ਗੁਰਦਾਸਪੁਰ, 10 ਜਨਵਰੀ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਜਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੋਰਾ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਵਿਕਾਸ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨਾਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤੇ ਵਿਕਾਸ ਕੰਮਾਂ ਸਬੰਧੀ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਬੀਡੀਪੀਓ ਗੁਰਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਡਿਪਟੀ ਕਮਿਸ਼ਨਰ ਵਲੋਂ ਪਿੰਡ ਸਮਰਾਏ ਕੋਠੀ, ਮਸਟਕੋਟ, ਨਾਨੋਹਾਰਨੀ, ਨਾਰਪੁਰ, ਅਲਾਵਲਪੁਰ ਅਤੇ ਕਲਾਨੋਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ, ਜਿਨਾਂ ਵਿਚ ਥਾਪਰ ਮਾਡਲ ਤਹਿਤ ਬਣ ਰਹੇ ਛੱਪੜ, ਸਟੇਡੀਅਮ, ਪਾਰਕ, ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਦੱਸਿਆ ਕਿ ਪਿੰਡਾਂ ਅੰਦਰ ਪਾਣੀ ਦੇ ਨਿਕਾਸੀ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਛੱਪੜਾਂ ਦਾ ਨਵੀਨੀਕਰਨ ਕਰਕੇ ਪਾਣੀ ਦੇ ਨਿਕਾਸੀ ਨੂੰ ਯਕੀਨੀ ਬਣਾਇਆ ਗਿਆ ਹੈ।
ਉਨਾਂ ੱਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਮਗਨਰੇਗਾ ਤਹਿਤ ਕਰੀਬ ਕਰੋੜਾਂ ਦੇ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਗੁਰਦਾਸਪੁਰ ਜਿਲਾ ਮਗਨਰੇਗਾ ਤਹਿਤ ਕਰਵਾਏ ਕਾਰਜਾਂ ਵਿਚ ਸੂਬੇ ਭਰ ਵਿਚੋਂ ਪਹਿਲੇ ਸਥਾਨ ਉੱਪਰ ਹੈ। ਉਨਾਂ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਹੂਲਤਾਂ ਪੁਜਦੀਆਂ ਹੋ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਅੰਦਰ ਚਾਲੂ ਸਾਲ ਦੋਰਾਨ ਕਰੀਬ 600 ਕਰੋੜ ਰੁਪਏ ਦੇ ਵਿਕਾਸ ਕੰਮ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਕਰਵਾਏ ਜਾਣਗੇ ਅਤੇ ਵਿਕਾਸ ਕੰਮਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਨਾਂ ਦੱਸਿਆ ਕਿ ਪਿੰਡਾਂ ਅੰਦਰ ਔਰਤਾਂ ਨੂੰ ਰੁਜਗਾਰ ਮੁੱਹਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਸਵੈ-ਰੋਜਗਾਰ ਲਈ ਉਤਸ਼ਹਤ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਉਦਯੋਗ ਵਿਭਾਗ ਵਲੋਂ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ ਅਤੇ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾ ਕੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਲੜਕੀਆਂ /ਔਰਤਾਂ ਨੂੰ ਅਗਲੇ ਹਫਤੇ ਤੋਂ ‘ਸੈਲਫ ਡਿਫੈਂਸ’ ਸਬੰਧੀ ਮੁਫ਼ਤ ਸਿਖਾਈ ਪ੍ਰਦਾਨ ਕਰਵਾਈ ਜਾਵੇਗੀ।