ਗੁਰਦਾਸਪੁਰ, 29 ਮਈ ( ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ , ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਸੂਬੇ ਦੀ ਕਾਂਗਰਸ ਸਰਕਾਰ ਹਾਲਾਤ ਸੁਖਾਵੇਂ ਰੱਖਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ ।
ਸਰਦਾਰ ਬੱਬੇਹਾਲੀ, ਗੁਰਦਾਸਪੁਰ ਦੇ ਪਿੰਡ ਖੋਖਰ ਵਿੱਚ ਸਨਿੱਚਰਵਾਰ ਸਵੇਰੇ ਵਾਪਰੀ ਉਸ ਘਟਨਾ ਮਗਰੋਂ ਪ੍ਰਤੀਕਿਰਿਆ ਜ਼ਾਹਿਰ ਕਰ ਰਹੇ ਸਨ ਜਿਸ ਵਿੱਚ ਇੱਕ ਸਰਗਰਮ ਅਕਾਲੀ ਵਰਕਰ ਬਲਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਦੀ ਪਤਨੀ ਮਨਜੀਤ ਕੌਰ ਅਤੇ ਭਤੀਜੇ ਗੁਰਪ੍ਰੀਤ ਸਿੰਘ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ ਸਨ । ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਆਪਣੇ ਹੀ ਕਾਟੋ ਕਲੇਸ਼ ਵਿੱਚ ਉਲਝੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਦੀ ਕੋਈ ਚਿੰਤਾ ਨਹੀਂ ਹੈ । ਪੰਜਾਬ ਵਿੱਚ ਇੱਕ ਤਰ੍ਹਾਂ ਦਾ ਜੰਗਲ ਰਾਜ ਹੈ । ਅਕਾਲੀ ਵਰਕਰਾਂ ਉੱਪਰ ਕਾਂਗਰਸੀ ਤਸ਼ੱਦਦ ਦੇ ਅਨੇਕਾਂ ਮਾਮਲੇ ਸਾਹਮਣੇ ਹਨ । ਸਰਦਾਰ ਬੱਬੇਹਾਲੀ, ਗੁਰਦਾਸਪੁਰ ਸਥਿਤ ਇੱਕ ਨਿੱਜੀ ਹਸਪਤਾਲ ਵੀ ਪਹੁੰਚੇ ਜਿੱਥੇ ਜ਼ਖ਼ਮੀ ਮਨਜੀਤ ਕੌਰ ਅਤੇ ਮ੍ਰਿਤਕ ਦਾ ਭਤੀਜਾ ਗੁਰਪ੍ਰੀਤ ਸਿੰਘ ਇਲਾਜ ਲਈ ਦਾਖਲ ਹਨ । ਉਨ੍ਹਾਂ ਜ਼ਖ਼ਮੀਆਂ ਦੀ ਖ਼ਬਰ ਸਾਰ ਲਈ ਅਤੇ ਮੰਗ ਕੀਤੀ ਕਿ ਘਟਨਾ ਲਈ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ।