ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ
ਗੁਰਦਾਸਪੁਰ, 8 ਦਸੰਬਰ ( ਮੰਨਣ ਸੈਣੀ) । ਸ. ਬਰਿੰਦਰਮੀਤ ਸਿੰਘ ਪਾਹੜਾ, ਹਲਕਾ ਵਿਧਾਇਕ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ ਕੀਤੇ ਗਏ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੇ ਨਾਬਾਰਡ ਦੇ 27 ਬੀ ਪ੍ਰਾਜੈਕਟ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 274 ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ ਕੁੱਲ 8.25 ਕਰੋੜ ਰੁਪਏ ਦੀ ਰਾਸ਼ੀ ਸਬੰਧਤ ਜ਼ਿਲਾ ਸਿੱਖਿਆ ਦਫਤਰਾਂ ਦੇ ਖਾਤਿਆਂ ਵਿੱਚ ਸਿੱਧੀ ਭੇਜ ਦਿੱਤੀ ਗਈ ਹੈ ਅਤੇ ਵਿਭਾਗ ਵਲੋ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਹੀ ਤਰੀਕੇ ਨਾਲ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।
ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਵਚਨਬੱਧ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਗੁਣਾਤਮਕ ਸਿੱਖਿਆ ਉਤੇ ਜ਼ੋਰ ਦਿੱਤਾ ਗਿਆ। ਸਮਾਰਟ ਕਲਾਸ ਰੂਮ ਬਣਾਉਣ ਦੇ ਨਾਲ ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ, ਜਿਸ ਦੇ ਚੱਲਦਿਆਂ ਪੰਜਾਬ ਪੀ.ਜੀ.ਆਈ. ਸਕੋਰ ਵਿੱਚ ਭਾਰਤ ਦਾ ਨੰਬਰ ਇਕ ਸੂਬਾ ਬਣਿਆ। ਉਨ੍ਹਾਂ ਕਿਹਾ ਕਿ ਸੂਬਾ, ਸਿੱਖਿਆ ਖੇਤਰ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪੁਲਾਂਘਾ ਪੁੱਟੇਗਾ।