ਅੰਤਿਮ ਸੰਸਕਾਰ ਮੌਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਪਹੁੰਚਣਗੇ
ਬਟਾਲਾ, 12 ਅਕਤੂਬਰ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਸ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਅੱਜ ਪਿੰਡ ਚੱਠਾ ਵਿਖੇ ਪਹੁੰਚ ਕੇ ਭਾਰਤੀ ਫੌਜ ਦੇ ਜਵਾਨ ਸ਼ਹੀਦ ਨਾਇਕ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ਹੀਦ ਦੇ ਪਿਤਾ ਸ. ਇੰਦਰ ਸਿੰਘ, ਮਾਤਾ ਸ੍ਰੀਮਤੀ ਮਨਜੀਤ ਕੌਰ ਅਤੇ ਸ਼ਹੀਦ ਦੀ ਪਤਨੀ ਸ੍ਰੀਮਤੀ ਮਨਦੀਪ ਕੌਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਂਸਲਾ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਨਾਇਕ ਮਨਦੀਪ ਸਿੰਘ ਦੀ ਸ਼ਹਾਦਤ ’ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੇ ਸਮੇਂ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਦੇ ਨਾਲ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਪਰਿਵਾਰ ਦੀ ਹਰ ਤਰਾਂ ਨਾਲ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 13 ਅਕਤੂਬਰ ਨੂੰ ਸ਼ਹੀਦ ਮਨਦੀਪ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਪਹੁੰਚਣਗੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।
ਦੱਸਣਯੋਗ ਹੈ ਕਿ ਫਤਹਿਗੜ੍ਹ ਚੂੜੀਆਂ ਹਲਕੇ ਦੇ ਪਿੰਡ ਚੱਠਾ ਦੇ ਜਵਾਨ ਮਨਦੀਪ ਸਿੰਘ ਜੋ ਕਿ ਭਾਰਤੀ ਫੌਜ ਦੀ 16 ਸਿੱਖ ਰੈਜੀਮੈਂਟ ਵਿੱਚ ਸੇਵਾਵਾਂ ਨਿਭਾ ਰਹੇ ਸਨ ਅਤੇ ਬੀਤੇ ਕੱਲ ਉਹ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਅੱਤਵਾਦੀ ਹਮਲੇ ਦੌਰਾਨ ਆਪਣੇ ਚਾਰ ਹੋਰ ਸਾਥੀਆਂ ਸਮੇਤ ਸ਼ਹੀਦ ਹੋ ਗਏ ਸਨ। ਸ਼ਹੀਦ ਮਨਦੀਪ ਸਿੰਘ ਪਿੱਛੇ ਆਪਣੇ ਪਰਿਵਾਰ ਵਿੱਚ ਪਤਨੀ ਮਨਦੀਪ ਕੌਰ, ਪੁੱਤਰ ਮਨਤਾਜ ਸਿੰਘ (4 ਸਾਲ) ਅਤੇ ਗੁਰਕੀਰਤ ਸਿੰਘ (40 ਦਿਨ) ਪਿਤਾ ਸ. ਇੰਦਰ ਸਿੰਘ ਅਤੇ ਮਾਤਾ ਮਨਜੀਤ ਕੌਰ ਨੂੰ ਛੱਡ ਗਏ ਹਨ। ਸ਼ਹੀਦ ਮਨਦੀਪ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਪਿੰਡ ਚੱਠਾ ਵਿਖੇ 13 ਅਕਤੂਬਰ ਨੂੰ ਕੀਤਾ ਜਾਵੇਗਾ।