ਗੁਰਦਾਸਪੁਰ, 18 ਨਵੰਬਰ। ਉੱਪ ਮੁੱਖ ਮੰਤਰੀ ਪੰਜਾਬ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਉਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਹ ਭਲਕੇ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਨਾਂ ਕਿਹਾ ਕਿ ਉਹ ਬਹੁਤ ਵਡਭਾਗੀ ਹਨ ਜਿਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਵਿੱਤਰ ਸਥਾਨ ਦੇ ਦਰਸ਼ਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ।
ਉਨਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਇਹ ਲਾਂਘਾ ਖੁੱਲਿਆ ਰਹਿਣਾ ਚਾਹੀਦਾ ਹੈ।
ਸ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਵੀ ਪੂਰੀ ਤਰਾਂ ਸਾਰਥਿਕ ਹਨ।
ਉਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਸ਼ਾਂਤਮਈ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸੱਦਾ ਦਿੱਤਾ। ਉਨਾਂ ਨੇ ਲੋਕਾ ਨੂੰ ਇਹ ਦਿਹਾੜਾ ਜਾਤ, ਰੰਗ, ਨਸਲ ਤੋਂ ਉਪਰ ਉਠ ਕੇ ਆਪਸੀ ਭਾਈਚਾਰੇ, ਮਿਲਵਰਤਨ ਅਤੇ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।