ਗੁਰਦਾਸਪੁਰ, 16 ਮਾਰਚ (ਮੰਨਨ ਸੈਣੀ) । ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਰਾਗ ਅਲਾਪਣ ਤੋਂ ਥੱਕਦੀ ਨਹੀਂ ਪਰ ਸੰਸਦ ਮੈਂਬਰ ਮੁਹੰਮਦ ਸਦੀਕ ਵੱਲੋਂ ਲੋਕ ਸਭਾ ਵਿੱਚ ਕੀਤੇ ਸਵਾਲ ਮਗਰੋਂ ਹਕੀਕਤ ਸਾਹਮਣੇ ਆ ਗਈ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ । ਇਹ ਗੱਲ ਸ਼੍ਰੋਮਣੀ ਅਕਾਲੀ ਦਲ , ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਹੀ ।
ਬੱਬੇਹਾਲੀ ਨੇ ਕਿਹਾ ਕਿ ਬੀਤੇ ਵਰ੍ਹੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਟਿੱਡੀ ਦਲ ਦੇ ਹਮਲੇ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ ਜਿਸ ਦੇ ਬਦਲੇ ਕਿਸਾਨਾਂ ਨੂੰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ । ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਵੱਲੋਂ ਅੱਜ ਲੋਕ ਸਭਾ ਵਿੱਚ ਟਿੱਡੀ ਦਲ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਮਦਦ ਸਬੰਧੀ ਜਦ ਸਵਾਲ ਕੀਤਾ ਗਿਆ ਤਾਂ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਵੱਲੋਂ ਜਵਾਬ ਦਿੱਤਾ ਗਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਇਸ ਸਬੰਧੀ ਕੋਈ ਪ੍ਰਸਤਾਵ ਬਣਾ ਕੇ ਕੇਂਦਰ ਨੂੰ ਭੇਜਿਆ ਹੀ ਨਹੀਂ ਗਿਆ ।
ਸੂਬਾ ਸਰਕਾਰ ਨੇ ਮੁਆਵਜ਼ੇ ਦੀ ਮੰਗ ਲਈ ਕੋਈ ਜਾਣਕਾਰੀ ਹੀ ਨਹੀਂ ਭੇਜੀ । ਉਨ੍ਹਾਂ ਕਿਹਾ ਕਿ ਇਸ ਤੋਂ ਇਹ ਵੀ ਸਾਬਿਤ ਹੁੰਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਣੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨਾਲ ਵੀ ਕੋਈ ਤਾਲਮੇਲ ਨਹੀਂ ਹੈ । ਬੱਬੇਹਾਲੀ ਨੇ ਕਿਹਾ ਕਿ ਇਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਬੇਪਰਵਾਹ ਹੈ । ਕਾਂਗਰਸ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦਾ ਅਮਲਾ ਫੈਲਾ ਕਿਸਾਨ ਪੱਖੀ ਹੋਣ ਦਾ ਢੰਡੋਰਾ ਪਿੱਟਦਾ ਰਹਿੰਦਾ ਹੈ ਪਰ ਸਮੇਂ-ਸਮੇਂ ਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਕੀਕਤ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ । ਬੱਬੇਹਾਲੀ ਨੇ ਕਿਹਾ ਕਿ ਕਾਂਗਰਸ ਸਿਰਫ਼ ਰਾਜਸੀ ਲਾਹਾ ਲੈਣ ਦੀ ਖ਼ਾਤਰ ਕਿਸਾਨ ਹਿਤੈਸ਼ੀ ਹੋਣ ਦਾ ਦਿਖਾਵਾ ਕਰਦੀ ਹੈ ।
ਕੈਪਸ਼ਨ- ਗੁਰਬਚਨ ਸਿੰਘ ਬੱਬੇਹਾਲੀ ।