ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ

ਗੁਰਦਾਸਪੁਰ, 16 ਜਨਵਰੀ ( ਮੰਨਨ ਸੈਣੀ)। ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਐਡਵੋਕੈਟ ਬਲਜੀਤ ਸਿੰਘ ਪਾਹੜਾ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ ਅਤੇ ਹਿਮਾਂਸੂ ਕੱਕੜ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਵੀ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਦੱਸਿਆ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ ਅੰਦਰ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਜਿਥੇ ਬਿਮਾਰੀ ਵਿਰੁੱਧ ਠੋਸ ਉਪਰਾਲੇ ਕੀਤੇ ਗਓ, ਓਥੇ ਲੋਕਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ। ਘਰ-ਘਰ ਰੁਜਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਜੋ ਕਿਹਾ ਉਹ ਕੀਤਾ, ਅਨੁਸਾਰ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਹੁਣ ਕਰੀਬ 50 ਹਜਾਰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।

ਇਸ ਮੌਕੇ ਤੇਜਿੰਦਰ ਸਿੰਘ ਅਤੇ ਸ੍ਰੀਮਤੀ ਸ਼ਰਮਾ ਨੇ ਕਿਹਾ ਕਿ ਉਨਾਂ ਨੂੰ ਰਾਸ਼ਨ ਡਿਪੂ ਦੀ ਅਲਾਟਮੈਂਟ ਕੀਤੀ ਗਈ ਹੈ, ਜਿਸ ਲਈ ਉਹ ਪੰਜਾਬ ਸਰਕਾਰ ਦੇ ਰਿਣੀ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਤੇ ਸਵੈ-ਰੋਜ਼ਗਾਰ ਲਈ ਨੋਜਵਾਨਾਂ ਨੂੰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ , ਜਿਸ ਨਾਲ ਲੋਕ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸੇਵਾਵਾਂ ਤੋਂ ਖੁਸ਼ ਹਨ।

Exit mobile version