ਕਿਹਾ ਪੰਜਾਬ ਦੀ ਕੈਪਟਨ ਸਰਕਾਰ ਵੀ ਕੇਂਦਰ ਸਰਕਾਰ ਦੇ ਨਾਲ ਰਲ ਕੇ ਕਿਸਾਨ ਵਿਰੋਧੀ ਫੈਸਲੇ ਲਾਗੂ ਕਰ ਰਹੀ
ਗੁਰਦਾਸਪੁਰ, 13 ਮਾਰਚ (ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਣਕ ਦੇ ਸਮਰਥਨ ਮੁੱਲ ਨੂੰ ਖ਼ਤਮ ਕਰਨ ਸਬੰਧੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਮਿਲੀਭੁਗਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਬੱਬੇਹਾਲੀ ਨੇ ਕਿਹਾ ਕਿ ਸ਼ੁਰੂ ਤੋਂ ਹੀ ਇਹ ਗੱਲ ਜ਼ਾਹਿਰ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਹਮਦਰਦ ਨਹੀਂ ਹੈ ਅਤੇ ਪੰਜਾਬ ਦੀ ਕੈਪਟਨ ਸਰਕਾਰ ਵੀ ਕੇਂਦਰ ਸਰਕਾਰ ਦੇ ਨਾਲ ਰਲ ਕੇ ਕਿਸਾਨ ਵਿਰੋਧੀ ਫੈਸਲੇ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋ ਦੱਸੇ ਤੱਥਾ ਅਨੁਸਾਰ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਇਹ ਵਿੱਤ ਮੰਤਰੀ ਅਤੇ ਖ਼ੁਰਾਕ ਸਪਲਾਈ ਮੰਤਰੀ ਨੇ ਕਣਕ ਦੀ ਖ਼ਰੀਦ ਲਈ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਨਾਲ ਸਬੰਧਤ ਦਸਤਾਵੇਜ਼ ਅਪਲੋਡ ਕਰਵਾਉਣ ਦੀ ਸਹਿਮਤੀ ਦਿੱਤੀ ਸੀ। ਇਸ ਨਾਲ ਹੁਣ ਸਿੱਧ ਹੋ ਗਿਆ ਹੈ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਕਿਸਾਨ ਵਿਰੋਧੀ ਫੈਸਲੇ ਲਾਗੂ ਕਰ ਰਹੀ ਹੈ
ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਨੇ ਖੇਤੀਬਾੜੀ ਆਰਡੀਨੈਂਸਾਂ ਲਈ ਸਹਿਮਤੀ ਦੇ ਕੇ ਪੰਜਾਬ ਦੇ ਕਿਸਾਨਾਂ ਦਾ ਕੇਸ ਖਰਾਬ ਕੀਤਾ ਸੀ ਤੇ ਵਿੱਤ ਮੰਤਰੀ ਨੇ ਆਪ ਇਸ ਮਾਮਲੇ ਵਿਚ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਸੀ।
ਬੱਬੇਹਾਲੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ 7 ਮੈਂਬਰੀ ਕਮੇਟੀ ਦੇ ਮੈਂਬਰ ਵੀ ਸਨ ਜਿਸਨੇ ਕਾਲੇ ਕਾਨੂੰਨਾਂ ਲਈ ਸਹਿਮਤੀ ਦਿੱਤੀ ਤੇ ਮੁੱਖ ਮੰਤਰੀਆਂ ਦੀ ਕਮੇਟੀ ਨੇ ਹੀ ਖੇਤੀਬਾੜੀ ਆਰਡੀਨੈਂਸਾਂ ਨੂੰ ਅੰਤਿਮ ਰੂਪ ਦਿੱਤਾ।
ਬੱਬੇਹਾਲੀ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨ ਅਤੇ ਪੰਜਾਬ ਪੱਖੀ ਰਿਹਾ ਹੈ। ਜਿਸ ਨੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਐਨ ਡੀ ਏ ਨਾਲੋਂ ਨਾਅਤਾ ਤੋੜ ਲਿਆ ਅਤੇ ਕੇਂਦਰ ਵਿੱਚ ਵਜ਼ਾਰਤ ਵੀ ਛੱਡ ਦਿੱਤੀ। ਬੱਬੇਹਾਲੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕ ਵਿਚ ਲੜਾਈ ਲੜਦੇ ਰਹਿਣਗੇ ਤਾਂ ਜੋ ਕਿਸਾਨਾਂ ਨੂੰ ਇਨਸਾਫ਼ ਮਿਲ ਸਕੇ ਅਤੇ ਹਰ ਸਾਲ ਘੱਟੋ ਘੱਟ ਸਮਰਥਨ ਮੁੱਲ ਬੰਦ ਨਾ ਹੋਵੇ।
ਬੱਬੇਹਾਲੀ ਨੇ ਪੰਜਾਬ ਸਰਕਾਰ ਵੱਲੋਂ ਵਾਹਨਾਂ ਦੀ ਰਜਿਸਟ੍ਰੇਸ਼ਨ ਦੀਆਂ ਫ਼ੀਸਾਂ ਵਿੱਚ ਕੀਤੇ ਗਏ ਭਾਰੀ ਵਾਧੇ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਕੈਪਟਨ ਸਰਕਾਰ ਹਰ ਮੁਹਾਜ਼ ਤੇ ਫੇਲ੍ਹ ਹੋ ਰਹੀ ਹੈ ਜਿਸ ਵੱਲੋਂ ਨਾ ਤਾਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਅਤੇ ਨਾ ਹੀ ਸੂਬੇ ਦੇ ਹੋਰ ਵਰਗਾਂ ਨੂੰ ਰਾਹਤ ਦੇਣ ਵਾਲਾ ਕੋਈ ਫੈਸਲਾ ਕੀਤਾ ਗਿਆ ਹੈ
ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਹਰੇਕ ਵਰਗ ਇਸ ਸਰਕਾਰ ਤੋਂ ਬੇਹੱਦ ਦੁਖੀ ਹੈ ਜਿਸ ਵੱਲੋਂ ਇਸ ਸਰਕਾਰ ਨੂੰ ਰੁਖ਼ਸਤ ਕਰਨ ਦਾ ਮਨ ਬਣਾ ਲਿਆ ਗਿਆ ਹੈ