ਇਹ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ: ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਤੁਰੰਤ ਸਰਵ ਪਾਰਟੀ ਮੀਟਿੰਗ ਸੱਦਣ, ਸਾਂਝਾ ਵਫ਼ਦ ਲੈ ਕੇ ਕੇਂਦਰ ਸਰਕਾਰ ਨੂੰ ਮਿਲਣ
-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਕੇ ਕੇਂਦਰ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ
ਚੰਡੀਗੜ੍ਹ, 14 ਅਕਤੂਬਰ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ) ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਕੇ ਇਸ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ (15 ਕਿਲੋਮੀਟਰ ਤੋਂ ਵਧਾ ਕੇ) 50 ਕਿਲੋਮੀਟਰ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਨੂੰ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੱਕ ਵੱਡੀ ਸਾਜਿਸ਼ ਦੇ ਤਹਿਤ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਮਾਰ ਰਹੀ ਹੈ। ਇਸ ਲਈ ਪਾਰਟੀ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਇਸ ਘਾਤਕ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦੇਣਾ ਬੰਦ ਕਰੇ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਤੋਂ ਮੰਗ ਕੀਤੀ ਹੈ ਕੇਂਦਰ ਸਰਕਾਰ ਵੱਲੋਂ ਕੀਤੇ ਫ਼ੈਸਲੇ ਬਾਰੇ ਇੱਕ ਸਰਵ ਪਾਰਟੀ ਮੀਟਿੰਗ ਸੱਦੀ ਜਾਵੇ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਲੈ ਕੇ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨ। ਇਸ ਦੇ ਨਾਲ ਹੀ ਚੀਮਾ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਤਾਂ ਜੋ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਰਬਸੰਮਤੀ ਨਾਲ ਰੱਦ ਕੀਤਾ ਜਾ ਸਕੇ।
ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀਕਰਨ ਕਰਨ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਲੁੱਟਣ ਲਈ ਕਾਂਗਰਸ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੋਦੀ ਸਰਕਾਰ ਵੱਲੋਂ ਅਣ ਐਲਾਨੀ ਐਮਰਜੈਂਸੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ’ਤੇ ਅਸਿੱੱਧੇ ਤੌਰ ’ਤੇ ਕੰਟਰੋਲ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਾਲੇ ਖੇਤੀ ਕਾਨੂੰਨ ਰਾਜਾਂ ਦੀ ਸਹਿਮਤੀ ਤੋਂ ਬਿਨ੍ਹਾਂ ਬਣਾਏ ਗਏ ਸਨ ਅਤੇ ਹੁਣ ਰਾਜਾਂ ਤੋਂ ਅੰਦਰੂਨੀ ਸੁਰੱਖਿਆ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ।’’
ਚੀਮਾ ਨੇ ਦੱਸਿਆ ਕਿ ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਹੀ ਇਹ ਫੋਰਸ ਬਿਨ੍ਹਾਂ ਪੰਜਾਬ ਪੁਲੀਸ ਤੋਂਪਾਸਪੋਰਟ ਦੀ ਜਾਂਚ, ਸੀਮਾ ਸ਼ੁਲਕ ਅਤੇ ਐਨ.ਡੀ.ਪੀ.ਐਸ ਕਾਨੂੰਨਾਂ ਤਹਿਤ ਘਰਾਂ ਦੀ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਵੀ ਕਰ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਠਾਨਕੋਟ, ਗੁਰਦਾਸਪੁਰ, ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਛੇ ਜ਼ਿਲ੍ਹੇ ਪ੍ਰਭਾਵਿਤ ਹੋਣਗੇ ਅਤੇ ਰਾਜ ਦੇ ਕੁੱਲ 50,632 ਵਰਗ ਕਿਲੋਮੀਟਰ ਖੇਤਰ ਵਿੱਚੋਂ ਕਰੀਬ 27,600 ਵਰਗ ਕਿਲੋਮੀਟਰ ਖੇਤਰ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆ ਜਾਵੇਗਾ।
ਇਸ ਫ਼ੈਸਲੇ ਦੀ ਜ਼ਰੂਰਤ ’ਤੇ ਸਪੱਸ਼ੀਟਕਰਨ ਮੰਗਦੇ ਹੋਏ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ, ‘‘ਕੀ ਪੰਜਾਬ ’ਚ ਨਸ਼ਿਆਂ ਦੀ ਤਸਕਰੀ ਵੱਧ ਰਹੀ ਹੈ ਜਾਂ ਕੋਈ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਜਿਹੜੇ ਇਹ ਕਦਮ ਬਿਨ੍ਹਾਂ ਰਾਜ ਸਰਕਾਰ ਦੀ ਸਹਿਮਤੀ ਤੋਂ ਬਿਨ੍ਹਾਂ ਚੁੱਕੇ ਗਏ ਹਨ ? ਉਨ੍ਹਾਂ ਕਿਹਾ ਕਿ ਚੋਣਾ ਤੋਂ ਪਹਿਲਾਂ ਪੰਜਾਬ ਵਿੱਚ ਅਸਥਿਰਤਾ ਪੈਦਾ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਕਾਰ ਦੇ ਅਜਿਹੇ ਫ਼ੈਸਲੇ ਨਾਲ ਲੋਕਾਂ ਵਿੱਚ ਡਰ ਪੈਦਾ ਹੋਣਾ ਲਾਜ਼ਮੀ ਹੈ। ਇਸ ਦਾ ਅਸਰ ਸੂਬੇ ਦੇ ਵਾਪਰ ਅਤੇ ਉਦਯੋਗ ਜਗਤ ’ਤੇ ਵੀ ਪਵੇਗਾ।
‘ਆਪ’ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਅਤੇ ਮੀਟਿੰਗ ਦੇ ਮੁੱਦੇ ਬਾਰੇ ਸਪੱਸ਼ਟੀਕਰਨ ਮੰਗਿਆ ਹੈ, ਜਿਸ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਜਿਹਾ ਫ਼ੈਸਲਾ ਕਰਨ ਦਾ ਮੌਕਾ ਮਿਲਿਆ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਫ਼ੈਸਲੇ ਦਾ ਸਮਰਥਨ ਕਰਨ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਨੇ ਖੁਦ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਉਹ (ਕੈਪਟਨ) ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਹੁਣ ਵੀ ਭਾਜਪਾ ਨਾਲ ਮਿਲੀਭੁਗਤ ਕਰ ਰਹੇ ਹਨ।