ਦੇਸ਼ ਪੰਜਾਬ ਮੁੱਖ ਖ਼ਬਰ

ਸੋਨੀ ਵਲੋ ਸਿਵਲ ਸਰਜਨਾਂ ਨੂੰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਸੋਨੀ ਵਲੋ ਸਿਵਲ ਸਰਜਨਾਂ ਨੂੰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼
  • PublishedSeptember 30, 2021

ਚੰਡੀਗੜ੍ਹ, 30 ਸਤੰਬਰ:  ਉਪ ਮੁੱਖ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਓ.ਪੀ. ਸੋਨੀ ਨੇ ਅੱਜ ਸੂਬੇ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਕੀਤੀ ਕਿ  ਸੂਬੇ ਦੇ ਬਾਸ਼ਿੰਦਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ।ਉਹ ਅੱਜ ਇੱਥੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ  ਪੰਜਾਬ ਦੇ ਸਾਰੇ ਸਿਵਲ ਸਰਜਨਾਂ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ  ਮੀਟਿੰਗ ਕਰ ਰਹੇ ਸਨ।

ਸ਼੍ਰੀ ਸੋਨੀ ਨੇ  ਸਿਹਤ ਅਧਿਕਾਰੀਆਂ ਨੂੰ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਲਈ ਕਿਹਾ। ਮੀਟਿੰਗ ਵਿੱਚ ਉਨ੍ਹਾਂ ਨੇ ਸਿਹਤ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।  ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਰਾਜ ਦੇ ਸਭ ਤੋਂ ਮਹੱਤਵਪੂਰਨ ਵਿਭਾਗਾਂ  ਹੈ ਅਤੇ ਸਰਕਾਰ ਸਿਹਤ ਮਸ਼ੀਨਰੀ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ। 

ਸ਼੍ਰੀ ਸੋਨੀ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਂ।

ਤਿਓਹਾਰਾਂ ਅਤੇ ਕੋਵਿਡ ਦੀ ਸੰਭਾਵਤ ਤੀਜੀ ਲਹਿਰ ਨੂੰ ਦੇਖਦੇ ਹੋਏ ਉਪ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ  ਲੋੜ ਅਨੁਸਾਰ ਲੋੜੀਂਦੀ ਖਰੀਦ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਟੀਕਾਕਰਣ ਅਤੇ ਟੈਸਟਿੰਗ ਦੀ ਗਤੀ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕੋਵਿਡ ਤੋਂ ਬਚਾਇਆ ਜਾ ਸਕੇ। ਸ਼੍ਰੀ ਸੋਨੀ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ।ਸ਼੍ਰੀ ਸੋਨੀ ਵੱਲੋਂ ਡੇਂਗੂ ਦੇ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਡੇਂਗੂ-ਰੋਧੀ ਗਤੀਵਿਧੀਆਂ ਨੂੰ ਵੀ ਤੇਜ਼ ਕਰਨ ਦੇ ਹੁਕਮ ਦਿੱਤੇ ਗਏ।

 ਜਨਤਕ ਸਿਹਤ ਸੰਸਥਾਵਾਂ ਵਿੱਚ ਸਵੱਛਤਾ ਦੇ ਮੋਰਚੇ ਤੇ ਉਨ੍ਹਾਂ ਕਿਹਾ ਕਿ ਸਬੰਧਤ ਜਿਲ੍ਹੇ ਦੇ ਸਿਵਲ ਸਰਜਨ, ਸਵੱਛਤਾ ਅਤੇ ਸਫਾਈ ਬਣਾਈ ਰੱਖਣ ਲਈ ਜ਼ਿੰਮੇਵਾਰ ਹੋਣਗੇ। ਆਉਣ ਵਾਲੇ ਸਮੇਂ ਵਿੱਚ ਉਹ ਪੰਜਾਬ ਦੀਆਂ ਸਿਹਤ ਸੰਸਥਾਵਾਂ ਦਾ ਇਸ ਸਬੰਧੀ ਨਿਰੀਖਣ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਹ ਵਿਭਾਗ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਨਹੀਂ ਸਹਿਣਗੇ ਅਤੇ ਅਜਿਹੀ ਕਿਸੇ ਵੀ ਘਟਨਾ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

 ਸ਼੍ਰੀ ਆਲੋਕ ਸ਼ੇਖਰ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਨੇ ਉਪ ਮੁੱਖ ਮੰਤਰੀ   ਨੂੰ ਭਰੋਸਾ ਦਿਵਾਇਆ ਕਿ  ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਇੰਨਾ ਬਿੰਨ ਤਰੀਕੇ  ਨਾਲ ਕੀਤੀ ਜਾਵੇਗੀ ਅਤੇ ਸਿਹਤ ਵਿਭਾਗ ਆਮ ਲੋਕਾਂ ਤੱਕ ਸਿਹਤ ਸਬੰਧੀ ਮਿਆਰੀ ਸਹੂਲਤਾਂ ਪਹੁੰਚਾਉਣ ਲਈ ਹਰ ਸੰਭਵ ਯਤਨ ਕਰੇਗਾ। 

ਇਸ ਮੌਕੇ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ, ਸਕੱਤਰ ਸਿਹਤ ਤੇ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮਿਸ਼ਨ ਡਾਇਰੈਕਟਰ ਸ਼੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅੰਦੇਸ਼ ਕੰਗ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਓਮ ਪ੍ਰਕਾਸ਼ ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ (ਸ.ਬ.) ਪੰਜਾਬ ਡਾ. ਜੀ.ਬੀ. ਸਿੰਘ ਤੇ ਸਮੂਹ ਸਟੇਟ ਪ੍ਰੋਗਰਾਮ ਅਫ਼ਸਰ ਮੌਜੂਦ ਸਨ।

ਮੀਟਿੰਗ ਉਪਰੰਤ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨਾਲ਼ ਸਿਹਤ ਸੁਵਿਧਾਵਾਂ ਦੇਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ਦੇ ਲੋਕਾਂ ਨੂੰ ਹਕੀਕਤ ਵਿੱਚ ਸਿਹਤ ਸੁਵਿਧਾਵਾਂ ਦੇਣੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ।

ਸ਼੍ਰੀ ਸੋਨੀ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੇ ਦੌਰਾਨ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਿੱਲੀ ਵਾਸੀਆਂ ਵੱਲੋਂ  ਇਲਾਜ ਕਰਵਾਉਣ ਲਈ ਪਹੁੰਚਣ ਨਾਲ਼ ਇਹ ਸਪਸ਼ਟ ਹੋ ਜਾਂਦਾ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਸਿਹਤ ਸੁਵਿਧਆਵਾਂ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਹੀ ਕੀਤੀ ਜਾ ਰਹੀ ਹੈ ਜਦੋਂਕਿ ਹਕੀਕਤ ਵਿੱਚ ਦਿੱਲੀ ਵਾਸੀਆਂ ਨੂੰ ਕੁੱਝ ਵੀ ਨਹੀਂ ਮਿਲ ਰਿਹਾ।

Written By
The Punjab Wire