ਚੰਡੀਗੜ੍ਹ, 20 ਅਕਤੂਬਰ, 2021: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੰਜਾਬ ਨੂੰ ਪਾਕਿਸਤਾਨ ਤੋਂ ਨਹੀਂ ਬਲਕਿ ਅਮਰਿੰਦਰ ਸਿੰਘ ਤੇ ਉਹਨਾਂ ਦੀ ਗੱਦਾਰੀ ਤੋਂ ਖ਼ਤਰਾ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਾਢੇ ਚਾਰ ਸਾਲ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਅੱਜ ਉਹ ਦਾਅਵੇ ਕਰ ਰਹੇਹਨ ਕਿ ਸਕਿਓਰਿਟੀ ਦੇ ਮਾਮਲੇ ’ਤੇ ਡੋਵਾਲ ਨੁੰ ਮਿਲਿਆ ਹਾਂ ਪਰ ਉਹਨਾਂ ਸਾਢੇ ਚਾਰ ਸਾਲਾਂ ਵਿਚ ਕਿਉਂ ਨਹੀਂ ਇਹ ਮਾਮਲਾ ਕੇਂਦਰ ਕੋਲ ਚੁੱਕਿਆ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਗੱਲ ਕਰ ਰਹੇ ਹਨ ਪਰ ਉਹਨਾਂ ਬਤੌਰ ਮੁੱਖ ਮੰਤਰੀ ਕਿਸਾਨਾਂ ਦਾ ਮਸਲਾ ਕੇਂਦਰ ਕੋਲ ਕਿਉਂ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਬਾਦਲਾਂ ਨਾਲ ਗੰਢਤੁੱਪ ਸੀ ਤੇ ਇਸੇ ਲਈ ਉਹ ਉਹਨਾਂ ਦਾ ਬਚਾਅ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸੇ ਲਈ ਨਾ ਬੇਅਦਬੀ ਦੇ ਮਾਮਲੇ ਵਿਚ ਕਾਰਵਾਈ ਕੀਤੀ, ਨਾ ਬਾਦਲਾਂ ਦੇ ਟਰਾਂਸਪੋਰਟ ਮਾਫੀਆ ਖਿਲਾਫ ਕਾਰਵਾਈ ਕੀਤੀ ਤੇ ਨਾ ਹੀ ਨਸ਼ਿਆਂ ਦੇ ਮਾਮਲੇ ਵਿਚ ਕੋਈ ਕਾਰਵਾਈ ਕੀਤੀ। ਅਮਰਿੰਦਰ ਸਿੰਘ ਨੇ ਹਮੇਸ਼ਾ ਆਪਣੇ ਨਿੱਜੀ ਹਿੱਤਾਂ ਵਾਸਤੇ ਰਾਜਨੀਤੀ ਕਰਦੇ ਰਹੇ ਹਨ। ਉਨ੍ਹਾਂ ਕਾਂਗਰਸ ਦੀ ਪਿੱਠ ‘ਚ ਛੂਰਾ ਮਾਰਿਆ ਹੈ।