ਪੰਜਾਬ ਸਰਕਾਰ ਵੱਲੋਂ 2.35 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਹਰਗੋਬਿੰਦਪੁਰ ਵਿਖੇ ਉਸਾਰਿਆ ਜਾਵੇਗਾ ਆਧੁਨਿਕ ਸਹੂਲਤਾਂ ਵਾਲਾ ਬੱਸ ਸਟੈਂਡ
ਬਟਾਲਾ, 6 ਜਨਵਰੀ ( ਮੰਨਨ ਸੈਣੀ )। ਸ੍ਰੀ ਹਰਗੋਬਿੰਦਪੁਰ ਸ਼ਹਿਰ ਵਾਸੀਆਂ ਸਮੇਤ ਸਮੁੱਚੇ ਇਲਾਕੇ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਣ ਜਾ ਰਹੀ ਹੈ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਹਰਗੋਬਿੰਦਪੁਰ ਵਿਖੇ 2.35 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲਾ ਨਵਾਂ ਬੱਸ ਸਟੈਂਡ ਉਸਾਰਿਆ ਜਾ ਰਿਹਾ ਹੈ।
ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਜਨਵਰੀ 2021 ਨੂੰ ਸਵੇਰੇ 10 ਵਜੇ ਸੂਬੇ ਦੇ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਸ੍ਰੀ ਹਰਗੋਬਿੰਦਪੁਰ ਵਿਖੇ ਪਹੁੰਚ ਕੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਬੱਸ ਅੱਡੇ ਨੂੰ ਬਣਾਉਣ ਲਈ ਰਾਜ ਸਰਕਾਰ ਵੱਲੋਂ 2.35 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸ਼ਹਿਰ ਵਿੱਚ ਬੱਸ ਸਟੈਂਡ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਮੁਸ਼ਕਲ ਝੱਲਣੀ ਪੈਂਦੀ ਸੀ, ਪਰ ਹੁਣ ਕੈਪਟਨ ਸਰਕਾਰ ਵੱਲੋਂ ਲੋਕਾਂ ਦੀ ਇਸ ਮੁਸ਼ਕਲ ਦਾ ਪੱਕਾ ਨਿਵਾਰਣ ਕੀਤਾ ਜਾ ਰਿਹਾ ਹੈ।
ਸ. ਲਾਡੀ ਨੇ ਕਿਹਾ ਕਿ ਅਕਾਲੀ ਦਲ ਨੇ ਬਹੁਤ ਲੰਮਾ ਸਮਾਂ ਇਸ ਹਲਕੇ ਦੀ ਅਗਵਾਈ ਕੀਤੀ ਸੀ ਪਰ ਅਫਸੋਸ ਨਾਲ ਕਹਿਣਾ ਪੈਂਦਾ ਹੈ ਕਿ ਇਨ੍ਹਾਂ ਲੰਮਾ ਸਮਾਂ ਰਾਜ ਕਰਨ ਦੇ ਬਾਵਜੂਦ ਵੀ ਅਕਾਲੀ ਵਿਧਾਇਕ ਸ੍ਰੀ ਹਰਗੋਬਿੰਦਪੁਰ ਸ਼ਹਿਰ ਵਿੱਚ ਬੱਸ ਸਟੈਂਡ ਨਹੀਂ ਬਣਾ ਸਕੇ ਸਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀ ਇਸ ਮੰਗ ਨੂੰ ਪੂਰਾ ਕਰਕੇ ਸਾਲ 2021 ਦਾ ਖੂਬਸੂਰਤ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਸਟੈਂਡ ਬਣਨਾ ਸ਼ਹਿਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ।