ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ, ਕਿਹਾ ਹੁਣ ਮੋਦੀ ਸਰਕਾਰ ਜਲਦ ਤੋਂ ਜਲਦ ਇਸ ਐਲਾਨ ਨੂੰ ਅਮਲੀਜਾਮਾ ਪਹਿਨਾਵੇ

ਬਟਾਲਾ, 19 ਨਵੰਬਰ ( ਮੰਨਣ ਸੈਣੀ) । ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਸਵਾਗਤ ਕਰਦਿਆਂ ਇਸਨੂੰ ਕਿਸਾਨਾਂ, ਪੰਜਾਬੀਆਂ ਅਤੇ ਸਮੁੱਚੇ ਦੇਸ਼ ਵਾਸੀਆਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਖਰ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਏਕੇ ਅੱਗੇ ਝੁੱਕਣਾ ਹੀ ਪਿਆ ਹੈ ਅਤੇ ਇਹ ਦੇਸ਼ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਲੋਕਤੰਤਰ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੇ ਕਾਲੇ ਕਨੂੰਨ ਬਿਨਾ ਸ਼ਰਤ ਵਾਪਸ ਲੈਣੇ ਪਏ ਹਨ, ਪਰ ਇਸ ਵੱਡੇ ਜੇਤੂ ਕਿਸਾਨ ਸੰਘਰਸ਼ ਵਿਚ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਤਿੰਨ ਕਾਲੇ ਕਾਨੂੰਨ ਪਾਸ ਹੀ ਨਾ ਕਰਦੀ ਤਾਂ ਅੱਜ ਸੈਂਕੜੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਦਿਆਂ ਆਪਣੀ ਜਾਨ ਨਾ ਗਵਾਉਣੀ ਪੈਂਦੀ।

ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਹੁਣ ਮੋਦੀ ਸਰਕਾਰ ਨੂੰ ਜਲਦ ਤੋਂ ਜਲਦ ਇਸ ਐਲਾਨ ਨੂੰ ਅਮਲੀਜਾਮਾ ਪਹਿਨਾਉਣਾ ਚਾਹੀਦਾ ਹੈ ਤਾਂ ਜੋਂ ਦਿੱਲੀ ਦੀਆਂ ਹੱਦਾਂ `ਤੇ ਬੈਠੇ ਕਿਸਾਨ ਆਪਣੇ ਘਰਾਂ ਨੂੰ ਪਰਤ ਸਕਣ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਜਲਦ ਮੰਨੇ। ਸ. ਬਾਜਵਾ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਪਾਰਟੀ ਦੀ ਸਲਾਹ ਪਹਿਲਾਂ ਹੀ ਮੰਨ ਲੈਂਦੇ ਤਾਂ ਮਸਲਾ ਹੱਲ ਹੋ ਜਾਣਾ ਸੀ ਤੇ ਕਿਸਾਨਾਂ ਨੂੰ ਸੰਘਰਸ਼ ਨਹੀਂ ਸੀ ਕਰਨਾ ਪੈਣਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਹਿਲੇ ਦਿਨ ਤੋਂ ਕਿਸਾਨ ਸੰਘਰਸ਼ ਦਾ ਸਮਰਥਨ ਕਰਦੀ ਆ ਰਹੀ ਸੀ ਅਤੇ ਉਹ ਕਿਸਾਨਾਂ ਦੀਆਂ ਮੰਗਾਂ ਦੇ ਬਿਲਕੁਲ ਹਾਮੀ ਸਨ। ਸ. ਬਾਜਵਾ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ’ਤੇ ਉਨ੍ਹਾਂ ਨੂੰ ਵੀ ਬਹੁਤ ਖੁਸ਼ੀ ਹੋਈ ਹੈ।

Exit mobile version