30 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਵਿਖੇ ਪੁੱਜਣਗੇ-ਕੈਬਨਿਟ ਮੰਤਰੀ ਰੰਧਾਵਾ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 28 ਨਵੰਬਰ ( ਮੰਨਨ ਸੈਣੀ)। ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਦਿਵਸ ਦੇ ਸਮਾਗਮ 28 ਨਵੰਬਰ ਤੋਂ 30 ਨਵੰਬਰ 2020 ਤਕ ਪੰਜਾਬ ਸਰਕਾਰ ਵੱਲੋ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਹਨ, ਦੇ ਸਬੰਧ ਵਿਚ ਗੁਰਦੁਆਰਾ ਬਾਬਾ ਸਿੱਧ ਸਿਓ ਰੰਧਾਵਾ, ਡੇਰਾ ਬਾਬਾ ਨਾਨਕ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ। ਇਸ ਮੌਕੇ ਸ.ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ• ਮੰਤਰੀ ਪੰਜਾਬ ਤੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਸਾਪੁਰ ਵੀ ਮੋਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆ ਹੋਇਆ ਕੈਬਨਿਟ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਏ ਹਨ ਅਤੇ 30 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਨਾਂ ਅੱਗੇ ਦੱਸਿਆ ਕਿ 30 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ, ਸਾਰੀਆਂ ਪਾਰਟੀਆਂ ਦੇ ਵਿਧਾਇਕ ਅਤੇ ਸਮਾਜਿਕ ਤੇ ਧਾਰਮਿਕ ਆਦਿ ਸਖਸ਼ੀਅਤਾਂ ਵਿਸ਼ੇਸ ਤੌਰ ਤੇ ਸ਼ਿਰਕਤ ਕਰਨਗੀਆਂ। ਉਨਾਂ ਦੱਸਿਆ ਕਿ 30 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦਾਣਾ ਮੰਡੀ ਡੇਰਾ ਬਾਬਾ ਨਾਨਕ ਵਿਖੇ ਕੀਰਤਨ ਦਰਬਾਰ ਸਜਾਏ ਜਾਣਗੇ।
ਇਸ ਮੌਕੇ ਸਰਵ ਸ੍ਰੀ ਅਰਸ਼ਦੀਪ ਸਿੰਘ ਲੁਬਾਣਾ ਐਸ ਡੀ ਐਮ ਡੇਰਾ ਬਾਬਾ ਨਾਨਕ, ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਤਹਿਸੀਲਦਾਰ ਮਨਜੀਤ ਸਿੰਘ, ਡੀ ਐਸ ਪੀ ਸੁਰਿੰਦਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੋਜੂਦ ਸਨ।