Close

Recent Posts

ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਛੇਤੀ ਕਾਰਜਸ਼ੀਲ ਹੋਵੇਗਾ-ਮੁੱਖ ਮੰਤਰੀ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਛੇਤੀ ਕਾਰਜਸ਼ੀਲ ਹੋਵੇਗਾ-ਮੁੱਖ ਮੰਤਰੀ
  • PublishedSeptember 26, 2021

ਕੌਮੀ ਮੈਡੀਕਲ ਕਮਿਸ਼ਨ ਨੇ ਸਾਲ 2021-22 ਤੋਂ ਕਾਲਜ ਵਿਚ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕੀਤਾ

ਚੰਡੀਗੜ੍ਹ, 26 ਸਤੰਬਰ।  ਸੂਬਾ ਭਰ ਦੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਡੀ ਪਹਿਲਕਦਮੀ ਵਜੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਇੰਸਟਿਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਨੂੰ ਛੇਤੀ ਕਾਰਜਸ਼ੀਲ ਕਰੇਗੀ।

          ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਲਈ ਉਪਰਾਲੇ ਨਿਰੰਤਰ ਜਾਰੀ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਕੌਮੀ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੀ ਮੈਡੀਕਲ ਅਸੈੱਸਮੈਂਟ ਐਂਡ ਰੇਟਿੰਗ ਬੋਰਡ (ਐਮ.ਏ.ਆਰ.ਬੀ.) ਨੇ ਕਮਿਸ਼ਨ ਦੇ ਨਿਰਧਾਰਕ ਦੀ ਰਿਪੋਰਟ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਅਧੀਨ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਰੈਗੂਲਰ ਕਲਾਸਾਂ ਸ਼ੁਰੂ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕਰ ਦਿੱਤਾ ਹੈ।

          ਸ. ਚੰਨੀ ਨੇ ਅੱਗੇ ਦੱਸਿਆ ਕਿ ਐਨ.ਐਮ.ਸੀ. ਦੇ ਫੈਸਲੇ ਨਾਲ ਇਸ ਸੰਸਥਾ ਲਈ 100 ਸੀਟਾਂ ਅਲਾਟ ਕੀਤੀਆਂ ਗਈਆਂ ਹਨ ਜਿਸ ਨਾਲ ਵਿਦਿਆਰਥੀਆਂ ਲਈ ਮਿਆਰੀ ਮੈਡੀਕਲ ਸਿੱਖਿਆ ਤੇ ਖੋਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਿੱਤੇ ਦੇ ਲੋਕਾਂ ਨੂੰ ਵਾਜਬ ਦਰਾਂ ਉਤੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।

            ਮੁੱਖ ਮੰਤਰੀ ਨੇ ਕਿਹਾ ਕਿ ਸੰਸਥਾ ਲਈ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਨਿਯਮਾਂ ਅਨੁਸਾਰ ਅਤਿ ਆਧੁਨਿਕ ਮੈਡੀਕਲ ਸੰਸਥਾ ਇਮਾਰਤਾਂ, ਉਪਕਰਨਾਂ ਅਤੇ ਹਸਪਤਾਲ ਸਹੂਲਤਾਂ ਦੇ ਮਾਮਲੇ ਵਿੱਚ ਪਹਿਲਾਂ ਹੀ ਸਾਰੀਆਂ ਬੁਨਿਆਦੀ ਢਾਂਚਾ ਸਹੂਲਤਾਂ ਨਾਲ ਲੈਸ ਹੈ। ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਮਿਸ਼ਨ ਦੀ ਲੋੜ ਅਨੁਸਾਰ ਇੰਸਟੀਚਿਊਟ ਲਈ ਬਜਟ ਵਿੱਚ ਢੁਕਵੀਂ ਵਿਵਸਥਾ ਵੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ, ਕਿਉਂਕਿ ਇਸ ਸੰਸਥਾ ਦੇ ਚਾਲੂ ਹੋਣ ਨਾਲ ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਜਿੱਥੇ ਇੱਕ ਪਾਸੇ ਵੱਡਾ ਹੁਲਾਰਾ ਮਿਲੇਗਾ, ਓਥੇ ਹੀ ਦੂਜੇ ਪਾਸੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਨੇ ਪ੍ਰਵਾਨਗੀ ਪ੍ਰਦਾਨ ਕਰਨ ਲਈ ਕਮਿਸ਼ਨ ਦਾ ਧੰਨਵਾਦ ਵੀ ਕੀਤਾ। ਸ੍ਰੀ ਚੰਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਸਥਾ ਵਿੱਚ ਅਕਾਦਮਿਕ ਸੈਸ਼ਨ ਨੂੰ ਛੇਤੀ ਤੋਂ ਛੇਤੀ ਸ਼ੁਰੂ ਕਰਨ ਲਈ ਲੋੜੀਂਦੀਆਂ ਪ੍ਰਬੰਧ ਮੁਕੰਮਲ ਕਰਨ।

Written By
The Punjab Wire