ਪਿਛਲੇ 20-20 ਸਾਲ ਤੋਂ ਕੱਚੇ ਤੌਰ ਤੇ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰੇ ਸਰਕਾਰ-ਮੀਤ ਹੇਅਰ
ਚੰਡੀਗਡ਼੍ਹ, 20 ਜੂਨ । ਆਪਣੇ ਹੱਕਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ ਜਿਸ ਕਾਰਨ ਨੌਜਵਾਨ ਵਰਗ ਵਿਚ ਗੁੱਸਾ ਅਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟੈੱਟ ਪਾਸ ਅਤੇ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਪਟਿਆਲਾ ਤਿੱਖੀ ਧਰਨੇ ਉੱਤੇ ਬੈਠੇ ਹਨ ਇਸ ਤੋਂ ਬਾਅਦ ਹੁਣ ਕੁਝ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਸਰਕਾਰ ਵੱਲੋਂ ਅਧਿਆਪਕਾਂ ਨਾਲ ਮੀਟਿੰਗ ਦੇ ਵਾਅਦੇ ਕਰਕੇ ਆਪਣੇ ਵਾਅਦੇ ਤੋਂ ਮੁਕਰਨ ਕਾਰਨ ਬੇਰੁਜ਼ਗਾਰ ਅਧਿਆਪਕ ਵਰਗ ਗੁੱਸੇ ਵਿੱਚ ਹੈ। ਹੇਅਰ ਨੇ ਦੱਸਿਆ ਕਿ ਅਧਿਆਪਕਾਂ ਦੇ ਇਸ ਮੁੱਦੇ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ 22 ਜੂਨ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰੇਗੀ।
ਹੇਅਰ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਅਤੇ ਹਰ ਘਰ ਵਿੱਚ ਰੁਜ਼ਗਾਰ ਦੇਣ ਦੀ ਗੱਲ ਕਹੀ ਸੀ ਪ੍ਰੰਤੂ ਚੋਣਾਂ ਤੋਂ ਪਿੱਛੋਂ ਉਹ ਆਪਣੇ ਵਾਅਦੇ ਤੋਂ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਾਰਨ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧਸ ਰਿਹਾ ਹੈ ਅਤੇ ਲੱਖਾਂ ਰੁਪਏ ਖਰਚ ਕੇ ਵਿਦੇਸ਼ਾਂ ਵਿੱਚ ਡੇਰੇ ਜਮਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਤਿ ਨਿੰਦਣਯੋਗ ਹੈ ਕਿ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪ੍ਰੰਤੂ ਅਜੇ ਤੱਕ ਕਿਸੇ ਵੀ ਵਰਗ ਨੂੰ ਕੋਈ ਵੀ ਰੁਜ਼ਗਾਰ ਮੁਹੱਈਆ ਨਹੀਂ ਕਰਾਇਆ ਗਿਆ। ਕੋਰੋਨਾ ਕਾਲ ਵਿਚ ਬੇਰੁਜ਼ਗਾਰੀ ਨਾਲ ਜੂਝ ਰਹੇ ਨੌਜਵਾਨ ਨਿਰਾਸ਼ਾ ਦੇ ਆਲਮ ਵਿੱਚੋਂ ਗੁਜ਼ਰ ਰਹੇ ਹਨ।
ਹੇਅਰ ਨੇ ਕਿਹਾ ਕਿ ਮੰਤਰੀ ਸਿੰਗਲਾ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਤੋਂ ਆਮ ਆਦਮੀ ਪਾਰਟੀ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਆਵਾਜ਼ ਨੂੰ ਕਮਜ਼ੋਰ ਨਾ ਸਮਝਿਆ ਜਾਵੇ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਦੇ ਨਾਲ ਹਿੱਕ ਠੋਕ ਕੇ ਖੜ੍ਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਪਿਛਲੇ 20 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਵੱਖ ਵੱਖ ਵਰਗਾਂ ਦੇ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਤਿ ਨਿੰਦਣਯੋਗ ਅਤੇ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਘਰ ਤੋਂ ਕੁਝ ਦੂਰੀ ਤੇ ਹੀ ਬੇਰੁਜ਼ਗਾਰ ਅਧਿਆਪਕ ਪਿਛਲੇ ਕਈ ਮਹੀਨਿਆਂ ਤੋਂ ਟਾਵਰਾਂ ਉੱਤੇ ਚੜ੍ਹੇ ਹੋਏ ਹਨ ਪ੍ਰੰਤੂ ਸਰਕਾਰ ਨੇ ਇਸ ਬਾਰੇ ਕਦੇ ਕੋਈ ਵੀ ਫ਼ੈਸਲਾ ਲੈਣ ਦੀ ਜ਼ਰੂਰਤ ਨਹੀਂ ਦਿਖਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਖੜ੍ਹੀ ਹੈ ਅਤੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸਰਕਾਰ ਦੇ ਗ਼ਲਤ ਕਾਰਜਾਂ ਦਾ ਵਿਰੋਧ ਕਰਦੀ ਰਹੇਗੀ।