ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਰਾਜ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਚਨਬੱਧ
ਗੁਰਦਾਸਪੁਰ, 3 ਅਪ੍ਰੈਲ (ਮੰਨਨ ਸੈਣੀ)। ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਮੁਹੱਈਆ ਕਰਵਾ ਕੇ ਵਾਅਦਾ ਪੂਰਾ ਕੀਤਾ ਹੈ ਤੇ ਰਾਜ ਸਰਕਾਰ 100 ਫੀਸਦੀ ਵਾਅਦਿਆਂ ਨੂੰ ਪੂਰਾ ਕਰਨ ਵੱਲ ਹੋਰ ਅੱਗੇ ਵਧ ਰਹੀ ਹੈ।
ਵਿਧਾਇਕ ਪਾਹੜਾ ਨੇ ਕਿਹਾ ਕਿ ਇਸ ਮੁਫਤ ਸਫਰ ਸਕੀਮ ਦਾ ਸੂਬੇ ਵਿੱਚ 1.31 ਕਰੋੜ ਔਰਤਾਂ ਤੇ ਲੜਕੀਆਂ ਨੂੰ ਫਾਇਦਾ ਹੋਵੇਗਾ। ਸਾਰੀਆਂ ਮਹਿਲਾਵਾਂ ਚਾਹੇ ਉਹ ਕੋਈ ਵੀ ਵਿੱਤੀ ਰੁਤਬਾ ਰੱਖਦੀਆਂ ਹੋਣ, ਸਿਰਫ ਆਧਾਰ ਜਾਂ ਵੋਟਰ ਜਾਂ ਕੋਈ ਵੀ ਯੋਗ ਸ਼ਨਾਖਤੀ ਕਾਰਡ ਦਿਖਾ ਕੇ ਸੂਬੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਦੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਟਰਾਂਸਪੋਰਟ ਵਿਭਾਗ ਵਾਹਨਾਂ ਦੀ ਟਰੈਕਿੰਗ ਲਈ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਵਿੱਚ ਜੀ.ਪੀ.ਐਸ. ਸਿਸਟਮ ਲਗਾਉਣ ਜਾ ਰਿਹਾ ਹੈ। ਇਸ ਤੋਂ ਇਲਾਵਾ ਹੰਗਾਮੀ ਹਾਲਤ ਲਈ ਪੈਨਿਕ ਬਟਨ ਹੋਵੇਗਾ। ਸਰਕਾਰੀ ਬੱਸਾਂ ਵਿੱਚ ਇਹ ਪ੍ਰਕਿਰਿਆ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਪ੍ਰਾਈਵੇਟ ਅਪਰੇਟਰਾਂ ਨੂੰ 31 ਅਗਸਤ ਤੱਕ ਪੂਰਾ ਕਰਨ ਲਈ ਆਖਿਆ ਗਿਆ ਹੈ। ਉਨਾਂ ਕਿਹਾ ਕਿ ਮੁਫਤ ਬੱਸ ਸਫਰ ਸਕੀਮ ਸੂਬਾ ਸਰਕਾਰ ਦੀ ਔਰਤਾਂ ਤੇ ਲੜਕੀਆਂ ਦੇ ਸੰਗਠਿਕ ਵਿਕਾਸ ਤੇ ਤਰੱਕੀ ਲਈ ਦੂਰਦ੍ਰਿਸ਼ਟੀ ਦਾ ਪ੍ਰਤੀਕ ਹੈ ਜਿਨ੍ਹਾਂ ਨੂੰ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਚਾਇਤੀ ਰਾਜ ਤੇ ਸਥਾਨਕ ਸਰਕਾਰਾਂ ਸੰਸਥਾਵਾਂ ਵਿੱਚ 50 ਫੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦੀ ਸਹੂਲਤ ਦਿੱਤੀ ਹੈ।
ਇਸ ਮੌਕੇ ਬਲਵਿੰਦਰ ਕੌਰ ਵਾਸੀ ਸ਼ਹਿਰ ਗੁਰਦਾਸਪੁਰ ਦੀ ਮਹਿਲਾ ਨੇ ਕਿਹਾ ਕਿ ਇਹ ਫੈਸਲਾ ਹੁਣ ਉਸ ਨੂੰ ਆਪਣੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਬਿਨਾਂ ਕੋਈ ਖਰਚਾ ਕੀਤੇ ਮਿਲਣ ਲਈ ਬਹੁਤ ਸਹਾਈ ਸਿੱਧ ਹੋਵੇਗਾ। ਇਕ ਹੋਰ ਲੜਕੀ ਆਰਜੂ ਬਟਾਲਾ ਨੇ ਦੱਸਿਆ ਕਿ ਮਹਿਲਾ ਵਰਗ ਨੂੰ ਇਸ ਮਹਾਨ ਫੈਸਲੇ ਦਾ ਬਹੁਤ ਲਾਭ ਮਿਲੇਗਾ ਤੇ ਇਸ ਕਦਮ ਨੂੰ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਫੈਸਲਾ ਕਰਾਰ ਦਿੱਤਾ।