ਵੀ.ਆਈ.ਪੀ. ਸੱਭਿਆਚਾਰ ਦੇ ਖਾਤਮੇ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਚੁੱਕਿਆ ਕਦਮ
ਚੰਡੀਗੜ੍ਹ, 16 ਦਸੰਬਰ। ਵੀ.ਆਈ.ਪੀ. ਸੱਭਿਆਚਾਰ ਨੂੰ ਖਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰ ਵਹੀਕਲ ਐਕਟ, 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਕੀਤੇ ਹਨ।
ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਆਖਿਆ ਹੈ ਕਿ ਮੋਟਰ ਵਹੀਕਲ ਐਕਟ ਦੀ ਧਾਰਾ 41 ਅਤੇ ਇਸ ਦੇ ਸੰਦਰਭ ਵਿੱਚ ਧਾਰਾ 217 ਤਹਿਤ ਅਜਿਹੇ ਨੰਬਰਾਂ ਵਾਲੇ ਵਾਹਨ ਮਾਲਕਾਂ ਨੂੰ ਬਦਲਵੇਂ ਯੋਗ ਨੰਬਰ ਜਾਰੀ ਕੀਤੇ ਜਾਣ। ਇਨ੍ਹਾਂ ਨੰਬਰਾਂ ‘ਤੇ ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਪਹਿਲਾ ਹੀ ਪਾਬੰਦੀ ਲਗਾਈ ਜਾ ਚੁੱਕੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੀ.ਆਈ.ਪੀ. ਸੱਭਿਆਚਾਰ ਨੂੰ ਉਤਸ਼ਾਹਤ ਕਰਨ ਤੋਂ ਇਲਾਵਾ ਇਹ ਵਾਹਨ ਚਾਲਕ ਪੁਰਾਣੇ ਨੰਬਰਾਂ ਨੂੰ ਸਟੇਟਸ ਸਿੰਬਲ ਵਜੋਂ ਲੈਂਦੇ ਸਨ ਅਤੇ ਪੁਰਾਣੇ ਨੰਬਰਾਂ ਦੀ ਵਰਤੋਂ ਸਰਹੱਦੀ ਸੂਬੇ ਪੰਜਾਬ ਵਿੱਚ ਸੁਰੱਖਿਆ ਲਈ ਵੱਡਾ ਖਤਰਾ ਸੀ। ਅਜਿਹੇ ਕਥਿਤ ਵੀ.ਆਈ.ਪੀ. ਨੰਬਰਾਂ ਵਾਲੇ ਵਾਹਨਾਂ ਦੀ ਵਰਤੋਂ ਅਕਸਰ ਹੀ ਗੈਰ ਸਮਾਜੀ ਤੱਤਾਂ ਵੱਲੋਂ ਗੈਰ-ਕਾਨੂੰਨੀ ਕੰਮਾਂ ਲਈ ਕੀਤੀ ਜਾਂਦੀ ਸੀ ਕਿਉਂਕਿ ਪੁਲਿਸ ਵੱਲੋਂ ਇਨ੍ਹਾਂ ਵਾਹਨਾਂ ਦੀ ਤਲਾਸ਼ੀ ਨਹੀਂ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਅਜਿਹੇ ਰਜਿਸਟ੍ਰੇਸ਼ਨ ਨੰਬਰ ਵਰ੍ਹਿਆਂ ਤੋਂ ਕਈ ਵਾਹਨਾਂ ਉਤੇ ਵਰਤੇ ਜਾਂਦੇ ਸਨ। ਵੀ.ਆਈ.ਪੀਜ਼ ਨੂੰ ਸਹੂਲਤ ਦੇਣ ਵਾਸਤੇ ਪੁਰਾਣਾ ਰਿਕਾਰਡ ਜਾਂ ਤਾਂ ਭਾਲ ਵਿੱਚ ਨਹੀਂ ਆਉਂਦਾ ਸੀ ਜਾਂ ਖਤਮ ਕਰ ਦਿੱਤਾ ਸੀ ਜਿਸ ਨਾਲ ਅਸਲ ਮਾਲਕਾਂ ਦੀ ਪਛਾਣ ਕਰਨ ਵਿੱਚ ਮੁਸ਼ਕਲ ਆਉਂਦੀ ਸੀ।