵਾਪਸ ਲਈ ਗਈ ਹੈ ਕਿਉਂਕਿ ਅਕਾਲੀ ਦਲ ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਨਾਲ ਡੱਟ ਕੇ ਖੜ੍ਹਿਆ ਹੈ ਤੇ ਇਸਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਾ ਦਿੱਤੇ ਜਾਣ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸੰਸਦ ਵਿਚ ਕੇਂਦਰੀ ਖੇਤੀ ਬਿੱਲਾਂ ਦੇ ਖਿਲਾਫ ਵੋਟ ਪਾਈ ਤੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਵੀ ਦੇ ਦਿੱਤਾ ਤੇ ਕੌਮੀ ਜਮਹੂਰੀ ਗਠਜੋੜ (ਐਨ ਡੀ ਏ) ਵੀ ਛੱਡ ਦਿੱਤਾ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸ੍ਰੀ ਮਜੀਠੀਆ ਨੂੰ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਡਰਨ ਵਾਲਾ ਨਹੀਂ ਹੈ ਅਤੇ ਇਹ ਕੇਂਦਰੀ ਖੇਤੀ ਕਾਨੂੰਨਾਂ ਤੇ ਹੋਰ ਮਾਮਲਿਆਂ ਜਿਹਨਾਂ ਨੇ ਦੇਸ਼ ਦਾ ਸੰਘੀ ਢਾਂਚਾ ਕਮਜ਼ੋਰ ਕੀਤਾ ਜਾਂ ਇਹ ਪੰਜਾਬ ਵਿਰੋਧੀ ਫੈਸਲੇ ਹਨ, ਦੇ ਵਿਰੋਧ ਵਿਚ ਕਿਸਾਨਾਂ ਤੇ ਪੰਜਾਬੀਆਂ ਨਾਲ ਡਟਿਆ ਰਹੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਦਾ 100 ਸਾਲਾਂ ਦਾ ਸ਼ਾਨਾਮੱਤਾ ਇਤਿਹਾਸ ਹੈ ਕਿ ਇਹ ਕਿਸਾਨਾਂ, ਗਰੀਬਾਂ ਤੇ ਕਮਜ਼ੋਰ ਵਰਗਾਂ ਨਾਲ ਡੱਟ ਕੇ ਖੜ੍ਹਦਾ ਰਿਹਾ ਹੈ। ਇਹ ਕਦੇ ਵੀ ਇਸ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗਾ।

ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਉਹਨਾਂ ਨੂੰ 2010 ਵਿਚ ਉਦੋਂ ਜ਼ੈਡ ਪਲੱਸ ਸੁਰੱਖਿਆ ਦਿੱਤੀ ਗਈ ਸੀ ਜਦੋਂ ਯੂ ਪੀ ਏ ਸਰਕਾਰ ਸੀ ਤੇ ਇਹ ਸੁਰੱਖਿਆ ਖ਼ਤਰੇ ਨੂੰ ਧਿਆਨ ਵਿਚ ਰੱਖਦਿਆਂ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਉਸ ਵੇਲੇ ਮਾਮਲੇ ਲਈ ਪ੍ਰਵਾਨਗੀ ਗ੍ਰਹਿ ਮੰਤਰੀ ਪੀ ਚਿਦੰਬਰਮ ਨੇ ਦਿੱਤੀ ਸੀ ਜੋ ਕਿ ਸਿਰਫ ਭਰੋਸੇਯੋਗ ਰਿਪੋਰਟਾਂ ਦੇ ਆਧਾਰ ’ਤੇ ਸਖ਼ਤੀ ਨਾਲ ਫੈਸਲੇ ਲੈਣ ਦੇ ਮਾਹਿਰ ਸਨ। ਉਹਨਾਂ ਕਿਹਾ ਕਿ ਅਸੀਂ ਇਹ ਜਾਨਣਾ ਚਾਹੁੰਦੇ ਹਾਂ ਕਿ ਅਜਿਹਾ ਕੀ ਬਦਲ ਗਿਆ ਹੈ ਜਿਸ ਕਾਰਨ ਇਕ ਲਾਈਨ ਦੇ ਹੁਕਮ ਦੇ ਆਧਾਰ ’ਤੇ 10 ਸਾਲਾਂ ਤੋਂ ਮਿਲੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਉਹਨਾਂ ਕਿਹਾ ਕਿ ਮਜੀਠੀਆ ਪਾਕਿਸਤਾਨ ਆਧਾਰਿਤ ਦੇਸ਼ ਵਿਰੋਧੀ ਤਾਕਤਾਂ ਅਤੇ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਹਨ ਜਿਹਨਾਂ ਨੇ ਉਹਨਾਂ ਨੂੰ ਜਾਨੋਂ ਮਾਰਨ ਦੀਆਂ ਸ਼ਰ੍ਹੇਆਮ ਧਮਕੀਆਂ ਦਿੱਤੀਆਂ ਹਨ। ਵੁਹਨਾਂ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਖਾਸ ਤੌਰ ’ਤੇ ਮਾਝਾ ਇਲਾਕੇ ਵਿਚ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ ਵਿਚ ਅਤਿਵਾਦ ਨੂੰ ਸੁਰਜੀਤ ਕਰਨ ਲਈ ਪਾਕਿਸਤਾਨ ਦੀ ਆਈ ਐਸ ਆਈ ਦੀਆਂ ਸਰਗਰਮੀਆਂ ਦੀ ਚਰਚਾ ਕੀਤੀ ਸੀ। ਸ੍ਰੀ ਮਜੀਠੀਆ ਮਾਝਾ ਇਲਾਕੇ ਦੇ ਆਗੂ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨਾਂ ਵਿਚ ਡਰੋਨ, ਹਥਿਆਰ ਤੇ ਗੋਲੀ ਸਿੱਕਾ ਬਰਾਮਦ ਹੋਏ ਹਨ। ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਵਿਗੜੀ ਹੋਈ ਹੈ ਕਿਉਂਕਿ ਗੈਂਗਸਟਰਾਂ ਨੂੰ ਖੁਲ੍ਹੇ ਲਾਇਸੰਸ ਦਿੱਤੇ ਹੋਏ ਹਨ ਤੇ ਉਹ ਜੇਲ੍ਹਾਂ ਵਿਚ ਬੈਠੇ ਹੀ ਸਰਗਰਮੀਆਂ ਚਲਾ ਰਹੇ ਹਨ, ਇਹ ਹਰ ਕੋਈ ਜਾਣਦਾ ਹੈ।

