ਗੁਰਦਾਸਪੁਰ, 24 ਫਰਵਰੀ – ਸ਼੍ਰੋਮਣੀ ਅਕਾਲੀ ਦਲ , ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਕ ਅੰਗਰੇਜ਼ੀ ਅਖਬਾਰ ਵਿਚ ਛਪੇ ਉਸ ਬਿਆਨ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ ਜਿਸ ਵਿੱਚ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਡੇਢ ਤੋਂ ਦੋ ਸਾਲ ਤੱਕ ਰੋਕਣ ਦੀ ਵਕਾਲਤ ਕਰਦਿਆਂ ਕਿਸਾਨਾਂ ਨੂੰ ਸੰਘਰਸ਼ ਵਾਪਸ ਲੈਣ ਲਈ ਆਖਿਆ ਹੈ ।
ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਸਰਦਾਰ ਬੱਬੇਹਾਲੀ ਨੇ ਕਿਹਾ ਕਿ ਕੈਪਟਨ ਕਹਿ ਰਹੇ ਹਨ ਕਿ ਉਹ ਕਾਨੂੰਨਾਂ ਤੇ ਕੁਝ ਮਹੀਨਿਆਂ ਦੀ ਰੋਕ ਦੀ ਗੱਲ ਮੰਨ ਲੈਣ ਅਤੇ ਸੰਘਰਸ਼ ਦਾ ਰਸਤਾ ਛੱਡ ਕੇ ਆਪਣਾ ਖੇਤੀਬਾੜੀ ਦਾ ਕੰਮ ਸੰਭਾਲਣ । ਉਨ੍ਹਾਂ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਕਿਹਾ ਕਿ ਕੈਪਟਨ ਵੀ ਕੇਂਦਰ ਦੀ ਮੋਦੀ ਸਰਕਾਰ ਵਾਲੀ ਬੋਲਣ ਲਗ ਪਏ ਹਨ । ਕੈਪਟਨ ਦੇ ਅਜਿਹੇ ਬਿਆਨ ਭਾਜਪਾ ਨਾਲ ਕਿਸੇ ਅੰਦਰੂਨੀ ਅੰਢ ਗੰਢ ਵੱਲ ਵੀ ਇਸ਼ਾਰਾ ਕਰਦੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਬਚਾਉਣ ਦੀ ਲੜਾਈ ਲੜ ਰਹੇ ਹਨ ਅਤੇ ਅਕਾਲੀ ਦਲ ਨੇ ਸ਼ੁਰੂ ਤੋਂ ਹੀ ਉਨ੍ਹਾਂ ਦੇ ਸੰਘਰਸ਼ ਦੀ ਹਿਮਾਇਤ ਕੀਤੀ ਹੈ ਅਤੇ ਕਿਸਾਨਾਂ ਦੀ ਪਿੱਠ ਤੇ ਖਲੋਤਾ ਹੈ ।
ਬੱਬੇਹਾਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦਾ ਅਮਲਾ ਫੈਲਾ ਕਦੀ ਵੀ ਕਿਸਾਨਾਂ ਦੇ ਹੱਕ ਵਿੱਚ ਨਹੀਂ ਭੁਗਤਿਆ । ਸਿਰਫ਼ ਕਿਸਾਨੀ ਵਰਗ ਹੀ ਨਹੀਂ , ਕਾਂਗਰਸ ਨੇ ਕਿਸੇ ਵੀ ਵਰਗ ਦੀ ਸਾਰ ਨਹੀਂ ਲਈ ਅਤੇ ਕਾਂਗਰਸ ਦੀਆਂ ਨੀਤੀਆਂ ਪੂਰੀ ਤਰ੍ਹਾਂ ਲੋਕ ਵਿਰੋਧੀ ਸਾਬਤ ਹੋਈਆਂ ਹਨ ।