ਬਟਾਲਾ, 7 ਸਤੰਬਰ ( ਮੰਨਣ ਸੈਣੀ )। ਪੀ.ਸੀ.ਐੱਸ. ਅਧਿਕਾਰੀ ਸ੍ਰੀਮਤੀ ਸ਼ਾਇਰੀ ਮਲਹੋਤਰਾ ਨੇ ਅੱਜ ਬਟਾਲਾ ਦੀ ਐੱਸ.ਡੀ.ਐੱਮ. ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀਮਤੀ ਮਲਹੋਤਰਾ ਇਸ ਤੋਂ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਫਗਵਾੜਾ ਵਿਖੇ ਐੱਸ.ਡੀ.ਐੱਮ. ਤਾਇਨਾਤ ਸਨ।
ਅਹੁਦਾ ਸੰਭਾਲਣ ਤੋਂ ਬਾਅਦ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਸ਼ੁਭਾਗੀ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇਗਾ ਅਤੇ ਸਫ਼ਾਈ ਪੱਖੋਂ ਵੀ ਸ਼ਹਿਰ ਨੂੰ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤਹਿਸੀਲ ਬਟਾਲਾ ਵਿੱਚ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ।
ਐੱਸ.ਡੀ.ਐੱਮ. ਸ੍ਰੀਮਤੀ ਸ਼ਾਇਰੀ ਮਲਹੋਤਰਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਜੋ ਵੀ ਤਿਆਰੀਆਂ ਪ੍ਰਸ਼ਾਸਨ ਵੱਲੋਂ ਕਰਨੀਆਂ ਹਨ ਉਨ੍ਹਾਂ ਨੂੰ ਸਮਾਂਬੱਧ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਬਟਾਲਾ ਤਹਿਸੀਲ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਤਹਿਸੀਲ ਵਾਸੀ ਆਪਣੀ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨੂੰ ਨਿਰਸੰਕੋਚ ਮਿਲ ਸਕਦੇ ਹਨ।