NRHM ਮੁਲਾਜ਼ਮਾਂ ਨੇ ਦੀਨਾਨਗਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕਰ ਸਰਕਾਰ ਖਿਲਾਫ ਦੋ ਘੰਟੇ ਤੱਕ ਕੱਡੀ ਭੜਾਸ

ਕਿਹਾ ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰੇ, ਨਹੀਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਗੁਰਦਾਸਪੁਰ, 7 ਦਿਸੰਬਰ (ਮੰਨਣ ਸੈਣੀ)। ਐੱਨ.ਆਰ.ਐੱਚ.ਐੱਮ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੀਨਾਨਗਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਜਾਮ ਲਗਾ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ 18 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਪਰ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਦੂਜੇ ਪਾਸੇ ਹਾਈਵੇਅ ਜਾਮ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਈ ਲੋਕ ਮੁਲਾਜ਼ਮਾਂ ਨਾਲ ਉਲਝਦੇ ਵੀ ਦੇਖੇ ਗਏ। ਮੁਲਾਜ਼ਮਾਂ ਵੱਲੋਂ ਦੁਪਹਿਰ 12 ਵਜੇ ਤੋਂ ਦੋ ਵਜੇ ਤੱਕ ਚੱਕਾ ਜਾਮ ਲਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਪਠਾਨਕੋਟ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਐਨਆਰਐਚਐਮ ਮੁਲਾਜ਼ਮਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ।

ਮੀਤ ਪ੍ਰਧਾਨ ਜਸਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਰੋਨਾ ਦੌਰਾਨ ਸ਼ਾਨਦਾਰ ਸੇਵਾਵਾਂ ਦਿੱਤੀਆਂ ਗਈਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਸਰਕਾਰ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਗਏ। ਜਿਸ ਨੂੰ ਉਨ੍ਹਾਂ ਵੱਲੋਂ ਡੀਸੀ ਅਤੇ ਵਿਧਾਇਕਾਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੱਲ੍ਹ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਰੈਗੂਲਰ ਕੰਮ ਦੀ ਮੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੱਕ ਪਹੁੰਚਾ ਦਿੱਤੀ ਗਈ ਹੈ।

ਸੀਐਚਓ ਮੁਖੀ ਡਾ.ਸੁਨੀਲ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬਾ ਕਮੇਟੀ ਜੋ ਵੀ ਪ੍ਰੋਗਰਾਮ ਤੈਅ ਕਰੇਗੀ, ਉਸ ਵਿੱਚ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਡਾ: ਸੰਗੀਤਾ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪੰਕ ਕੁਮਾਰ, ਹਰਵਿੰਦਰ ਕੌਰ, ਨੀਤੂ ਸਿੰਘ, ਡਾ: ਰਾਜ਼ਦਾਨ, ਯੁੱਧਵੀਰ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ |

Exit mobile version