Close

Recent Posts

ਹੋਰ ਦੇਸ਼ ਪੰਜਾਬ ਮੁੱਖ ਖ਼ਬਰ

ਸੂਬੇ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ- ਰੰਧਾਵਾ

ਸੂਬੇ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ- ਰੰਧਾਵਾ
  • PublishedOctober 16, 2021

ਉਪ ਮੁੱਖ ਮੰਤਰੀ ਰੰਧਾਵਾ ਨੇ ਦੇਰ ਰਾਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਕੀਤੀ ਅਚਨਚੇਤੀ ਚੈਕਿੰਗ

ਕੇਂਦਰ ਸਰਕਾਰ ਅਤੇ ਵਿਰੋਧੀਆਂ ਦੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ

ਉਪ ਮੁੱਖ ਮੰਤਰੀ ਨੇ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਨੀਤੀ ਦੀ ਵਚਨਬੱਧਤਾ ਦੁਹਰਾਇਆ

ਅਜਨਾਲਾ/ਡੇਰਾ ਬਾਬਾ ਨਾਨਕ, 16 ਅਕਤੂਬਰ: ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ।

ਸ. ਰੰਧਾਵਾ ਜਿਨ੍ਹਾਂ ਅੱਜ ਦੇਰ ਰਾਤ ਖ਼ੁਦ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਜਨਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਆਦਿ ਖੇਤਰਾਂ ਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਸਥਿਤੀ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲਿਆ, ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੁਰੱਖਿਆ, ਅਮਨ- ਕਾਨੂੰਨ ਦੇ ਮਾਮਲੇ ਵਿੱਚ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਚੈਕਿੰਗ ਦੌਰਾਨ ਪੂਰੀ ਮੁਸਤੈਦੀ ਨਾਲ ਡਿਊਟੀ ਕਰ ਰਹੇ ਪੁਲਿਸ ਕਰਮੀਆਂ ਦੀ ਗ੍ਰਹਿ ਮੰਤਰੀ ਨੇ ਪਿੱਠ ਥਾਪੜਦਿਆਂ ਕਿਹਾ ਕਿ ਉਹ ਅਚਨਚੇਤ ਉਲੀਕੇ ਇਸ ਪ੍ਰੋਗਰਾਮ ਦੌਰਾਨ ਜਗਦੇਵ ਖ਼ੁਰਦ, ਗਾਗੋ ਮਹਿਲ, ਦਰਿਆ ਮੂਸਾ, ਸਿੰਘਪੁਰਾ, ਘੋਨੇਵਾਲਾ ਪੁੱਲ ਵਿਖੇ ਤਾਇਨਾਤ ਨਾਕਿਆਂ ਉਤੇ ਪੁਲਿਸ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਏ ਜਾਣ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।

ਸ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਸੂਬੇ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ 50 ਕਿਲੋ ਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਸੂਬਿਆਂ ਦੀਆਂ ਪੁਲਿਸ ਬਲਾਂ ਨੂੰ ਕਮਜ਼ੋਰ ਸਿੱਧ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

ਉਪ ਮੁੱਖ ਮੰਤਰੀ ਨੇ ਨਾਲ ਹੀ ਸਰਹੱਦੀ ਖੇਤਰ ਦੇ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੀ ਅਤੇ ਇਸ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗਾ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਖ਼ਾਸ ਕਰਕੇ ਕੌਮਾਂਤਰੀ ਸਰਹੱਦ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖਿਲਾਫ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਅਤੇ ਇੱਥੋਂ ਦੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਸੂਬੇ ਵਿੱਚ ਪਾਕਿਸਤਾਨ ਤੋਂ ਦਰਪੇਸ਼ ਖਤਰੇ ਸਬੰਧੀ ਗੁੰਮਰਾਹਕੁਨ ਪ੍ਰਚਾਰ ਕਰਨ ਵਾਲਿਆਂ ਨੂੰ ਵਰਜਦਿਆਂ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਨੇ ਔਖੇ ਵੇਲਿਆਂ ਵਿੱਚ ਵਿਰੋਧੀਆਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਅਤੇ ਹੁਣ ਤਾਂ ਪੰਜਾਬ ਵਿੱਚ ਅਮਨ- ਸ਼ਾਂਤੀ ਦਾ ਮਾਹੌਲ ਹੈ ਜਿੱਥੇ ਸਭ ਧਰਮਾਂ, ਜਾਤਾਂ, ਫ਼ਿਰਕਿਆਂ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ ਅਤੇ ਪੰਜਾਬੀਆਂ ਨੇ ਵੰਡ ਪਾਓ ਤਾਕਤਾਂ ਨੂੰ ਸਦਾ ਭਾਜੀ ਮੋੜੀ ਹੈ।

ਉਪ ਮੁੱਖ ਮੰਤਰੀ ਨੇ ਇਕ ਗੱਲ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਜਦੋਂ ਵੀ ਲੋੜ ਪਈ ਤਾਂ ਹਰ ਕੁਰਬਾਨੀ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਕਿਹਾ ਜਿਸ ਨੇ ਹਰ ਫਰੰਟ ‘ਤੇ ਦੇਸ਼ ਦੀ ਰੱਖਿਆ ਕੀਤੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬੀਐਸਐਫ ਸੰਬੰਧੀ ਤਾਜ਼ਾ ਫ਼ੈਸਲੇ ਨਾਲ ਕੇਂਦਰ ਵੱਲੋਂ ਬੇਲੋੜੇ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

ਸ. ਰੰਧਾਵਾ ਨੇ ਕਿਹਾ, “ਪੰਜਾਬ ਸਰਕਾਰ ਸਾਡੀਆਂ ਸੁਰੱਖਿਆ ਬਲਾਂ ਨਾਲ ਖੜ੍ਹੀ ਹੈ ਜਿਨ੍ਹਾਂ ਵੱਲੋਂ ਦਿਨ-ਰਾਤ ਦਿੱਤੇ ਜਾਂਦੇ ਪਹਿਰੇ ਸਦਕਾ ਦੇਸ਼ ਵਾਸੀ ਚੈਨ ਦੀ ਨੀਂਦ ਸੌਂਦੇ ਹਨ।”

Written By
The Punjab Wire