ਬਰਗਾੜੀ ਬੇਅਦਬੀ ਮਾਮਲੇ ‘ਚ ਪੰਜਾਬ ਦੇ ਫਰੀਦਕੋਟ ਦੀ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 29 ਅਕਤੂਬਰ ਨੂੰ ਪੇਸ਼ ਹੋਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤਾ ਹੈ ਪਰ ਸਾਧਵੀਆਂ ਨਾਲ ਬਲਾਤਕਾਰ ਅਤੇ ਰਣਜੀਤ ਕਤਲ ਦੇ ਦੋਸ਼ੀ ਰਾਮ ਰਹੀਮ ਨੇ ਦਾਇਰ ਹਾਈਕੋਰਟ ‘ਚ ਪਟੀਸ਼ਨ ਦਾਇਰ ਹੈ।
ਰਾਮ ਰਹੀਮ ਨੇ ਆਪਣੀ ਪਟੀਸ਼ਨ ਵਿੱਚ ਫਰੀਦਕੋਟ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੇ ਨਾਲ-ਨਾਲ ਅਦਾਲਤ ਵੱਲੋਂ ਜਾਰੀ ਪ੍ਰੋਡਕਸ਼ਨ ਵਾਰੰਟ ਨੂੰ ਚੁਣੌਤੀ ਦਿੱਤੀ ਹੈ। ਰਾਮ ਰਹੀਮ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਜਾਂ ਪੁੱਛਗਿੱਛ ਲਈ ਜੇਲ੍ਹ ਆਉਣ ਦੀ ਬੇਨਤੀ ਕੀਤੀ ਹੈ। ਭਲਕੇ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਇਸ ਮਾਮਲੇ ‘ਚ ਰਾਮ ਰਹੀਮ ਨੇ ਅਗਾਊਂ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਹੈ।
ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) 2015 ਵਿੱਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਦੀ ਅਗਵਾਈ ਆਈਪੀਸੀ ਸੁਰਿੰਦਰ ਪਾਲ ਸਿੰਘ ਪਰਮਾਰ ਕਰ ਰਹੇ ਹੈ। ਇਸ ਮਾਮਲੇ ਵਿੱਚ ਐਸਆਈਟੀ ਨੇ ਫਰੀਦਕੋਟ ਅਦਾਲਤ ਤੋਂ ਗੁਰਮੀਤ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੁੱਛਗਿੱਛ ਲਈ ਲਿਆਉਣ ਦੀ ਇਜਾਜ਼ਤ ਮੰਗੀ ਸੀ। ਅਦਾਲਤ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਗੁਰਮੀਤ ਰਾਮ ਰਹੀਮ ਨੂੰ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ।
ਐਸਆਈਟੀ ਨੇ ਹਾਲ ਹੀ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਵਿਵਾਦਤ ਪੋਸਟਰ ਲਗਾਉਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਛੇ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ।