ਗੁਰੂ ਸਾਹਿਬ ਦੇ ਪਾਵਨ ਚਰਨ ਪੈਣ ਨਾਲ ਬਟਾਲਾ ਦੀ ਧਰਤੀ ਬਹੁਤ ਭਾਗਾਂ ਵਾਲੀ – ਪ੍ਰਤਾਪ ਸਿੰਘ ਬਾਜਵਾ
ਸ. ਬਾਜਵਾ ਨੇ ਬਟਾਲਾ ਦੇ ਜਲਦ ਜ਼ਿਲ੍ਹਾ ਬਣਨ ਦੀ ਉਮੀਦ ਵੀ ਜਤਾਈ
ਬਟਾਲਾ, 12 ਸਤੰਬਰ ( ਮੰਨਨ ਸੈਣੀ) – ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਪੂਰੀ ਦੁਨੀਆਂ ਵਿੱਚ ਵੱਸਦੀ ਨਾਨਕ-ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਵਿਆਹ ਪੁਰਬ ਮੌਕੇ ਸ. ਪ੍ਰਤਾਪ ਸਿੰਘ ਬਾਜਵਾ ਨੇ ਗੁਰੂ ਘਰ ਦੀਆਂ ਖੁਸ਼ੀਆਂ ਲੈਣ ਲਈ ਅੱਜ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੀ ਕਮੇਟੀ ਵੱਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਅਰਦਾਸ ਵਿੱਚ ਵੀ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਮਾਰਕਿਟ ਕਮੇਟੀ ਗੁਰਿੰਦਰ ਸਿੰਘ ਚੀਕੂ, ਬੱਲਾ ਬਿਸ਼ਨੀਵਾਲ, ਮਨਜੀਤ ਸਿੰਘ ਹੰਸਪਾਲ, ਸਾਬਕਾ ਵਾਈਸ ਪ੍ਰਧਾਨ ਹਰਿੰਦਰ ਸਿੰਘ ਕਲਸੀ ਵੀ ਮੌਜੂਦ ਸਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਗੁਰਤਿੰਦਰਪਾਲ ਸਿੰਘ ਭਾਟੀਆ ਵੱਲੋਂ ਸ. ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਨਾਲ ਨਿਵਾਜਿਆ ਗਿਆ।
ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਦੀ ਧਰਤੀ ਬਹੁਤ ਭਾਗਾਂ ਵਾਲੀ ਹੈ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਆਏ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਿਆਹ ਦੀ ਯਾਦ ਵਿੱਚ ਬਟਾਲਾ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਬੜੀ ਸ਼ਰਧਾ ਉਤਸ਼ਾਹ ਨਾਲ ਵਿਆਹ ਪੁਰਬ ਦੇ ਪਾਵਨ ਦਿਹਾੜੇ ਨੂੰ ਮਨਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਅਤੇ ਸ੍ਰੀ ਅਚਲੇਸ਼ਵਰ ਧਾਮ ਨਾਲ ਸਬੰਧਤ ਬਟਾਲਾ ਸ਼ਹਿਰ ਆਪਣਾ ਖਾਸ ਮੁਕਾਮ ਰੱਖਦਾ ਹੈ ਅਤੇ ਸ਼ਹਿਰ ਦੀ ਅਮੀਰ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਅਤੇ ਉਦਯੋਗਿਕ ਮਹੱਤਤਾ ਨੂੰ ਦੇਖਦੇ ਹੋਏ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ। ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਮੁੱਖ ਮੰਤਰੀ ਸਾਹਿਬ ਬਹੁਤ ਜਲਦੀ ਬਟਾਲਾ ਨੂੰ ਜ਼ਿਲ੍ਹਾ ਬਣਾ ਕੇ ਇਸਦਾ ਬਣਦਾ ਹੱਕ ਜਰੂਰ ਦੇਣਗੇ।
ਬਟਾਲਾ ਸ਼ਹਿਰ ਦੇ ਵਿਕਾਸ ਬਾਰੇ ਗੱਲ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ ਸੀਵਰੇਜ ਅਤੇ ਜਲ ਸਪਲਾਈ ਦੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਸ਼ਹਿਰ ਦੇ ਹਰ ਘਰ ਨੂੰ ਜਲ ਸਪਲਾਈ ਅਤੇ ਸੀਵਰੇਜ ਕੁਨੈਕਸ਼ਨ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਸੀਵਰੇਜ ਦੇ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਅਤੇ ਇਸ ਸਬੰਧੀ ਉਹ ਅਗਲੇ ਦਿਨਾਂ ਵਿੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦਾ ਦੌਰਾ ਵੀ ਕਰਨਗੇ।
ਇੱਕ ਸੁਆਲ ਦੇ ਜੁਆਬ ਵਿੱਚ ਸ. ਬਾਜਵਾ ਨੇ ਕਿਹਾ ਕਿ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੀ ਮੰਗ ਨਾਲ 100 ਫੀਸਦੀ ਸਹਿਮਤ ਹਨ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਰਾਜ ਸਭਾ ਵਿੱਚ ਵੀ ਕਿਸਾਨਾਂ ਦੀ ਅਵਾਜ਼ ਬੁਲੰਦ ਕੀਤੀ ਹੈ ਅਤੇ ਹਰ ਮੁਹਾਜ ’ਤੇ ਉਹ ਕਿਸਾਨੀ ਦੇ ਮਸਲੇ ਉਠਾਉਂਦੇ ਰਹਿਣਗੇ।