ਚੰਡੀਗੜ੍ਹ, 29 ਸਤੰਬਰ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਭਾਰਤਮਾਲਾ ਪ੍ਰੀਯੋਜਨਾ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ ਅਤੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਜਾਣਗੇ।
ਇਹ ਗੱਲ ਉਪ ਮੁੱਖ ਮੰਤਰੀ, ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਵਿਭਾਗ ਦੇ ਉਚ ਅਧਿਕਾਰੀਆਂ ਤੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਸ. ਰੰਧਾਵਾ ਨੇ ਕਹੀ।
ਸੰਘਰਸ਼ ਕਮੇਟੀ ਦੇ ਐਡਵੋਕੇਟ ਗੁਰਜੀਤ ਸਿੰਘ ਗਿੱਲ ਵੱਲੋਂ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਕਿ ਕਈ ਥਾਵਾਂ ਉਤੇ ਕਿਸਾਨਾਂ ਨੂੰ ਐਕੁਵਾਇਰ ਕੀਤੀ ਜ਼ਮੀਨ ਬਦਲੇ ਦੂਜੀਆਂ ਥਾਵਾਂ ਮੁਕਾਬਲੇ ਘੱਟ ਮੁਆਵਜ਼ਾ ਮਿਲ ਰਿਹਾ ਹੈ। ਸ. ਰੰਧਾਵਾ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਮਾਲ ਮੰਤਰੀ ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਬਣਦਾ ਹੱਕ ਦੇਣ ਲਈ ਜਲਦ ਹੱਲ ਕੱਢਿਆ ਜਾਵੇ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ. ਜਸਬੀਰ ਸਿੰਘ ਡਿੰਪਾ, ਵਿਧਾਇਕ ਸ. ਨਵਤੇਜ ਸਿੰਘ ਚੀਮਾ, ਕੌਮੀ ਹਾਈਵੇਜ਼ ਅਥਾਰਟੀ ਦੇ ਸਲਾਹਕਾਰ (ਪੰਜਾਬ) ਕਾਹਨ ਸਿੰਘ ਪੰਨੂੰ, ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ, ਵਿਸ਼ੇਸ਼ ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।