ਮੁੱਖ ਮੰਤਰੀ ਸਮਾਂ ਦੇਣ ਤੋਂ ਬਾਅਦ ਵੀ ਨਹੀਂ ਮਿਲੇ
ਗੁਰਦਾਸਪੁਰ,03 ਦਿਸੰਬਰ (ਮੰਨਣ ਸੈਣੀ)। ਸਿਹਤ ਵਿਭਾਗ ਵਿੱਚ ਐਨਐਚਐਮ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ’ਤੇ ਰੋਸ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਦੀ ਆਮਦ ਦਾ ਪਤਾ ਲੱਗਦਿਆਂ ਹੀ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਤੋਂ ਮੁਲਾਜ਼ਮ ਇਕੱਠੇ ਹੋਣੇ ਸ਼ੁਰੂ ਹੋ ਗਏ। ਜਿਵੇਂ ਹੀ ਪ੍ਰਸ਼ਾਸਨ ਨੂੰ ਮੁਲਾਜ਼ਮਾਂ ਦੇ ਰੋਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ।
ਪੁਲੀਸ ਨੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਕੌਰ, ਹਰਵਿੰਦਰ ਕੌਰ, ਡਾਕਟਰ ਵਿਮੁਕਤ, ਪੰਕਜ ਆਦਿ ਨੂੰ ਹਿਰਾਸਤ ਵਿੱਚ ਲੈ ਕੇ ਕਾਨਵਾਂ ਥਾਣੇ ਵਿੱਚ ਰੱਖਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮੁਲਾਕਾਤ ਦਾ ਸਮਾਂ ਦਿੱਤਾ। ਪਰ ਜਦੋਂ ਯੂਨੀਅਨ ਦੇ ਨੁਮਾਇੰਦੇ ਭੋਆ ਵਿੱਚ ਉਨ੍ਹਾਂ ਨੂੰ ਮਿਲਣ ਗਏ ਤਾਂ ਮੁੱਖ ਮੰਤਰੀ ਉਨ੍ਹਾਂ ਨੂੰ ਮਿਲੇ ਬਿਨਾਂ ਹੀ ਚਲੇ ਗਏ। ਅਜਿਹਾ ਪਹਿਲੀ ਵਾਰ ਨਹੀਂ ਹੋਇਆ, ਪਹਿਲਾਂ ਵੀ ਕਈ ਵਾਰ ਮੁੱਖ ਮੰਤਰੀ ਮਿਲਣ ਦਾ ਸਮਾਂ ਦਿੰਦੇ ਰਹੇ, ਪਰ ਮੁਲਾਕਾਤ ਨਹੀਂ ਹੋਈ।
ਪ੍ਰਧਾਨ ਡਾ.ਸੁਨੀਲ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਡਾ: ਸੰਗੀਤਾ ਰਾਣੀ, ਯੁੱਧਵੀਰ ਸਿੰਘ, ਜਗਵਿੰਦਰ ਸਿੰਘ, ਹਰਜਿੰਦਰ ਸਿੰਘ, ਸੰਦੀਪ ਕੁਮਾਰ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ |