ਕੋਟਕਪੂਰਾ ਗੋਲੀ ਕਾਂਡ : ਇਮਾਨਦਾਰ ਪੁਲਿਸ ਅਧਿਕਾਰੀ ਨੇ ਕੈਪਟਨ ਅਤੇ ਬਾਦਲ ਦੇ ਗੱਠਜੋੜ ਨੂੰ ਨੰਗਾ ਕੀਤਾ: ਭਗਵੰਤ ਮਾਨ

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਦੇ ਕੈਪਟਨ ਤੇ ਬਾਦਲ ਦਾ ਮਿਲੇ ਹੋਣ ਦਾ ਸਬੂਤ ਦਿੱਤਾ : ਭਗਵੰਤ ਮਾਨ

ਕੈਪਟਨ ਨੇ ਪਹਿਲਾਂ ਅਦਾਲਤ ਵਿੱਚ ਜਾਂਚ ਰਿਪੋਰਟ ਦੇ ਹੱਕ ‘ਚ ਚੰਗੇ ਵਕੀਲ ਨਹੀਂ ਪੇਸ਼ ਕੀਤੇ, ਪਰ ਹੁੱਣ ਕਹਿ ਰਿਹਾ ਕਿ ਉਹ ਪੱਕੇ ਤੌਰ ‘ਤੇ ਆਈ.ਜੀ ਦੀ ਜਾਂਚ ਰਿਪੋਰਟ ਦੇ ਪੱਖ ਵਿੱਚ ਹਾਂ

ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਬੇਅਦਬੀ ਦੇ ਪਿੱਛੇ ਕਿਸ ਦਾ ਹੱਥ ਹੈ, ਪਰ ਕੈਪਟਨ ਦੋਸ਼ੀਆਂ ਨੂੰ ਬਚਾਅ ਰਿਹਾ ਹੈ


ਚੰਡੀਗੜ, 13 ਅਪ੍ਰੈਲ
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਕੁੱਝ ਦਿਨ ਬਾਅਦ ਹੀ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਕਮੇਟੀ ਦੇ ਮੁੱਖੀ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇਣ ਦੇ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਪੇਸ਼ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਇੱਕ ਇਮਾਨਦਾਰ ਪੁਲਿਸ ਅਧਿਕਾਰੀ ਨੇ ਨੌਕਰੀ ਤੋਂ ਅਸਤੀਫ਼ਾ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਚਕਾਰਲੇ ਗੱਠਜੋੜ ਨੂੰ ਨੰਗਾ ਕਰ ਦਿੱਤਾ ਹੈ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਆਪਣੀ ਪ੍ਰਤੀਕਿਰਿਆ ਜਾਰੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਵਿਸ਼ੇਸ਼ ਜਾਂਚ ਕਮੇਟੀ ਦੇ ਮੁੱਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਦੇ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਸਾਫ਼ ਸੁਨੇਹਾ ਦਿੱਤਾ ਹੈ ਕਿ ਜੇ ਕੈਪਟਨ ਸਰਕਾਰ ਨੂੰ ਜਾਂਚ ਰਿਪੋਰਟ ਮਨਜ਼ੂਰ ਨਹੀਂ ਹੈ ਤਾਂ ਚੰਗਾਂ ਹੈ ਕਿ ਉਹ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦੇਣ। ਇਸ ਤਰਾਂ ਇਮਾਨਦਾਰ ਪੁਲਿਸ ਅਧਿਕਾਰੀ ਨੇ ਕੈਪਟਨ ਤੇ ਬਾਦਲ ਦਾ ਆਪਸ ਵਿੱਚ ਰਲ਼ੇਮਿਲੇ ਹੋਣ ਦਾ ਸਬੂਤ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਕਹਿ ਰਿਹਾ ਹੈ ਕਿ ਮੈਂ ਪੱਕੇ ਤੌਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਦੇ ਹੱਕ ਵਿੱਚ ਹਾਂ, ਪਰ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਸ ਜਾਂਚ ਰਿਪੋਰਟ ਨੂੰ ਸਹੀ ਸਿੱਧ ਕਰਨਾ ਸੀ, ਉਦੋਂ ਕੈਪਟਨ ਨੇ ਚੰਗੇ ਵਕੀਲ ਅਦਾਲਤ ਵਿੱਚ ਪੇਸ਼ ਨਹੀਂ ਕੀਤੇ। ਉਨਾਂ ਕਿਹਾ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਪਿੱਛੇ ਕੌਣ ਹਨ, ਪਰ ਕੈਪਟਨ ਸਰਕਾਰ ਉਨਾਂ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਸੂਬੇ ਦਾ ਗ੍ਰਹਿ ਮੰਤਰੀ ਹੋ ਕੇ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮਾਮਲੇ ਦੀ ਜਾਂਚ ਦੌਰਾਨ ਮਿਲੀਆਂ ਧਮਕੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕੇ। ਮਾਨ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਜਾਂਚ ਕਮੇਟੀ ਦੀ ਰਿਪੋਰਟ ਦੇ ਮਾਮਲੇ ਵਿੱਚ ਹੁਣ ਸੁਪਰੀਮ ਕੋਰਟ ਜਾਣ ਅਤੇ ਰਿਪੋਰਟ ਦੇ ਹੱਕ ਵਿੱਚ ਹੋਣ ਦਾ ਡਰਾਮਾ ਕਰ ਰਹੇ ਹਨ। ਇਸ ਨਾਲ ਕੈਪਟਨ ਸਰਕਾਰ ਦਾ ਦੂਹਰਾ ਚਰਿਤੱਰ ਲੋਕਾਂ ਸਾਹਮਣੇ ਉਜਾਗਰ ਹੋਇਆ ਹੈ।

Exit mobile version