ਕਰਮਚਾਰੀਆਂ ਦੀ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਗਰੇਵਾਲ
ਬਟਾਲਾ, 21 ਸਤੰਬਰ ( ਮੰਨਨ ਸੈਣੀ )। ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿੱਚ ਸਮੇਂ ਸਿਰ ਆਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਵੇਰੇ 9 ਵਜੇ ਨਗਰ ਨਿਗਮ ਬਟਾਲਾ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਜਾ ਕੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਨਗਰ ਨਿਗਮ ਬਟਾਲਾ ਦੇ 26 ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਨਗਰ ਨਿਗਮ ਦੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਕਮਿਸ਼ਨਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ।
ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਰਮਚਾਰੀਆਂ ਦੀ ਲੇਟ-ਲਤੀਫ਼ੀ ਅਤੇ ਗੈਰ-ਹਾਜ਼ਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਦਫ਼ਤਰ ਆ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਚੈਕਿੰਗ ਜਾਰੀ ਰਹੇਗੀ। ਕਮਿਸ਼ਨਰ ਸ. ਗਰੇਵਾਲ ਨੇ ਕਿਹਾ ਕਿ ਨਗਰ ਨਿਗਮ ਦੀ ਸਮੁੱਚੀ ਟੀਮ ਬਟਾਲਾ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਹੈ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।