.ਪਿਛਲੇ ਸਾਲ 16459 ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ
ਬਟਾਲਾ, 4 ਜਨਵਰੀ ( ਮੰਨਨ ਸੈਣੀ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾੳੇੁਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦਾਂ ਨੂੰ ਬੁਢਾਪਾ, ਵਿਧਵਾ, ਆਸ਼ਰਿਤ ਤੇ ਅੰਗਹੀਣਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਬੁਢਾਪਾ, ਵਿਧਵਾ, ਆਸ਼ਰਿਤ ਬੱਚੇ ਤੇ ਅੰਗਹੀਣ ਪੈਨਸ਼ਨ ਪ੍ਰਾਪਤ ਕਰਨ ਵਾਲੇ ਕੁੱਲ 1,94,615 ਵਿਅਕਤੀ ਹਨ। ਉਨ੍ਹਾਂ ਦੱਸਿਆ ਕਿ ਸਾਰੇ ਲਾਭਪਾਤਰੀਆਂ ਨੂੰ ਮਾਰਚ 2020 ਤੋਂ ਨਵੰਬਰ 2020 ਤੱਕ 130 ਕਰੋੜ 20 ਲੱਖ 67 ਹਜ਼ਾਰ 750 ਰੁਪਏ ਦੀ ਪੈਨਸ਼ਨ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇੇ ਹਨ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਹਿਲੀ ਜਨਵਰੀ 2020 ਤੋਂ ਲੈ ਕੇ 21 ਦਸੰਬਰ 2020 ਤੱਕ 62 ਹਜ਼ਾਰ 301 ਨੌਜਵਾਨਾਂ ਦੀ ਰਜਿਸ਼ਟਰੇਸ਼ਨ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਵਿੱਚ 83 ਪਲੇਸਮੈਂਟ ਕੈਂਪ ਲਗਾ ਕੇ 16 ਹਜ਼ਾਰ 459 ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 4 ਹਜ਼ਾਰ 13 ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ 13 ਹਜਾਰ 866 ਪ੍ਰਾਰਥੀਆਂ ਨੂੰ ਸਵੈ-ਰੋਜਗਾਰ ਸਥਪਤ ਕਰਨ ਲਈ ਲੋਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਪ੍ਰਾਪਤੀ ਲਈ ਆਪਣਾ ਨਾਮ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਰਜ ਕਰਾ ਸਕਦੇ ਹਨ।