ਪਿੰਡ ਵਾਲਿਆਂ ਨੇ ਵੱਡੀ ਸੰਖਿਆ ਵਿੱਚ ਪਹੁੰਚ ਕੇ ਸਹਿਯੋਗ ਦਾ ਭਰੋਸਾ ਦਵਾਇਆ
ਗੁਰਦਾਸਪੁਰ, 4 ਦਿਸੰਬਰ (ਮੰਨਣ ਸੈਣੀ)। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ ਆਪਣੇ ਪਿੰਡ ਬੱਬੇਹਾਲੀ ਤੋਂ ਕੀਤਾ ਗਿਆ। ਜਿਸਦੇ ਚੱਲਦੇ ਪਿੰਡ ਦੇ ਲੋਕਾਂ ਨੇ ਵੱਡੀ ਸੰਖਿਆ ਵਿੱਚ ਉਨ੍ਹਾਂ ਦੇ ਘਰ ਪਹੁੰਚ ਕੇ ਸਹਿਯੋਗ ਦਾ ਭਰੋਸਾ ਦਵਾਇਆ।
ਬੱਬੇਹਾਲੀ ਨੇ ਕਿਹਾ ਕਿ ਮੈਂ ਅੱਜ ਤੱਕ ਜਿੰਨ੍ਹੀਆਂ ਵੀ ਚੋਣਾਂ ਲੜੀਆਂ ਹਨ, ਉਸ ਵਿੱਚ ਪਿੰਡ ਦੇ ਲੋਕਾਂ ਨੇ ਮੇਰਾ ਪੂਰਾ ਸਾਥ ਦਿੱਤਾ ਹੈ। ਮੈਂ ਉਮੀਦ ਕਰਦਾ ਹਾਂ ਕਿ ਇਸ ਵਾਰ ਵੀ ਲੋਕ ਮੇਰਾ ਉਸੇ ਤਰ੍ਹਾਂ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ ਅਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਹਰ ਵਰਗ ਦੇ ਲੋਕਾਂ ਲਈ ਸਹੂਲਤਾਂ ਲਾਗੂ ਕੀਤੀਆਂ ਜਾਣਗੀਆਂ, ਜਦੋਂ ਕਿ ਮੌਜੂਦਾ ਕਾਂਗਰਸ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਤਾਂ ਆਈ ਗਈ, ਪਰ ਉਸ ਤੋਂ ਬਾਅਦ ਆਪਣਾ ਕੋਈ ਵੀ ਚੁਣਾਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸਦੇ ਚੱਲਦੇ ਹੁਣ ਲੋਕ ਕਾਂਗਰਸ ਨੂੰ ਸੱਤਾਂ ਤੋਂ ਚੱਲਦਾ ਕਰਨ ਲਈ ਬੇਸਬਰੀ ਨਾਲ ਚੋਣਾਂ ਦਾ ਇੰਤਜਾਰ ਕਰ ਰਹੇ ਹਨ।
ਬੱਬੇਹਾਲੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਦੋਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਇਸ ਵਾਰ ਵੀ ਪਾਰਟੀ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਇੰਨ ਬਿੰਨ ਲਾਗੂ ਕਰਦੇ ਹੋਏ ਹਰ ਵਰਗ ਦੇ ਲੋਕਾਂ ਨੂੰ ਵੱਡੀਆਂ ਰਾਹਤਾਂ ਦਿੱਤੀਆ ਜਾਣਗੀਆ।