ਇਸ ਮੁੱਦੇ ਦੇ ਤੇਜ਼ੀ ਨਾਲ ਹੱਲ ਲਈ ਨਿੱਜੀ ਤੌਰ `ਤੇ ਦਖਲ ਦੇਣ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
ਚੰਡੀਗੜ੍ਹ, 2 ਅਕਤੂਬਰ । ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ (3 ਅਕਤੂਬਰ) ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਸਬੰਧੀ ਤੁਰੰਤ ਨਿੱਜੀ ਦਖ਼ਲ ਦੇ ਕੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਸਲਾਹ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਸੰਤੁਸ਼ਟੀ ਲਈ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਸਹਾਈ ਸਿੱਧ ਹੋਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬੀਤੇ ਕੱਲ੍ਹ ਸ੍ਰੀ ਮੋਦੀ ਨੂੰ ਮਿਲੇ ਸਨ, ਜਿਨ੍ਹਾਂ ਨੇ ਸ. ਚੰਨੀ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ। ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਝੋਨੇ ਦੀ ਖ਼ਰੀਦ ਨਿਰਧਾਰਤ ਮਿਤੀ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ। ਐਨ ਮੌਕੇ ਲਏ ਗਏ ਇਸ ਫ਼ੈਸਲੇ ਨਾਲ ਕਿਸਾਨਾਂ ਵਿੱਚ ਨਾਰਾਜ਼ਗੀ ਅਤੇ ਦੁਚਿੱਤੀ ਪਾਈ ਜਾ ਰਹੀ ਸੀ।