ਗੁਰਦਾਸਪੁਰ, 11 ਜੁਲਾਈ (ਮੰਨਨ ਸੈਣੀ )। ਕੱਲ੍ਹ 12 ਜੁਲਾਈ ਦਿਨ ਸੋਮਵਾਰ ਨੂੰ ਜ਼ਿਲ੍ਹੇ ਅੰਦਰ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਲਗਾਉਣ ਲਈ ਵਿਸ਼ੇਸ ਮੁਹਿੰਮ ਵਿੱਢੀ ਜਾਵੇਗੀ, ਜਿਸ ਤਹਿਤ ਇਕ ਦਿਨ ਵਿੱਚ 11,000 ਵੈਕਸੀਨ ਲਗਾਈ ਜਾਵੇਗੀ।
ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਅੱਜ ਆਨਲਾਈਨ ਸਿਵਲ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਅੰਦਰ ਵੈਕਸ਼ੀਨੇਸ਼ਨ ਲਗਾਉਣ ਲਈ ਵਿਸ਼ੇਸ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਕੱਲ੍ਹ 12 ਜੁਲਾਈ ਨੂੰ ਜਿਲੇ ਗੁਰਦਾਸਪੁਰ ਅੰਦਰ ਇੱਕੋ ਦਿਨ 11,000 ਵੈਕਸ਼ੀਨੇਸ਼ਨ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਟੀਚੇ ਨੂੰ ਪੂਰਾ ਕਰਨ ਲਈ ਵੱਖ-ਵੱਖ ਪੱਧਰ ਤੇ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਵੈਕਸੀਨੇਸ਼ਨ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗਾ। 18 ਸਾਲ ਜਾਂ 18 ਸਾਲ ਤੋ ਵੱਧ ਉਮਰ ਵਾਲਾ ਕੋਈ ਵੀ ਵਿਅਕਤੀ ਵੈਕਸੀਨ ਲਗਾ ਸਕਦਾ ਹੈ।
ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਤਰ੍ਹਾਂ ਬੀਤੇ ਦਿਨਾਂ ਵਿੱਚ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ ਤੇ ਸਿਵਲ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀਆਂ ਲਗਾਈ ਗਈਆਂ ਸਨ, ਠੀਕ ਓਸੇ ਤਰ੍ਹਾਂ ਉਨ੍ਹਾਂ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ, ਤਾਂ ਜੋ ਇਸ ਮੁਹਿੰਮ ਨੂੰ ਵੀ ਸਫਲ ਬਣਾਇਆ ਜਾ ਸਕੇ।
ਇਸ ਅਭਿਅਾਨ ਤਹਿਤ ਜਿਲੇ ਅੰਦਰ ਵਿਧਾਨ ਸਭਾ ਹਲਕਾ ਵਾਈਜ਼ ਸਹਾਇਕ ਰਿਟਰਨਿੰਗ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਦੀ ਤੀਜੀ ਲਹਿਰ ਤੋਂ ਬਚਾਅ ਲਈ ਵੈਕਸੀਨ ਜਰੂਰ ਲਗਾਉਣ ਅਤੇ ਵੈਕਸੀਨ ਲਗਾਉਣ ਵਾਲੀਆਂ ਟੀਮਾਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ।