ਅੱਜ ਬਟਾਲਾ ਤੋਂ ਰਵਾਨਾਂ ਹੋਈ 16ਵੀਂ ਬੱਸ ਯਾਤਰਾ
ਬਟਾਲਾ, 24 ਅਕਤੂਬਰ (ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਤਹਿਤ ਹਰ ਹਫਤੇ ਚਲਾਈ ਰਹੀ ਇੱਕ ਰੋਜ਼ਾ ਮੁਫ਼ਤ ਬੱਸ ਯਾਤਰਾ ਨੂੰ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹਾ ਹੈਰੀਟਜ ਸੁਸਾਇਟੀ ਗੁਰਦਾਸਪੁਰ ਵੱਲੋਂ ਅੱਜ ਬਟਾਲਾ ਤੋਂ 16ਵੀਂ ਮੁਫ਼ਤ ਬੱਸ ਯਾਤਰਾ ਰਵਾਨਾ ਕੀਤੀ ਗਈ ਜਿਸ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਬਟਾਲਾ ਅਤੇ ਸ਼ਹਿਰ ਦੇ ਵਸਨੀਕਾਂ ਨੇ ਭਾਗ ਲਿਆ।
ਬਟਾਲਾ ਸਰਕਟ ਤਹਿਤ ਇਸ ਯਾਤਰਾ ਰਾਹੀਂ ਯਾਤਰੂਆਂ ਨੇ ਗੜੀ ਗੁਰਦਾਸ ਨੰਗਲ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ ਵਿਖੇ ਗੁਰੂ ਕੀ ਮਸੀਤ, ਲਾਹੌਰੀ ਦਰਵਾਜ਼ਾ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਕਿਸ਼ਨਕੋਟ ਵਿਖੇ ਰਾਧਾ ਕਿ੍ਰਸ਼ਨ ਮੰਦਰ, ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ, ਮਸਾਣੀਆਂ ਵਿਖੇ ਹਜ਼ਰਤ ਬਦਰ ਸ਼ਾਹ ਦੀਵਾਨ ਦੀ ਮਜ਼ਾਰ ਅਤੇ ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕੀਤੇ। ਘੱਲੂਘਾਰਾ ਸਮਾਰਕ ਵਿਖੇ ਵਿਦਿਆਰਥਣਾਂ ਤੇ ਯਾਤਰੂਆਂ ਨੂੰ ਦਸਤਾਵੇਜੀ ਫਿਲਮ ਵੀ ਦਿਖਾਈ ਗਈ। ਇਸ ਮੌਕੇ ਯਾਤਰੂਆਂ ਨੂੰ ਸਾਰੇ ਅਸਥਾਨਾਂ ਦੀ ਜਾਣਕਾਰੀ ਗਾਈਡ ਹਰਬਖਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ।
ਬਟਾਲਾ ਦੇ ਵਸਨੀਕ ਸਰਦੂਲ ਸਿੰਘ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਬਹੁਤ ਸਾਰੇ ਇਤਿਹਾਸਕ ਮਹੱਤਤਾ ਦੇ ਸਥਾਨ ਹਨ ਜਿਨ੍ਹਾਂ ਨੂੰ ਜਰੂਰ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਬਟਾਲਾ ਸਰਕਟ ਤਹਿਤ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਹੁਤ ਕੁਝ ਜਾਨਣ ਤੇ ਸਿੱਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਛੋਟਾ ਘੱਲੂਘਾਰਾ ਸਮਾਰਕ ਮੈਂ ਪਹਿਲੀ ਵਾਰ ਦੇਖੀ ਹੈ ਅਤੇ ਓਥੇ ਇਤਿਹਾਸ ਦੀ ਦਸਤਾਵੇਜ਼ੀ ਫਿਲਮ ਦੇਖ ਕੇ ਇਥੋਂ ਦੇ ਇਤਿਹਾਸ ਨੂੰ ਜਾਣਿਆ ਹੈ। ਇਸੇ ਦੌਰਾਨ ਵਿਦਿਆਰਥੀਆਂ ਨੇ ਵੀ ਇਸ ਯਾਤਰਾ ਦਾ ਭਰਪੂਰ ਅਨੰਦ ਮਾਣਿਆ ਅਤੇ ਇਸ ਵਧੀਆ ਉਪਰਾਲੇ ਲਈ ਜ਼ਿਲਾ ਪ੍ਰਸ਼ਾਸਨ ਅਤੇ ਖਾਸ ਕਰਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦਾ ਧੰਨਵਾਦ ਕੀਤਾ।