ਬਟਾਲਾ, 14 ਅਕਤੂਬਰ ( ਮੰਨਣ ਸੈਣੀ) – ਪੀ.ਪੀ.ਐੱਸ. ਅਧਿਕਾਰੀ ਸ. ਮੁਖਵਿੰਦਰ ਸਿੰਘ ਭੁੱਲਰ ਨੇ ਅੱਜ ਬਟਾਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲ ਲਿਆ ਹੈ। ਸ. ਭੁੱਲਰ ਇਸ ਤੋਂ ਪਹਿਲਾਂ ਅੰਮਿ੍ਰਤਸਰ ਵਿਖੇ ਡੀ.ਸੀ.ਪੀ. (ਡਿਟੈਕਟਿਵ) ਵਜੋਂ ਸੇਵਾ ਨਿਭਾ ਰਹੇ ਸਨ। ਅੱਜ ਬਟਾਲਾ ਪਹੁੰਚਣ ’ਤੇ ਸਭ ਤੋਂ ਪਹਿਲਾਂ ਬਟਾਲਾ ਪੁਲਿਸ ਦੇ ਜਵਾਨਾਂ ਨੇ ਨਵੇਂ ਐੱਸ.ਐੱਸ.ਪੀ. ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਉਨਾਂ ਨੇ ਜ਼ਿਲੇ ਵਿੱਚ ਕਾਨੂੰਨ ਵਿਵਸਥਾ ਦੀ ਜਾਣਕਾਰੀ ਲੈਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਜ਼ਿਲਾ ਬਟਾਲਾ ਵਿੱਚ ਕਾਨੂੰਨ ਵਿਵਸਥਾ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਗੈਰ ਸਮਾਜੀ ਅਨਸਰਾਂ ਉੱਪਰ ਪੂਰੀ ਤਰਾਂ ਲਗਾਮ ਕੱਸੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲੇ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਬਿਲਕੁਲ ਚੱਲਣ ਨਹੀਂ ਦਿੱਤਾ ਜਾਵੇਗਾ ਅਤੇ ਇਸ ਮੁਹਿੰਮ ਦੀ ਉਹ ਖੁਦ ਕਮਾਨ ਸੰਭਾਲਣਗੇ। ਉਨਾਂ ਕਿਹਾ ਕਿ ਸਾਰੇ ਥਾਣਿਆਂ ਵਿੱਚ ਲੋਕਾਂ ਨੂੰ ਪੂਰਾ ਮਾਣ ਸਤਿਕਾਰ ਅਤੇ ਇਨਸਾਫ ਮਿਲੇ, ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹੈ ਅਤੇ ਲੋਕਾਂ ਦੀ ਮਦਦ ਤੇ ਸਹੂਲਤ ਲਈ ਪੁਲਿਸ ਦੇ ਦਰ ਹਮੇਸ਼ਾਂ ਖੁੱਲੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਦੀ ਹੇਠਲੇ ਪੱਧਰ ’ਤੇ ਸੁਣਵਾਈ ਨਹੀਂ ਹੁੰਦੀ ਤਾਂ ਉਨਾਂ ਨਾਲ ਬਿਨਾਂ ਸੰਕੋਚ ਸੰਪਰਕ ਕੀਤਾ ਜਾ ਸਕਦਾ ਹੈ।