15-20 ਸਾਲ ਤੋਂ ਲੰਬਿਤ ਮਾਮਲਿਆਂ ‘ਚ ਕਾਰਵਾਈ ਕਰਦਿਆਂ ਸ਼ੂਗਰਫੈਡ ਨੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਬਣਦਾ ਹੱਕ ਦਿੱਤਾ: ਗੁਰਕੀਰਤ ਸਿੰਘ ਕੋਟਲੀ
ਬਟਾਲਾ ਤੇ ਅਜਨਾਲਾ ਖੰਡ ਮਿੱਲਾਂ ਦੇ 21 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਵੀ ਦਿੱਤੇ ਜਾ ਚੁੱਕੇ ਹਨ ਨਿਯੁਕਤੀ ਪੱਤਰ
ਚੰਡੀਗੜ੍ਹ, 17 ਅਗਸਤ। ਸਹਿਕਾਰੀ ਖੰਡ ਮਿੱਲਾਂ ਵਿੱਚ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਯੋਗਤਾ ਅਨੁਸਾਰ ਪੱਕੇ ਤੌਰ ਉਤੇ ਨੌਕਰੀ ਦੇਣ ਦੇ ਲੰਬੇ ਸਮੇਂ ਤੋਂ ਰੁਕੇ ਪਏ ਕੇਸਾਂ ਉਤੇ ਕਾਰਵਾਈ ਕਰਦਿਆਂ ਸ਼ੂਗਰਫੈਡ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਦੇ ਅਜਿਹੇ ਹੀ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਥੇ ਸੈਕਟਰ 35 ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਇਹ ਨਿਯੁਕਤੀ ਪੱਤਰ ਵੰਡੇ ਗਏ।ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਕਾਰਵਾਈ ਅਧੀਨ ਸੀ ਅਤੇ ਅੱਜ 23 ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਤੋਂ ਪਹਿਲਾਂ ਬਟਾਲਾ ਸਹਿਕਾਰੀ ਖੰਡ ਮਿੱਲ ਦੇ 13 ਮ੍ਰਿਤਕ ਮੁਲਾਜ਼ਮਾਂ ਅਤੇ ਅਜਨਾਲਾ ਸਹਿਕਾਰੀ ਖੰਡ ਮਿੱਲ ਦੇ 8 ਮ੍ਰਿਤਕ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਸਹਿਕਾਰਤਾ ਮੰਤਰੀ ਨੇ ਆਖਿਆ ਕਿ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਵੀ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਅਦਾਰੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਵਿਛੜੇ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਾਰ ਲੈਣਾ ਵਿਭਾਗ ਦਾ ਫਰਜ਼ ਬਣਦਾ ਹੈ ਜਿਸ ਕਾਰਨ ਉਨ੍ਹਾਂ ਵਿਭਾਗ ਨੂੰ ਹਦਾਇਤ ਦਿੱਤੀ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਕੇਸਾਂ ਵਿੱਚ ਤਰਸ ਦੇ ਆਧਾਰ ‘ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।ਸ਼ੂਗਰਫੈਡ ਦੇ ਚੇਅਰਮੈਨ ਸ. ਅਮਰੀਕ ਸਿੰਘ ਆਲੀਵਾਲ ਨੇ ਕਿਹਾ ਕਿ ਅੱਜ ਇਨ੍ਹਾਂ ਪਰਿਵਾਰਾਂ ਦੀ ਲੰਮੇ ਸਮੇਂ ਤੋੋਂ ਕੀਤੀ ਜਾ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਪਿਆ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸ਼ੂਗਰਫੈਡ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਗ ਫੜਨਾ ਦਾ ਉਪਰਾਲਾ ਜ਼ਰੂਰ ਕੀਤਾ ਗਿਆ ਹੈ।ਖੰਨਾ ਤੋਂ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ ਨੇ ਸਹਿਕਾਰਤਾ ਮੰਤਰੀ ਤੇ ਅਦਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਮਲੇ ਪਿਛਲੇ 15-20 ਸਾਲਾਂ ਤੋੋਂ ਰੁਕੇ ਪਏ ਸਨ ਜਿਨ੍ਹਾਂ ਨੂੰ ਪੂਰਾ ਕਰ ਕੇ ਅੱਜ ਨਿਯੁਕਤੀ ਪੱਤਰ ਵੰਡ ਕੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਵੱਡੀ ਮੱਦਦ ਕੀਤੀ ਹੈ। ਬੁੱਢੇਵਾਲ ਖੰਡ ਮਿੱਲ ਦੇ ਚੇਅਰਮੈਨ ਸ. ਹਰਿੰਦਰ ਸਿੰਘ ਲੱਖੋਵਾਲ ਨੇ ਧੰਨਵਾਦ ਕੀਤਾ ਅਤੇ ਸਮੂਹ ਬੋਰਡ ਆਫ ਡਾਇਰੈਕਟਰਜ਼ ਵੱਲੋਂ ਸਹਿਕਾਰਤਾ ਮੰਤਰੀ ਨੂੰ ਸਨਮਾਨਤ ਕੀਤਾ ਗਿਆ।ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਐਮ.ਡੀ. ਸ੍ਰੀ ਪੁਨੀਤ ਗੋਇਲ ਤੇ ਜਨਰਲ ਮੈਨੇਜਰ ਕੰਵਲਜੀਤ ਸਿੰਘ, ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਦੇ ਸਾਰੇ ਬੋੋਰਡ ਆਫ ਡਾਇਰੈਕਟਰਜ਼ ਹਾਜ਼ਰ ਸਨ।