ਨੇਤਰਹੀਣ ਉਮੀਦਵਾਰਾਂ ਨੂੰ ਉਹਨਾਂ ਦੀ ਸਹੂਲਤ ਲਈ ਸਾਇੰਸ ਅਤੇ ਕਾਮਰਸ ਸਟਰੀਮ ਵਿਸ਼ਿਆਂ ‘ਚ ਖਾਲੀ ਰਹੀਆਂ ਅਸਾਮੀਆਂ ਦੇ ਬਦਲੇ ਆਰਟਸ ਸਟਰੀਮ ਵਿਸ਼ਿਆਂ ‘ਚ ਉਹੀ ਕੋਟਾ ਮਿਲੇਗਾ: ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ, 17 ਸਤੰਬਰ:ਸਕੂਲ ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੇਤਰਹੀਣ ਸ਼੍ਰੇਣੀ ਦੇ ਉਮੀਦਵਾਰਾਂ ਦੀ ਸਹੂਲਤ ਲਈ ਮਾਸਟਰ ਕੇਡਰ ਦੀਆਂ ਖਾਲੀ ਰਹੀਆਂ ਅਸਾਮੀਆਂ ਦੇ ਵਿਸ਼ਿਆਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨੇਤਰਹੀਣ ਉਮੀਦਵਾਰਾਂ ਦੀ ਸਹੂਲਤ ਲਈ ਸਿੱਖਿਆ ਵਿਭਾਗ ਨੇ ਸਾਇੰਸ ਅਤੇ ਕਾਮਰਸ ਸਟਰੀਮ ਵਿਸ਼ਿਆਂ ਅਤੇ ਸਰੀਰਕ ਸਿੱਖਿਆ ਵਿਸ਼ਿਆਂ ਲਈ ਯੋਗ ਉਮੀਦਵਾਰ ਨਾ ਮਿਲਣ ਕਾਰਨ ਖਾਲੀ ਪਈਆਂ ਅਸਾਮੀਆਂ ਦੇ ਬਦਲੇ ਆਰਟਸ ਸਟਰੀਮ ਦੇ ਵਿਸ਼ਿਆਂ ਦੀਆਂ ਅਸਾਮੀਆਂ ਵਿੱਚ ਉਹੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ।
ਹੋਰ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੁਝ ਵਿਸ਼ੇ ਅਜਿਹੇ ਸਨ ਜਿਨ੍ਹਾਂ ਵਿੱਚ ਮਾਸਟਰ ਕਾਡਰ ਦੀਆਂ ਅਸਾਮੀਆਂ ਜ਼ਿਆਦਾਤਰ ਮੌਕੇ ਖਾਲੀ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ਿਆਂ ਵਿੱਚ ਸਾਇੰਸ, ਗਣਿਤ, ਰਸਾਇਣ ਵਿਗਿਆਨ, ਜੀਵ ਵਿਗਿਆਨ, ਕਾਮਰਸ, ਸਰੀਰਕ ਸਿੱਖਿਆ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਵਿਸ਼ਿਆਂ ਦੀਆਂ ਨੇਤਰਹੀਣ ਸ਼੍ਰੇਣੀਆਂ ਦੀਆਂ ਖਾਲੀ ਅਸਾਮੀਆਂ ਨੂੰ ਪੰਜਾਬੀ, ਹਿੰਦੀ, ਸੰਗੀਤ, ਇਤਿਹਾਸ, ਰਾਜਨੀਤੀ ਸ਼ਾਸਤਰ ਅਤੇ ਸਮਾਜ ਸ਼ਾਸਤਰ ਦੇ ਵਿਸ਼ਿਆਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੇਤਰਹੀਣ ਕੋਟੇ ਦੀਆਂ ਅਸਾਮੀਆਂ ਨੂੰ ਆਰਟਸ ਸਟਰੀਮ ਵਿਸ਼ਿਆਂ ਵਿੱਚ ਬਦਲਣ ਦੇ ਫੈਸਲੇ ਨਾਲ ਇਨ੍ਹਾਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਮਾਸਟਰ ਕਾਡਰ ਦੀਆਂ ਅਸਾਮੀਆਂ ਦੀ ਭਰਤੀ ਵਿੱਚ ਵਧੇਰੇ ਨੌਕਰੀਆਂ ਦਾ ਮੌਕਾ ਮਿਲੇਗਾ ਜੋ ਪਹਿਲਾ ਯੋਗ ਉਮੀਦਵਾਰ ਨਾ ਹੋਣ ਕਾਰਨ ਅਜਾਈਂ ਨਿਕਲ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਿੱਖਿਆ ਵਿਭਾਗ ਵੀ ਬਿਨਾਂ ਕਿਸੇ ਰੁਕਾਵਟ ਤੋਂ ਇਨ੍ਹਾਂ ਸ਼੍ਰੇਣੀਆਂ ਲਈ ਰਾਖਵੀਂਆਂ ਅਸਾਮੀਆਂ ਭਰ ਸਕੇਗਾ।