ਡਾ. ਚੀਮਾ ਨੇ ਕਿਹਾ ਕਿ ਇਸ ਤਰੀਕੇ ਦੀ ਰਾਜਨੀਤੀ ਸੂਬੇ ਦੀ ਸ਼ਾਂਤੀ ਲਈ ਠੀਕ ਨਹੀਂ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਹੀ ਇਕ ਸੀਨੀਅਰ ਖੱਬੇ ਪੱਖੀ ਆਗੂ ਤੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਨੂੰ ਗੁਆ ਲਿਆ ਹੈ ਜਿਹਨਾਂ ਦੀ ਸੁਰੱਖਿਆ ਵਾਪਸ ਲਏ ਜਾਣ ਮਗਰੋਂ ਤਰਨ ਤਾਰਨ ਵਿਚ ਉਹਨਾਂ ਦਾ ਕਤਲ ਕਰ ਦਿੱਤਾ ਗਿਆ।
ਅਕਾਲੀ ਆਗੂ ਨੇ ਜੇਕਰ ਸ੍ਰੀ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਮਗਰੋਂ ਕੋਈ ਅਣਸੁਖਾਵੀਂ ਘਟਨਾ ਵਾਪਰ ਗਈ ਤਾਂ ਫਿਰ ਕੇਂਦਰੀ ਗ੍ਰਹਿ ਮੰਤਰਾਲਾ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਉਹਨਾਂ ਕਿਹਾ ਕਿ ਇਸ ਤਰੀਕੇ ਦੀ ਰਾਜਨੀਤੀ ਦਾ ਮਕਸਦ ਵਿਰੋਧੀਆਂ ਨੂੰ ਹੇਠਾਂ ਲਾਉਣਾ ਹੈ ਜੋ ਕਿ ਭਾਰਤੀ ਰਾਜਨੀਤੀ ਵਿਚ ਇਕ ਨਵੀਂ ਗਿਰਾਵਟ ਹੈ। ਉਹਨਾਂ ਕਿਹਾ ਕਿ ਇਕ ਪਾਸੇ ਸ੍ਰੀ ਮਜੀਠੀਆ ਜੋ ਕਿ ਇਕ ਸੀਨੀਅਰ ਸਿਆਸੀ ਆਗੂ ਹਨ ਤੇ ਦੇਸ਼ ਵਿਰੋਧੀ ਤਾਕਤਾਂ ਦੇ ਦੇ ਨਿਸ਼ਾਨੇ ’ਤੇ ਹਨ, ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ਜਦਕਿ ਫਿਲਮੀ ਅਦਾਕਾਰਾ ਕੰਗਣਾ ਰਣੌਤ ਨੂੰ ਵਾਈ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਬੋਲੀ ਬੋਲਣ ਵਾਲਿਆਂ ਨੂੰ ਮਨਮਰਜ਼ੀਆਂ ਮੁਤਾਬਕ ਸੁਰੱਖਿਆ ਨਹੀਂ ਦਿੱਤੀ ਜਾਣੀ ਚਾਹੀਦੀ। ਉਹਨਾਂ ਕਿਹਾ ਕਿ ਗ੍ਰਹਿ ਮੰਤਰਾਲੇ ਜਵਾਬ ਦੇਵੇ ਕਿ ਸ੍ਰੀ ਮਜੀਠੀਆ ਦੀ ਸੁਰੱਖਿਆ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਹਮਾਇਤ ਵਿਚ ਕੇਂਦਰ ਖਿਲਾਫ ਡਟਣ ਮਗਰੋਂ ਅਚਨਚੇਤ ਕਿਉਂ ਵਾਪਸ ਲਈ ਗਈ ਹੈ। ਉਹਨਾਂ ਕਿਹਾ ਕਿ ਇਹ ਮਾਮਲਾ ਹੋਰ ਵੀ ਅਹਿਮ ਹੋ ਗਿਆ ਹੈ ਕਿਉਂਕਿ ਹਾਲ ਹੀ ਵਿਚ ਅਤਿਵਾਦੀਆਂ ਵੱਲੋਂ 26/11 ਹਮਲੇ ਦੀ ਵਰ੍ਹੇਗੰਢ ’ਤੇ ਵੱਡਾ ਹਮਲਾ ਕਰਨ ਦੀਆਂ ਰਿਪੋਰਟਾਂ ਮਿਲਣ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖੁਦ ਸੁਰੱਖਿਆ ਦੀ ਸਮੀਖਿਆ ਲਈ ਮੀਟਿੰਗ ਕੀਤੀ ਹੈ।

Print Friendly, PDF & Email
Thepunjabwire
 • 1
 • 62
 •  
 •  
 •  
 •  
 •  
 •  
 •  
 •  
  63
  Shares
error: Content is protected !!