CORONA ਖੇਡ ਸੰਸਾਰ ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਨੇ ਹਾਕੀ ਵਿੱਚ ਭਾਰਤ ਦੀ ਖੁੱਸ ਚੁੱਕੀ ਸ਼ਾਨ ਦੀ ਬਹਾਲੀ ਲਈ ਪੁਰਸ਼ ਹਾਕੀ ਟੀਮ ਦੀ ਪਿੱਠ ਥਾਪੜੀ, ਤਗਮਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਸਕੱਤਰ ਨੂੰ ਰੂਪ-ਰੇਖਾ ਤਿਆਰ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਹਾਕੀ ਵਿੱਚ ਭਾਰਤ ਦੀ ਖੁੱਸ ਚੁੱਕੀ ਸ਼ਾਨ ਦੀ ਬਹਾਲੀ ਲਈ ਪੁਰਸ਼ ਹਾਕੀ ਟੀਮ ਦੀ ਪਿੱਠ ਥਾਪੜੀ, ਤਗਮਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਸਕੱਤਰ ਨੂੰ ਰੂਪ-ਰੇਖਾ ਤਿਆਰ ਕਰਨ ਲਈ ਕਿਹਾ
  • PublishedAugust 13, 2021

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਪੁਲਿਸ ਵਿੱਚ ਐਸ.ਪੀ. ਵਜੋਂ ਪਦਉੱਨਤ ਕੀਤਾ

ਮੁੱਖ ਮੰਤਰੀ ਅਤੇ ਰਾਜਪਾਲ ਨੇ ਪੰਜਾਬ ਦੇ ਓਲੰਪਿਕ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਆ

ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਮੈਡਲ ਜੇਤੂਆਂ ਨੂੰ ਨੌਕਰੀਆਂ ਦੇਣ ਲਈ ਜਲਦ ਹੀ ਰੂਪ ਰੇਖਾ ਤਿਆਰ ਕਰੇਗੀ। ਉਨ੍ਹਾਂ ਮੁੱਖ ਸਕੱਤਰ ਨੂੰ ਆਖਰੀ ਫੈਸਲਾ ਲੈਣ ਤੋਂ ਪਹਿਲਾਂ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ `ਤੇ ਵਿਚਾਰਨ ਲਈ ਕਿਹਾ।

ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਰੱਖੇ ਸਮਾਗਮ ਦੌਰਾਨ ਓਲੰਪਿਕ ਤਗਮਾ ਜੇਤੂਆਂ ਅਤੇ ਟੋਕੀਓ ਓਲੰਪਿਕ-2020 ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ, ਜਿਨ੍ਹਾਂ ਨੇ ਦੇਸ਼ ਖਾਸ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਕੇ ਸਾਰੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ, ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਖੇਡ ਇਤਿਹਾਸ ਵਿੱਚ ਮੁੜ ਇਤਿਹਾਸ ਸਿਰਜਿਆ ਹੈ।

ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਨਕਦ ਇਨਾਮੀ ਰਾਸ਼ੀ ਨੂੰ ਓਲੰਪਿਕ ਤਮਗਾ ਜੇਤੂਆਂ ਅਤੇ ਹਿੱਸਾ ਲੈਣ ਵਾਲਿਆਂ ਦੇ ਖਾਤਿਆਂ ਵਿੱਚ ਆਨਲਾਈਨ ਟਰਾਂਸਫਰ ਕੀਤਾ।

ਸਤਿਕਾਰ ਅਤੇ ਸ਼ੁਕਰਾਨੇ ਦੇ ਪ੍ਰਤੀਕ ਵਜੋਂ ਮਹਿਲਾ ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਆਪਣੇ ਸਮੁੱਚ ਟੀਮ ਮੈਂਬਰਾਂ ਦੇ ਦਸਤਖਤਾਂ ਵਾਲੀ ਹਾਕੀ ਭੇਟ ਕੀਤੀ।

ਟੋਕੀਓ ਓਲੰਪਿਕ -2020 ਵਿੱਚ 41 ਸਾਲਾਂ ਦੇ ਅੰਤਰਾਲ ਤੋਂ ਬਾਅਦ ਕਾਂਸੀ ਦਾ ਤਗਮਾ ਜਿੱਤਣ ਵਿੱਚ ਪੁਰਸ਼ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਇਸਨੂੰ ਹਾਕੀ ਵਿੱਚ ਭਾਰਤ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਦੀ ਸ਼ੁਰੂਆਤ ਦੱਸਿਆ।

ਟੋਕੀਓ ਓਲੰਪਿਕ -2020 ਵਿੱਚ ਸੂਬਾਈ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਦੇ ਨਾਮ `ਤੇ ਸਕੂਲਾਂ ਅਤੇ ਉਨ੍ਹਾਂ ਦੇ ਜੱਦੀ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਨਾਂ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਅਜਿਹੇ ਸਕੂਲਾਂ ਅਤੇ ਸੜਕਾਂ ਦੀ ਪਛਾਣ ਕਰਨ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਖਿਡਾਰੀਆਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ ਜਿਨ੍ਹਾਂ ਨੇ ਹਰ ਪੰਜਾਬੀ ਦਾ ਮਾਣ ਵਧਾਇਆ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਪੁਰਸ਼ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਤੋਂ ਐਸ.ਪੀ. ਵਜੋਂ ਤਰੱਕੀ ਦਿੱਤੀ।

ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਜਿਸ ਨਾਲ ਉਹ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਹੋਰ ਉੱਤਮ ਕਾਰਗੁਜ਼ਾਰੀ ਵਿਖਾ ਸਕਣ, ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਪੰਜਾਬ ਦੇ ਖਿਡਾਰੀਆਂ ਦੇ ਵਿਲੱਖਣ ਹੁਨਰ ਨੂੰ ਆਲਮੀ ਨਕਸ਼ੇ `ਤੇ ਪ੍ਰਦਰਸ਼ਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਨੇ ਖੇਡ ਮੰਤਰੀ ਨੂੰ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਦੀ ਸਲਾਹ ਨਾਲ ਵੱਖ -ਵੱਖ ਖੇਡਾਂ ਲਈ ਅਤਿ ਆਧੁਨਿਕ ਸਟੇਡੀਅਮ ਵਿਕਸਤ ਕਰਨ ਸਬੰਧੀ ਰੂਪ -ਰੇਖਾ ਤਿਆਰ ਕਰਨ ਲਈ ਕਿਹਾ ਤਾਂ ਜੋ ਉਹ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਪੇਸ਼ੇਵਰ ਢੰਗ ਨਾਲ ਅਭਿਆਸ ਕਰ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਅਤੇ ਉੱਘੇ ਅਥਲੀਟ ਮਿਲਖਾ ਸਿੰਘ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਉਹ ਅੱਜ ਜ਼ਿੰਦਾ ਹੁੰਦੇ ਤਾਂ ਇਸ ਦੁਰਲੱਭ ਪ੍ਰਾਪਤੀ `ਤੇ ਸਭ ਤੋਂ ਜ਼ਿਆਦਾ ਖੁਸ਼ੀ ਇਨ੍ਹਾਂ ਦੋਹਾਂ ਮਹਾਨ ਖਿਡਾਰੀਆਂ ਨੂੰ ਹੋਣੀ ਸੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੰਜਾਬ ਦਾ ਪਿਛੋਕੜ ਰੱਖਣ ਵਾਲੇ ਗੋਲਡ ਮੈਡਲ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ, ਜੋ ਇਸ ਵਿਲੱਖਣ ਪਾ੍ਰਪਤੀ ਨੂੰ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਅਥਲੀਟ ਹਨ, ਨੂੰ ਵੀ ਸਨਮਾਨਿਤ ਕਰੇਗੀ। ਦੱਸਣਯੋਗ ਹੈ ਕਿ ਨੀਰਜ ਚੋਪੜਾ ਅੱਜ ਦੇ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੁਰਸ਼ ਹਾਕੀ ਵਿੱਚ ਇਤਿਹਾਸਕ ਜਿੱਤ ਅਤੇ ਮਹਿਲਾ ਹਾਕੀ ਟੀਮ ਅਤੇ ਅਥਲੀਟ ਕਮਲਪ੍ਰੀਤ ਕੌਰ ਵੱਲੋਂ ਦਿਖਾਈ ਗਈ ਸ਼ਾਨਦਾਰ ਕਾਰਗੁਜ਼ਾਰੀ ਅਤੇ ਖੇਡ ਭਾਵਨਾ ਹਮੇਸ਼ਾ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਮਾਣ-ਸਨਮਾਨ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਮੁੱਕੇਬਾਜ਼ੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਸ਼ਮੂਲੀਅਤ ਦੀ ਵੀ ਸ਼ਲਾਘਾ ਕੀਤੀ।

