ਵਾਰਡ ਨੰਬਰ 14 ਨੂੰ ਕੂੜਾ ਮੁਕਤ ਕਰਕੇ ਪੂਰੇ ਸ਼ਹਿਰ ਲਈ ਮਿਸਾਲ ਪੈਦਾ ਕੀਤੀ
ਨਗਰ ਨਿਗਮ ਨੇ ਫੀਡਬੈਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੂੜੇ ਦੇ ਪ੍ਰਬੰਧਨ ਦੀ ਸਿਖਲਾਈ ਲਈ ਲਗਾਈ ਵਰਕਸ਼ਾਪ
ਬਟਾਲਾ, 24 ਸਤੰਬਰ ( ਮੰਨਨ ਸੈਣੀ) – ਇਤਿਹਾਸਕ ਸ਼ਹਿਰ ਬਟਾਲਾ ਨੂੰ ਡੰਪ ਮੁਕਤ ਸ਼ਹਿਰ ਬਣਾਉਣ ਲਈ ਨਗਰ ਨਿਗਮ ਬਟਾਲਾ ਵੱਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਨਗਰ ਨਿਗਮ ਨੇ ਫੀਡਬੈਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਾਰਡ ਨੰਬਰ 14 ਨੂੰ ਕੂੜਾ ਮੁਕਤ ਕਰ ਦਿੱਤਾ ਗਿਆ ਹੈ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਮੌਕੇ ਸ਼ਹਿਰ ਦੇ 6 ਹੋਰ ਵਾਰਡਾਂ ਵਿੱਚ ਕੂੜੇ ਦੀ ਸੈਗਰੀਗੇਸ਼ਨ ਅਤੇ ਡੋਰ ਟੂ ਡੋਰ ਕੁਲੈਕਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਦੇਸ਼ ਦੀ ਸਭ ਤੋਂ ਮੋਹਰੀ ਸੰਸਥਾ ਫੀਡਬੈਕ ਫਾਊਂਡੇਸ਼ਨ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ ਜੋ ਬਟਾਲਾ ਵਾਸੀਆਂ ਨੂੰ ਕੂੜੇ ਦੇ ਪ੍ਰਬੰਧਨ ਦੇ ਗੁਰ ਦੱਸ ਰਹੀ ਹੈ।
ਕੂੜੇ ਦੀ ਵਿਗਿਆਨਕ ਢੰਗ ਨਾਲ ਸੰਭਾਲ ਕਰਨ ਦੇ ਗੁਰ ਦੱਸਣ ਲਈ ਅੱਜ ਨਗਰ ਨਿਗਮ ਦਫ਼ਤਰ ਬਟਾਲਾ ਵਿਖੇ ਫੀਡਬੈਕ ਫਾਊਂਡੇਸ਼ਨ ਵੱਲੋਂ ਇੱਕ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਮੇਅਰ ਸ. ਸੁਖਦੀਪ ਸਿੰਘ ਤੇਜਾ, ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਸਰੀਨ, ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ, ਅਜੇ ਸਿਨਹਾ ਸੀ.ਈ.ਓ ਫੀਡਬੈਕ ਫਾਊਂਡੇਸ਼ਨ, ਕੌਂਸਲਰ ਗੁਰਪ੍ਰੀਤ ਸਿੰਘ ਸ਼ਾਨਾ, ਸੁਖਦੇਵ ਸਿੰਘ ਬਾਜਵਾ, ਨਗਰ ਨਿਗਮ ਬਟਾਲਾ ਦੇ ਅਧਿਕਾਰੀ ਅਤੇ ਸ਼ਹਿਰ ਦੇ ਮੋਹਤਬਰ ਹਾਜ਼ਰ ਸਨ।
ਵਰਕਸ਼ਾਪ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦੇ ਹੱਲ ਲਈ ਦੇਸ਼ ਦੀ ਸਭ ਤੋਂ ਵਧੀਆ ਏਜੰਸੀ ਫੀਡਬੈਕ ਫਾਊਂਡੇਸ਼ਨ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ ਜਿਸ ਵੱਲੋਂ ਸ਼ਹਿਰ ਵਾਸੀਆਂ ਅਤੇ ਨਗਰ ਨਿਗਮ ਨੂੰ ਕੂੜੇ ਦੇ ਪ੍ਰਬੰਧਨ ਬਾਰੇ ਸਿਖਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਫੀਡਬੈਕ ਫਾਊਂਡੇਸ਼ਨ ਨੇ ਦੇਸ਼ ਦੇ ਕਈ ਸ਼ਹਿਰਾਂ ਵਿੱਚ ਕੰਮ ਕੀਤਾ ਹੈ ਅਤੇ ਓਥੋਂ ਦੇ ਲੋਕਾਂ ਨੂੰ ਕੂੜੇ ਦੀ ਸੈਗਰੀਗੇਸ਼ਨ ਅਤੇ ਉਸਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨਾ ਦੱਸਿਆ ਹੈ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਨੂੰ ਇਸ ਲੀਡਿੰਗ ਸੰਸਥਾ ਦੇ ਤਜ਼ਰਬੇ ਦਾ ਜਰੂਰ ਲਾਭ ਮਿਲੇਗਾ।
ਇਸ ਮੌਕੇ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਫੀਡਬੈਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਾਰਡ ਨੰਬਰ 14 ਨੂੰ ਕੂੜਾ ਮੁਕਤ ਕਰ ਦਿੱਤਾ ਗਿਆ ਹੈ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਮੌਕੇ ਸ਼ਹਿਰ ਦੇ 6 ਹੋਰ ਵਾਰਡਾਂ ਜਿਨਾਂ ਵਿੱਚ ਵਾਰਡ ਨੰਬਰ 26, 36, 37, 38, 42 ਅਤੇ 43 ਸ਼ਾਮਲ ਹਨ ਵਿੱਚ ਕੂੜੇ ਦੀ ਸੈਗਰੀਗੇਸ਼ਨ ਅਤੇ ਡੋਰ ਟੂ ਡੋਰ ਕੁਲੈਕਸ਼ਨ ਸ਼ੁਰੂ ਕੀਤੀ ਜਾਵੇਗੀ। ਉਨਾਂ ਕਿ ਇਸ ਸਾਲ ਦੇ ਅਖੀਰ ਤੱਕ ਪੂਰੇ ਬਟਾਲਾ ਸ਼ਹਿਰ ਨੂੰ ਡੰਪ ਮੁਕਤ ਕਰਨ ਦਾ ਟੀਚਾ ਹੈ। ਉਨਾਂ ਕਿਹਾ ਕਿ ਨਗਰ ਨਿਗਮ ਬਟਾਲਾ ਦੇ ਸਫ਼ਾਈ ਕਰਮੀਆਂ ਵੱਲੋਂ ਸਾਰੇ ਸ਼ਹਿਰ ਵਿੱਚੋਂ ਕੂੜੇ ਦੀ ਡੋਰ-ਟੂ-ਡੋਰ ਕੁਲੈਕਸ਼ਨ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਆਪਣੇ ਕੂੜੇ ਦੇ ਪ੍ਰਬੰਧਨ ਬਾਰੇ ਦੱਸਿਆ ਜਾਵੇਗਾ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਵੱਖ-ਵੱਖ ਕੂੜਾ ਹੀ ਸਫਾਈ ਕਰਮੀ ਨੂੰ ਦਿੱਤਾ ਜਾਵੇ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਵਿੱਚ ਜਰੂਰ ਸਫਲਤਾ ਹਾਸਲ ਕੀਤੀ ਜਾਵੇਗੀ।
ਸੀ.ਈ.ਓ ਫੀਡਬੈਕ ਫਾਊਂਡੇਸ਼ਨ ਦੇ ਸੀ.ਈ.ਓ. ਸ੍ਰੀ ਅਜੇ ਸਿਨਹਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੂੜੇ ਦਾ ਪ੍ਰਬੰਧਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਮੈਨੇਜ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਫੀਡਬੈਕ ਫਾਊਂਡੇਸ਼ਨ ਵੱਲੋਂ ਬਟਾਲਾ ਸ਼ਹਿਰ ਦੀ ਸਫ਼ਾਈ ਦਾ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਗਲੇ ਕੁਝ ਮਹੀਨਿਆਂ ਤੱਕ ਬਟਾਲਾ ਸ਼ਹਿਰ ਵਿੱਚ ਇਸਦੇ ਨਤੀਜੇ ਦੇਖਣ ਨੂੰ ਮਿਲਣਗੇ।