ਹੋਰ ਗੁਰਦਾਸਪੁਰ ਪੰਜਾਬ

ਤਿੱਬੜੀ ਰੋਡ ਗੁਰਦਾਸਪੁਰ ਸਥਿਤ ਰੇਲਵੇ ਅੰਡਰਬ੍ਰਿਜ ਬਣਾਉਣ ਦਾ ਕੰਮ ਹੋਇਆ ਸ਼ੁਰੂ

ਤਿੱਬੜੀ ਰੋਡ ਗੁਰਦਾਸਪੁਰ ਸਥਿਤ ਰੇਲਵੇ ਅੰਡਰਬ੍ਰਿਜ ਬਣਾਉਣ ਦਾ ਕੰਮ ਹੋਇਆ ਸ਼ੁਰੂ
  • PublishedNovember 11, 2021

ਪਾਹੜਾ ਦਾ ਕਹਿਣਾ ਵਿਰੋਧੀਆਂ ਵੱਲੋਂ ਅੰਡਰਬ੍ਰਿਜ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਸੀ ਗੁੰਮਰਾਹ

ਗੁਰਦਾਸਪੁਰ। ਰੇਲਵੇ ਵਿਭਾਗ ਵੱਲੋਂ ਗੁਰਦਾਸਪੁਰ ਦੀ ਤਿੱਬੜੀ ਰੋਡ ’ਤੇ ਪੈਂਦੇ ਰੇਲਵੇ ਕਰਾਸਿੰਗ ’ਤੇ ਬਣਾਏ ਜਾਣ ਵਾਲੇ ਅੰਡਰਬ੍ਰਿਜ ਦੇ ਹਿੱਸੇ ਦਾ ਕੰਮ ਵੀ ਵੀਰਵਾਰ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਦਾ ਉਦਘਾਟਨ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੇਲਵੇ ਵਿਭਾਗ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਰਤਨ ਸਿੰਘ ਅਤੇ ਲੋਕ ਨਿਰਮਾਣ ਵਿਭਾਗ ਦੇ ਜੇਈ ਲਖਬੀਰ ਸਿੰਘ ਵੀ ਹਾਜ਼ਰ ਸਨ।

ਐਡਵੋਕੇਟ ਬਲਜੀਤ ਸਿੰਘ ਪਾਹੜਾ ਵੱਲੋ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ 2017 ਦੀਆਂ ਚੋਣਾਂ ਦੌਰਾਨ ਹਲਕਾ ਵਾਸੀਆਂ ਨਾਲ ਦੋ ਵੱਡੇ ਵਾਅਦੇ ਕੀਤੇ ਗਏ ਸਨ। ਤਿੱਬੜੀ ਰੋਡ ‘ਤੇ ਅੰਡਰਬ੍ਰਿਜ ਅਤੇ ਬੱਸ ਸਟੈਂਡ ਸਮੇਤ, ਦੋਵਾਂ ਦਾ ਕੰਮ ਸ਼ੁਰੂ ਹੋ ਗਿਆ ਹੈ। ਜਿਸ ਨੂੰ ਅਗਲੇ ਕੁਝ ਮਹੀਨਿਆਂ ਦੌਰਾਨ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਡਰਬ੍ਰਿਜ ’ਤੇ ਰੇਲਵੇ ਵਿਭਾਗ ਵੱਲੋਂ ਖਰਚੇ ਜਾਣ ਵਾਲੇ ਪੂਰੇ 10 ਕਰੋੜ ਰੁਪਏ ਵੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਲੋਕਾਂ ਵਿੱਚ ਇਹ ਝੂਠਾ ਭਰਮ ਪੈਦਾ ਕੀਤਾ ਜਾ ਰਿਹਾ ਹੈ ਕਿ ਤਿੱਬੜੀ ਰੋਡ ’ਤੇ ਨਿਕਾਸੀ ਨਾਲੇ ’ਤੇ ਬਣ ਰਹੇ ਪੁਲ ਨੂੰ ਅੰਡਰਬ੍ਰਿਜ ਦੱਸਿਆ ਜਾ ਰਿਹਾ ਹੈ। ਜਦੋਂ ਕਿ ਅੰਡਰਬ੍ਰਿਜ ਦੇ ਹੇਠਾਂ ਲੋਕ ਨਿਰਮਾਣ ਵਿਭਾਗ ਨੇ ਪਿਛਲੇ ਕੁਝ ਦਿਨਾਂ ਤੋਂ ਆਪਣੇ ਹਿੱਸੇ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਅਤੇ ਅੱਜ ਤੋਂ ਰੇਲਵੇ ਵਿਭਾਗ ਨੇ ਵੀ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਨਾਲ ਉਕਤ ਲੋਕਾਂ ਦਾ ਅਸਲ ਚਿਹਰਾ ਲੋਕਾਂ ਦੇ ਸਾਹਮਣੇ ਆ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਹਲਕਾ ਵਿਕਾਸ ਦੇ ਰੂਪ ਵਿੱਚ ਇਹ ਪੰਜਾਬ ਦੇ ਅਗਾਂਹਵਧੂ ਸਰਕਲਾਂ ਦੀ ਕਤਾਰ ਵਿੱਚ ਸ਼ਾਮਲ ਹੋ ਜਾਵੇਗਾ।

ਰੇਲਵੇ ਵਿਭਾਗ ਦੇ ਸਹਾਇਕ ਕਾਰਜਕਾਰੀ ਇੰਜਨੀਅਰ ਰਤਨ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਭਰੇ ਜਾਣ ਤੋਂ ਬਾਅਦ ਵੀਰਵਾਰ ਤੋਂ ਪੁਲ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੁਲ ’ਤੇ ਦਸ ਕਰੋੜ ਰੁਪਏ ਖਰਚ ਕੀਤੇ ਜਾਣਗੇ, ਜੋ ਕਿ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੁਲ ਦਾ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਲੋਕ ਨਿਰਮਾਣ ਵਿਭਾਗ ਦੇ ਜੇਈ ਲਖਬੀਰ ਸਿੰਘ ਨੇ ਦੱਸਿਆ ਕਿ ਉਕਤ ਪੁਲ ’ਤੇ ਕਰੀਬ 20.70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਜਿਸ ਵਿੱਚੋਂ 10 ਕਰੋੜ ਰੁਪਏ ਰੇਲਵੇ ਵਿਭਾਗ ਵੱਲੋਂ ਅਤੇ 10.70 ਕਰੋੜ ਰੁਪਏ ਲੋਕ ਨਿਰਮਾਣ ਵਿਭਾਗ ਵੱਲੋਂ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਕਾਫੀ ਕੰਮ ਮੁਕੰਮਲ ਹੋ ਚੁੱਕਾ ਹੈ। ਜਦੋਂਕਿ ਹੁਣ ਰੇਲਵੇ ਵਿਭਾਗ ਵੱਲੋਂ ਆਪਣੇ ਹਿੱਸੇ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

Written By
The Punjab Wire