CORONA ਗੁਰਦਾਸਪੁਰ ਪੰਜਾਬ

ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਨਿਜੀ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਨਿਜੀ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ
  • PublishedMay 21, 2021

ਕੋਈ ਵੀ 104 ਹੈਲਪਲਾਈਨ ਅਤੇ ਕੋਵਿਡ ਕੰਟਰੋਲ ਰੂਮ ਵਿਖੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ

ਗੁਰਦਾਸਪੁਰ, 21 ਮਈ (ਮੰਨਨ ਸੈਣੀ)। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਦਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਕੇ ਚਾਰਜ ਲੈ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਹਨਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।

ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।

ਉਸਨੇ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸ਼ੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜ਼ਾਂ ਦੇ ਇਲਾਜ਼ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ‘ਤੇ ਅਤੇ ਕੋਵਿਡ ਕੰਟਰੋਲ ਰੂਮ ਦੇ ਨੰਬਰ 01874-221966,01874-502863,97800-02601,85589-42110 ਵਿਖੇ ਦਰਜ ਕਰਵਾਈ ਜਾ ਸਕਦੀ ਹੈ।

Written By
The Punjab Wire