ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਇਆ ਜਾਵੇਗਾ: ਰੰਧਾਵਾ
ਗੁਰਦਾਸਪੁਰ , 21 ਸਤੰਬਰ (ਮੰਨਨ ਸੈਣੀ)। ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਹਾਲਾਕਿ ਰੰਧਾਵਾ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਗੈਰ ਹਾਜਿਰ ਰਹੇ। ਸੁੱਖਜਿੰਦਰ ਸਿੰਘ ਰੰਧਾਵਾ ਨੂੰ ਹਮੇਸ਼ਾ ਵੱਡੇ ਭਰਾ ਦਸੱਣ ਵਾਲੇ ਨਵਜੋਤ ਸਿੰਘ ਸਿੱਧੂ ਦੀ ਗੈਰ ਹਾਜਿਰੀ ਨੇ ਕਈ ਤਰਾਂ ਦੇ ਸਵਾਲ ਖੜੇ ਕਰ ਦਿੱਤੇ ਗਏ ਹਨ। ਕਿਊਕਿ ਸਿੱਧੁੂ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਵਿਚ ਸੱਭ ਤੋਂ ਅਹਿਮ ਯੋਗਜਾਨ ਪਾਉਣ ਵਾਲਾ ਸੁੱਖਜਿੰਦਰ ਸਿੰਘ ਰੰਧਾਵਾ ਹੀ ਸੀ।
ਇਸ ਮੌਕੇ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਅਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।
ਸ. ਰੰਧਾਵਾ ਨੇ ਆਪਣੇ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ, ਨਵਤੇਜ ਸਿੰਘ ਚੀਮਾ, ਦਵਿੰਦਰ ਸਿੰਘ ਘੁਬਾਇਆ, ਮਦਨ ਲਾਲ ਜਲਾਲਪੁਰ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ (ਸਾਰੇ ਵਿਧਾਇਕ) ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਦੈਵੀਰ ਸਿੰਘ ਰੰਧਾਵਾ ਤੇ ਬੱਬੀ ਅਬੁਲ ਖੁਰਾਣਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ (ਅੰਮ੍ਰਿਤਸਰ ਦਿਹਾਤੀ) ਭਗਵੰਤ ਸਿੰਘ ਸੱਚਰ ਅਤੇ ਉਨ੍ਹਾਂ ਦੇ ਸਮਰਥਕ ਅਤੇ ਸ਼ੁਭਚਿੰਤਕ ਸ਼ਾਮਲ ਹੋਏ।