ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਚੇਅਰਮੈਨ ਪੰਮਾ ਨੂੰ ਦਿੱਤੀਆਂ ਵਧਾਈਆਂ
ਬਟਾਲਾ, 31 ਅਗਸਤ ( ਮੰਨਨ ਸੈਣੀ ) – ਪਵਨ ਕੁਮਾਰ ਪੰਮਾ ਨੇ ਅੱਜ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਪੰਮਾ ਦੀ ਅਹੁਦਾ ਸੰਭਾਲਣ ਦੀ ਰਸਮ ਮੌਕੇ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸ. ਜਸਬੀਰ ਸਿੰਘ ਗਿੱਲ, ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ, ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸ੍ਰੀ ਜੋਗਿੰਦਰਪਾਲ, ਐੱਸ.ਐੱਸ.ਐੱਸ. ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਸ. ਭੁਪਿੰਦਰਪਾਲ ਸਿੰਘ ਭਗਤੂਪੁਰ, ਜਾਟ ਮਹਾਂ ਸਭਾ ਦੇ ਪ੍ਰਧਾਨ ਸ. ਹਰਪਾਲ ਸਿੰਘ ਹਰਪੁਰਾ, ਮਨੋਹਰ ਲਾਲ ਸ਼ਰਮਾਂ, ਕੰਵਰ ਪ੍ਰਤਾਪ ਸਿੰਘ ਬਾਜਵਾ, ਬਰਿੰਦਰ ਸਿੰਘ ਛੋਟੇਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਟਾਲਾ ਸ਼ਹਿਰ ਦੇ ਨਿਵਾਸੀ ਹਾਜ਼ਰ ਸਨ।
ਨਵ-ਨਿਯੁਕਤ ਚੇਅਰਮੈਨ ਸ੍ਰੀ ਪਵਨ ਕੁਮਾਰ ਪੰਮਾ ਨੂੰ ਵਧਾਈ ਦਿੰਦਿਆਂ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਪੰਮਾ ਬੜੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਪਾਰਟੀ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਪੰਮਾ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਾਮਜ਼ਦ ਕਰਕੇ ਪਾਰਟੀ ਲਈ ਕੰਮ ਕਰਨ ਵਾਲੇ ਵਰਕਰ ਦਾ ਮਾਣ ਵਧਾਇਆ ਹੈ। ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਸ੍ਰੀ ਪੰਮਾ ਆਪਣੀ ਇਸ ਜ਼ੁਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ ਅਤੇ ਨਗਰ ਸੁਧਾਰ ਟਰੱਸਟ ਨਵੇਂ ਮੁਕਾਮ ਹਾਸਲ ਕਰੇਗੀ।
ਬਟਾਲਾ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਹੀ ਬਟਾਲਾ ਸ਼ਹਿਰ ਦਾ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪੂਰਾ ਯਤਨ ਕਰਨਗੇ ਕਿ ਬਟਾਲਾ ਸ਼ਹਿਰ ਲਈ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣ।
ਇਸ ਮੌਕੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੇ ਸ. ਪ੍ਰਤਾਪ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।