ਗੱਲਬਾਤ ਦਾ ਸ਼ਗੂਫਾ ਸਿਰਫ ਕਿਸਾਨਾਂ ਨੂੰ ਬਦਨਾਮ ਕਰਨ ਲਈ ਛੱਡਿਆ ਜਾ ਰਿਹਾ
ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ 7 ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਦਿੱਤਾ ਸੰਦਾ
ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲਾ ਰਵੱਈਆ ਅਪਣਾਉਣ ਲਈ ਕੇਂਦਰ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।
ਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੜਾਕੇ ਦੀ ਠੰਡ ਵਿਚ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਢਿੱਲਮੱਠ ਵਾਲਾ ਤੇ ਬੇਰਹਿਮੀ ਰਵੱਹੀਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਪਿਛਲੇ ਸੰਸਦੀ ਇਜਲਾਸ ਵਿਚ ਜਬਰੀ ਪਾਸ ਕਰਵਾਏ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਆਵਾਜ਼ ਚੁੱਕਣ ’ਤੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ। ਇਹੀ ਕਾਰਨ ਹੈ ਕਿ ਕੇਂਦਰ ਨੇ ਅਜਿਹੀ ਨੀਤੀ ਅਪਣਾਈ ਹੋਈ ਹੈ, ਜਿਸ ਨਾਲ ਕਿਸਾਨ ਥੱਕ ਜਾਣ। ਗੱਲਬਾਤ ਦਾ ਸ਼ਗੂਫਾ ਛੱਡਣ ਦਾ ਮਕਸਦ ਸਿਰਫ ਕਿਸਾਨਾਂ ਨੂੰ ਬਦਨਾਮ ਕਰਨਾ ਅਤੇ ਇਹ ਪ੍ਰਭਾਵ ਦੇਣਾ ਹੈ ਕਿ ਉਹ ਅੜੀਅਲ ਹਨ। ਸੱਚਾਈ ਇਹ ਹੈ ਕਿ ਇਹ ਕੇਂਦਰ ਹੈ ਜੋ ਦੇਸ਼ ਭਰ ਦੇ ਕਿਸਾਨਾਂ ਵਲੋਂ ਪ੍ਰਵਾਨ ਨਾ ਕੀਤੇ ਜਾ ਰਹੇ ਤਿੰਨ ਖੇਤੀ ਐਕਟਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਕੇ ਅੜਬ ਰਵੱਈਆ ਅਪਣਾਈ ਬੈਠਾ ਹੈ।
ਐਨ. ਡੀ. ਏ. ਸਰਕਾਰ ਨੂੰ ਬਿਨਾਂ ਏਜੰਡੇ ਤੇ ਬਿਨਾਂ ਤਾਰੀਕ ਤੇ ਸਮੇਂ ਵਾਲੇ ਗੱਲਬਾਤ ਦੇ ਸੱਦੇ ਭੇਜ ਕੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ ਲਈ ਆਖਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਤਿੰਨ ਖੇਤੀ ਐਕਟ ਖਾਰਜ ਕਰਨ ਦੇ ਤਰੀਕਿਆਂ ਬਾਰੇ ਗੱਲਬਾਤ ਕਰਨੀ ਚਾਹੀਦੀ ਹੈ। ਇਸ ਨੂੰ ਕਿਸਾਨਾਂ ਨੂੰ ਵੱਖਵਾਦੀ ਦੱਸ ਕੇ ਬਦਨਾਮ ਕਰਨ ਅਤੇ ਆੜ੍ਹਤੀਆਂ ਨੂੰ ਇਨਕਮ ਟੈਕਸ ਦੇ ਛਾਪਿਆਂ ਰਾਹÄ ਪੀੜ੍ਹਤ ਕਰਨ ਤੋਂ ਵੀ ਗੁਰੇਜ ਕਰਨਾ ਚਾਹੀਦਾ ਹੈ। ਚੰਗਾ ਹੋਵੇਗਾ ਜੇਕਰ ਕੇਂਦਰ ਸਰਕਾਰ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਵੇ। ਜਦੋਂ ਅਜਿਹਾ ਕਰ ਦਿੱਤਾ ਗਿਆ ਤਾਂ ਫਿਰ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰਕੇ ਨਵੇਂ ਕਾਨੂੰਨ ਬਣਾਏ ਜਾ ਸਕਦੇ ਹਨ। ਮੈਨੂੰ ਇਸ ਤਰਕ ਵਿਚ ਕੁੱਝ ਵੀ ਗਲਤ ਨਹੀਂ ਦਿਖਦਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਹ ਪ੍ਰਭਾਵ ਹੋਰ ਮਜਬੂਤ ਹੋਵੇਗਾ ਕਿ ਕਾਰਪੋਰੇਟ ਘਰਾਣੇ ਜੋ ਸਰਕਾਰ ਰਾਹÄ ਕਿਸਾਨਾਂ ਨੂੰ ਗੁਲਾਮ ਬਣਾਉਣਾ ਚਾਹੁੰਦੇ ਹਨ, ਉਹ ਚੱਲ ਰਹੇ ਕਿਸਾਨ ਸੰਘਰਸ਼ ਦੇ ਵਾਜਿਬ ਹੱਲ ਦੇ ਰਾਹ ਵਿਚ ਅੜਿੱਕਾ ਬਣੇ ਹੋਏ ਹਨ।
ਸ. ਬਾਦਲ ਨੇ ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਨੂੰ ਸਾਰੇ ਮਾਮਲੇ ’ਤੇ ਮਨੁੱਖਤਾ ਭਰੇ ਪਹੁੰਚ ਅਪਣਾਉਣ ਲਈ ਆਖਦਿਆਂ ਕਿਹਾ ਕਿ ਪਿਛਲੇ ਇਕ ਮਹੀਨੇ ਵਿਚ 40 ਤੋਂ ਜ਼ਿਆਦਾ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਉਹ ਛੇ ਮਹੀਨੇ ਪਹਿਲਾਂ ਇਨ੍ਹਾਂ ਕਾਨੂੰਨਾਂ ਦਾ ਆਰਡੀਨੈਂਸ ਜਾਰੀ ਕਰਨ ਦੇ ਵੇਲੇ ਤੋਂ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਸਰਕਾਰ ਪਿਛਲੇ ਪੰਜ ਮਹੀਨੇ ਤੋਂ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਇਨਕਾਰੀ ਹੈ ਅਤੇ ਇਸ ਨੇ ਉਦੋਂ ਹੀ ਗੱਲਬਾਤ ਸ਼ੁਰੂ ਕੀਤੀ ਜਦੋਂ ਕਿਸਾਨਾਂ ਨੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਹੋਰ ਕਿੰਨੇ ਕਿਸਾਨ ਸ਼ਹਾਦਤ ਦੇਣ ਤਾਂ ਜੋ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣੇ ਅਤੇ ਇਸ ’ਤੇ ਕਾਰਵਾਈ ਕਰੇ। ਬਾਦਲ ਨੇ ਕਿਹਾ ਕਿ ਹਾਲਾਤ ਪਹਿਲਾਂ ਅਜਿਹੇ ਨਹੀਂ ਸਨ। ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੀ ਵਾਜਪਾਈ ਨੂੰ ਹਾਲਾਤ ਨੂੰ ਅਜਿਹਾ ਨਹੀਂ ਬਣਨ ਦਿੰਦੇ। ਮੌਜੂਦਾ ਐਨ. ਡੀ. ਏ. ਸਰਕਾਰ ਨੂੰ ਮਰਹੂਮ ਪ੍ਰਧਾਨ ਮੰਤਰੀ ਵਲੋਂ ਸਭ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਤੋਂ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੇਜੀ ਨਾਲ ਹਜ਼ਾਰਾਂ ਪੁਰਸ਼ਾਂ, ਮਹਿਲਾਵਾਂ ਅਤੇ ਬੱਚਿਆਂ ਜੋ ਉਸ ਦੇ ਦਰ ’ਤੇ ਸਹੇ ਨਾ ਜਾ ਸਕਣ ਵਾਲੇ ਹਾਲਾਤਾਂ ਵਿਚ ਦੁੱਖ ਝੱਲ ਰਹੇ ਹਨ ਦੀਆਂ ਤਕਲੀਫਾਂ ਹੱਲ ਕਰਨੀਆਂ ਚਾਹੀਦੀਆਂ ਹਨ। ਇਸ ਨੂੰ ਝੂਠੇ ਹੰਕਾਰ ਤੇ ਹਿਊਮੇ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ ਤੇ ਅੰਨਦਾਤਾ ਨੂੰ ਉਸ ਦੇ ਬਣਦੇ ਹੱਕ ਦੇਣੇ ਚਾਹੀਦੇ ਹਨ।