ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜ ਮੁਕੰਮਲ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ
ਦੀਨਾਨਗਰ, (ਗੁਰਦਾਸਪੁਰ), 12 ਜਨਵਰੀ ( ਮੰਨਨ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਮੰਗਲਵਾਰ ਨੂੰ ਦੀਨਾਨਗਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਤੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਮਨਜੀਤ ਸਿੰਘ ਤਹਿਸੀਲਦਾਰ, ਜਗਮੋਹਨ ਐਕਸੀਅਨ ਪੀ.ਡਬਲਿਊ.ਡੀ, ਈ.ਓ ਜਤਿੰਦਰ ਮਹਾਜਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਡਿਪਟੀ ਕਮਿਸ਼ਨਰ ਵਲੋਂ ਦੀਨਾਨਗਰ ਵਿਖੇ ਬਣ ਰਹੇ ਰੇਲਵੇ ਫਲਾਈ ਓਵਰ ਦੇ ਵਿਕਾਸ ਕਾਰਜਾਂ ਸਬੰਧੀ ਐਕਸੀਅਨ ਪੀ.ਡਬਲਿਊ.ਡੀ ਨੂੰ ਹਦਾਇਤ ਕੀਤੀ ਗਈ ਕਿ ਜੁਲਾਈ 2021 ਤਕ ਰੇਲਵੇ ਫਲਾਈ ਓਵਰ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ। ਉਨਾਂ ਕਿਹਾ ਕਿ ਰਾਜ ਸਰਕਾਰ ਵਲੋਂ ਕਰੀਬ 47 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਹਲਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਰੇਲਵੇ ਫਲਾਈ ਓਵਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵਡੀ ਰਾਹਤ ਮਿਲੇਗੀ।
ਇਸ ਮੌਕੇ ਉਨਾਂ ਸੀਵਰੇਜ਼, ਟੈਕਨੀਕਲ ਕਾਲਜ ਸਿੱਧਪੁਰ ਅਤੇ ਮੀਰਥਲ-ਦੀਨਾਨਗਰ ਦੀ ਬਣ ਰਹੀ ਸੜਕ ਦੇ ਵਿਕਾਸ ਕਾਰਜਾਂ ਸੰਬਧੀ ਸਬੰਧਿਤ ਅਧਿਕਾਰੀਆਂ ਨਾਲ ਮੀÇੰਟਦ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਤੇ ਨਿਸ਼ਚਿਤ ਕੀਤੇ ਗਏ ਸਮੇਂ ਅੰਦਰ ਵਿਕਾਸ ਕਾਰਜ ਨੇਪਰੇ ਚਾੜ੍ਹਣ। ਉਨਾਂ ਈ.ਓ ਦੀਨਾਨਗਰ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਹੋਰ ਉਪਰਾਲੇ ਵਿੱਢੇ ਜਾਣ ਅਤੇ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਤਹਿਤ ਗਿੱਲਾ ਤੇ ਸੁੱਕਾ ਕੂੜੇ ਦੀ ਸੈਗਰੀਕੇਸ਼ਨ ਕਰਵਾਈ ਜਾਵੇ। ਘਰੋ ਘਰੋ ਗਿੱਲੇ ਤੇ ਸੁਕੇ ਕੂੜੇ ਨੂੰ ਵੱਖੋ-ਵੱਖਰਾ ਇਕੱਠਾ ਕੀਤਾ ਜਾਵੇ। ਉਨਾਂ ਕਿਹਾ ਕਿ ਜ਼ਿਲੇ ਅੰਦਰ ਸਫ਼ਾਈ ਮੁਹਿੰਮ ਨੂੰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਸ਼ਹਿਰਾਂ ਤੇ ਕਸਬਿਆਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਦੀ ਅਗਵਾਈ ਹੇਠ ਹਲਕਾ ਦੀਨਾਨਗਰ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਬੀਤੇ ਦਿਨੀ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਬ-ਡਵੀਜ਼ਨ ਕੰਪਲੈਕਸ, ਦੀਨਾਨਗਰ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਜਿਸ ਦੇ ਬਣਨ ਨਾਲ ਲੋਕਾਂ ਨੂੰ ਇਕ ਛੱਤ ਹੇਠਾਂ ਸਾਰੀਆਂ ਸਹੂਲਤਾਂ ਮਿਲਣਗੀਆਂ।
ਉਨਾਂ ਅੱਗੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਕੋਵਿਡ-19 ਵਿਰੁੱਧ ਕੀਤੇ ਗਏ ਠੋਸ ਉਪਰਾਲਿਆਂ ਦੇ ਨਾਲ-ਨਾਲ ਜ਼ਿਲ੍ਹੇ ਅੰਦ ਵਿਕਾਸ ਕਾਰਜਾਂ ਦੀ ਗਤੀ ਨੂੰ ਬਰਕਰਾਰ ਰੱਖਿਆ ਗਿਆ। ਜ਼ਿਲੇ ਅੰਦਰ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਸਾਲ 2020-2021 ਦੌਰਾਨ 650 ਕਰੋੜ ਰੁਪਏ ਖਰਚ ਜਾਣਗੇ, ਜਿਸ ਲਈ ਪੇਂਡੂ ਖੇਤਰ ਵਿਚ 350 ਕਰੋੜ ਰੁਪਏ ਅਤੇ ਸ਼ਹਿਰੀ ਖੇਤਰ ਵਿਚ 300 ਰੁਪਏ ਮਨਜੂਰ ਹੋ ਗਏ ਹਨ। ਮਗਨਰੇਗਾ ਤਹਿਤ ਵਿਕਾਸ ਕਾਰਜਾਂ ਦੇ ਨਾਲ ਲੋਕਾਂ ਨੂੰ ਰੋਜਗਾਰ ਵੀ ਮੁਹੱਈਆ ਕਰਵਾਇਆ ਗਿਆ। ਪਿੰਡਾਂ ਅੰਦਰ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਪਾਰਕਾਂ ਦੀ ਉਸਾਰੀ, ਖੇਡ ਸਟੇਡੀਅਮ ਦੀ ਉਸਾਰੀ, ਕੈਟਲ ਸ਼ੈੱਡ, ਪਲਾਂਟੇਸ਼ਨ ਆਦਿ ਦੇ ਵਿਕਾਸ ਕੰਮ ਕਰਵਾਏ ਗਏ ਹਨ। ਬੇਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਨ ਅਤੇ ਸਵੈ-ਰੋਜ਼ਗਾਰ ਸਥਾਪਤੀ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ।