ਦੇਸ਼ ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਮਸਲੇ ਸੁਲਝਾਉਣ ਲਈ ਇਕੱਲੇ-ਇਕੱਲੇ ਵਿਧਾਇਕ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਮਸਲੇ ਸੁਲਝਾਉਣ ਲਈ ਇਕੱਲੇ-ਇਕੱਲੇ ਵਿਧਾਇਕ ਨਾਲ ਵਿਚਾਰ-ਵਟਾਂਦਰਾ
  • PublishedOctober 13, 2021

ਲੋਕਾਂ ਦੇ ਮਸਲੇ ਪਹਿਲੇ ਦੇ ਆਧਾਰ ਉਤੇ ਹੱਲ ਕਰਨ ਲਈ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਕਿਹਾ

· ਵਿਕਾਸ ਪ੍ਰਾਜੈਕਟਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕ ਪੱਖੀ ਉਪਰਾਲਿਆਂ ਨੂੰ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਦਾ ਭਰੋਸਾ

ਚੰਡੀਗੜ੍ਹ, 13 ਅਕਤੂਬਰ:-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਕਿ ਸੂਬਾਈ ਸ਼ਾਸਨ ਵਿਚ ਲੋਕਾਂ ਦਾ ਭਰੋਸਾ ਦ੍ਰਿੜ ਹੋ ਸਕੇ।

ਹਾਲਾਂਕਿ, ਸ. ਚੰਨੀ ਨੇ ਕਿਹਾ ਕਿ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਉਨ੍ਹਾਂ ਦੀ ਸਰਕਾਰ ਦੀ ਪਛਾਣ ਹੈ ਅਤੇ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਰੋਜ਼ਮੱਰਾ ਦੀਆਂ ਸਮੱਸਿਆਵਾਂ ਦੇ ਸੰਦਰਭ ਵਿਚ ਅਣਗੌਲਿਆ ਮਹਿਸੂਸ ਨਹੀਂ ਹੋਣਾ ਚਾਹੀਦਾ।

ਇਸੇ ਦੌਰਾਨ ਮੁੱਖ ਮੰਤਰੀ ਨੇ ਦੋ ਦਿਨਾ ਲੰਮੀ-ਚੌੜੀ ਵਿਚਾਰ-ਚਰਚਾ ਦੌਰਾਨ ਲਗਪਗ 60 ਵਿਧਾਇਕਾਂ ਨਾਲ ਵੱਖੋ-ਵੱਖ ਤੌਰ ਉਤੇ ਗੱਲਬਾਤ ਕੀਤੀ ਤਾਂ ਕਿ ਉਨ੍ਹਾਂ ਪਾਸੋਂ ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਫੀਡਬੈਕ ਹਾਸਲ ਕੀਤੀ ਜਾ ਸਕੇ।

ਗੱਲਬਾਤ ਦੌਰਾਨ ਵਿਧਾਇਕਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ `ਤੇ ਤੁਰੰਤ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਹੋਣ ਤੋਂ ਇਲਾਵਾ ਭਲਾਈ ਸਕੀਮਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਜ਼ਮੀਨੀ ਪੱਧਰ `ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਚੰਨੀ ਨੇ ਵਿਧਾਇਕਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਆਪਣੇ -ਆਪਣੇ ਹਲਕਿਆਂ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰਨ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਹਲਕਿਆਂ ਅੰਦਰ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਤਾਂ ਜੋ ਸਰਕਾਰ ਵੱਲੋਂ ਕੀਤੀਆਂ ਇਨ੍ਹਾਂ ਲੋਕ ਪੱਖੀ ਪਹਿਲਕਦਮੀਆਂ ਦਾ ਲਾਭ ਹਰੇਕ ਵਿਅਕਤੀ ਤੱਕ ਪਹੁੰਚ ਸਕੇ।

Written By
The Punjab Wire