ਆਪਣੇ ਸੰਬੋਧਨ ਵਿੱਚ ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਖਿਡਾਰੀਆਂ ਦੀ ਪੁਲਿਸ ਫੋਰਸ ਵਿੱਚ ਭਰਤੀ ਹੋਣ ਦੀ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਇਛੁੱਕ ਖਿਡਾਰੀਆਂ ਨੂੰ ਚੰਡੀਗੜ੍ਹ ਪੁਲਿਸ ਵਿੱਚ ਭਰਤੀ ਹੋਣ ਦੀ ਪੇਸ਼ਕਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਪਿੰਡਾਂ ਤੋਂ ਹੁਨਰਮੰਦ ਖਿਡਾਰੀਆਂ ਦਾ ਪੂਲ ਤਿਆਰ ਕਰਕੇ ਲਿਆਂਦਾ ਜਾਵੇ ਅਤੇ ਸਾਡੇ ਪੇਂਡੂ ਖੇਤਰਾਂ ਵਿੱਚ ਢੁੱਕਵੀਆਂ ਸਹੂਲਤਾਂ ਨਾਲ ਲੈਸ ਖੇਡ ਅਕੈਡਮੀਆਂ ਦੀ ਲੋੜ ਹੈ ਜਿੱਥੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਾਇਆ ਜਾ ਸਕੇ।
ਰਾਜਪਾਲ ਨੇ ਓਲੰਪਿਕ ਵਿਚ ਪੰਜਾਬ ਦੇ ਖਿਡਾਰੀਆਂ ਦੇ ਮਿਸਾਲੀ ਯੋਗਦਾਨ ਦਾ ਜਿਕਰ ਕਰਦਿਆਂ ਕਿਹਾ ਕਿ ਮਿੱਠਾਪੁਰ ਅਤੇ ਸੰਸਾਰਪੁਰ ਨੂੰ ਹਾਕੀ ਦੇ ਉੱਭਰਦੇ ਖਿਡਾਰੀਆਂ ਦੀਆਂ ਨਰਸਰੀਆਂ ਮੰਨਿਆ ਜਾਂਦਾ ਰਿਹਾ ਜਿਨ੍ਹਾਂ ਨੇ ਕੌਮਾਂਤਰੀ ਖੇਡਾਂ ਵਿਚ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਹਨਾਂ ਕਿਹਾ ਕਿ ਓਲੰਪਿਕ ਵਿੱਚ ਹਾਕੀ ਟੀਮ ਵਿਚ ਇੱਕ ਵਾਰ ਤਾਂ ਬਹੁਤੇ ਮੈਂਬਰ ਇਕੱਲੇ ਸੰਸਾਰਪੁਰ ਦੇ ਸਨ।

????????????????????????????????????

ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੁਰਜੀਤ ਹਾਕੀ ਅਕੈਡਮੀ ਦੀਆਂ ਲੀਹਾਂ ਉੱਤੇ ਮਹਿਲਾ ਹਾਕੀ ਅਕੈਡਮੀ ਸਥਾਪਤ ਕਰੇਗੀ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਓਲੰਪਿਕ ਤਮਗ਼ਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਦੀ ਪੇਸ਼ਕਸ਼ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ।
ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਸ ਵਾਰ ਨਕਦ ਪੁਰਸਕਾਰਾਂ ਦੀ ਰਾਸ਼ੀ ਵਧਾ ਕੇ ਦੇਣ ਦਾ ਫੈਸਲਾ ਕੀਤਾ। ਇਸ ਮੌਕੇ ਕਾਂਸੀ ਤਮਗਾ ਜੇਤੂ 10 ਪੁਰਸ਼ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ, ਭਾਰਤੀ ਪੁਰਸ਼ ਹਾਕੀ ਖਿਡਾਰੀ (ਭਾਗੀਦਾਰ) ਅਤੇ ਇਕ ਫਾਈਨਲਿਸਟ ਅਥਲੀਟ ਨੂੰ 50-50 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਛੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਟੋਕੀਓ ਓਲੰਪਿਕਸ ਵਿੱਚ ਪੰਜਾਬ ਦੇ 20 ਖਿਡਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਦੇ 11 ਖਿਡਾਰੀ ਮਨਪ੍ਰੀਤ ਸਿੰਘ (ਕਪਤਾਨ), ਮਨਦੀਪ ਸਿੰਘ, ਹਾਰਦਿਕ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਕ੍ਰਿਸ਼ਨ ਪਾਠਕ, ਵਰੁਣ ਕੁਮਾਰ ਅਤੇ ਸਿਮਰਨਜੀਤ ਸਿੰਘ, 3 ਅਥਲੈਟਿਕਸ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ (ਸ਼ਾਟਪੁੱਟ), ਕਮਲਪ੍ਰੀਤ ਕੌਰ (ਡਿਸਕਸ ਥਰੋਅਰ) ਅਤੇ ਗੁਰਪ੍ਰੀਤ ਸਿੰਘ (50 ਕਿਲੋਮੀਟਰ ਵਾਕਰ),ਸੈਮੀਫਾਈਨਲ ਵਿੱਚ ਪਹੁੰਚੀ ਅਤੇ ਚੌਥੇ ਸਥਾਨ ‘ਤੇ ਰਹੀ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ ਗੁਰਜੀਤ ਕੌਰ, ਰੀਨਾ ਖੋਖਰ ਅਤੇ ਨਿਸ਼ਾਨੇਬਾਜ਼ ਅੰਜੁਮ ਮੌਦਗਿੱਲ ਅਤੇ ਅੰਗਦਵੀਰ ਸਿੰਘ, ਮੁੱਕੇਬਾਜ਼ ਸਿਮਰਨਜੀਤ ਕੌਰ ਅਤੇ ਪੈਰਾਲਿੰਪਿਕਸ ਵਿੱਚ ਹਿੱਸਾ ਲੈਣ ਜਾ ਰਹੀ ਬੈਡਮਿੰਟਨ ਖਿਡਾਰੀ ਪਲਕ ਕੋਹਲੀ ਸ਼ਾਮਲ ਹਨ।

Written By
The Punjab Wire